ਪੰਜਾਬ ਵਿੱਚ ਹੀ ਸਰਕਾਰੀ ਨੋਕਰੀਆਂ ਮਿਲਣ ਕਾਰਨ ਨੌਜਵਾਨਾਂ ਨੇ ਤਿਆਗਿਆ ਬਾਹਰ ਜਾਣ ਦਾ ਵਿਚਾਰ…….ਭਗਵੰਤ ਮਾਨ
ਪੰਜਾਬ, 8 ਮਾਰਚ 2024
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਚ ਨੌਕਰੀਆਂ ਮਿਲਣ ਕਾਰਨ ਨੌਜਵਾਨਾਂ ਨੇ ਹੁਣ ਵਿਦੇਸ਼ ਜਾਣ ਦਾ ਵਿਚਾਰ ਤਿਆਗ ਦਿੱਤਾ ਹੈ ਅਤੇ ਉਲਟਾ ਵਿਦੇਸ਼ ਗਏ ਨੌਜਵਾਨਾਂ ਵਿੱਚ ‘ਵਤਨ ਵਾਪਸੀ’ ਦਾ ਦੌਰ ਸ਼ੁਰੂ ਹੋ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਲਗਪਗ 43 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।
ਪੰਜਾਬ ਦੇ ਮੁੱਖ ਮੰਤਰੀ ਨੇ ਅੱਜ ਇੱਥੇ ਹੁਣ ਤੱਕ ਦੇ ਸਭ ਤੋਂ ਵੱਡੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ 2487 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪੇ ਜਿਸ ਨਾਲ ਪਿਛਲੇ ਦੋ ਸਾਲਾਂ ਵਿੱਚ ਲਗਭਗ 43000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।ਸੰਗਰੂਰ ਵਿੱਚ ਲੱਡਾ ਕੋਠੀ ਵਿਖੇ 2487 ਨੌਜਵਾਨਾਂ ਨੂੰ ਨੌਕਰੀ ਪੱਤਰ ਸੌਂਪਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿੱਚੋਂ 1750 ਨੌਜਵਾਨਾਂ ਨੂੰ ਗ੍ਰਹਿ ਵਿਭਾਗ, 205 ਨੂੰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ, 39 ਨੂੰ ਮਾਲ ਵਿਭਾਗ, 60 ਨੂੰ ਆਬਕਾਰੀ ਵਿਭਾਗ, 421 ਨੂੰ ਸਥਾਨਕ ਸਰਕਾਰਾਂ ਵਿਭਾਗ, ਚਾਰ ਨੌਜਵਾਨਾਂ ਨੂੰ ਸਹਿਕਾਰਤਾ ਵਿਭਾਗ ਵਿੱਚ ਅਤੇ ਅੱਠ ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਵਿਭਾਗ ਵਿੱਚ ਭਰਤੀ ਕੀਤਾ ਗਿਆ ਹੈ।