ਕਾਂਗਰਸ ਦੇ ਸਾਬਕਾ M.L.A ਗੁਰਪ੍ਰੀਤ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਲ
ਚੰਡੀਗੜ੍ਹ, 9 ਮਾਰਚ, 2024
ਪੰਜਾਬ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਬੱਸੀ ਪਠਾਣਾਂ ਤੋਂ ਪਾਰਟੀ ਦੇ ਸਾਬਕਾ ਵਿਧਾਇਕ ਅਤੇ ਫ਼ਤਹਿਗੜ੍ਹ ਸਾਹਿਬ ਤੋਂ ਜ਼ਿਲ੍ਹਾ ਕਾਂਗਰਸ ਪ੍ਰਧਾਨ ਗੁਰਪ੍ਰੀਤ ਸਿੰਘ ਜੀ.ਪੀ. ‘ਆਮ ਆਦਮੀ ਪਾਰਟੀ’ ਵਿੱਚ ਸ਼ਾਮਲ ਹੋ ਗਏ ਹਨ।
ਜੀ.ਪੀ. ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਹਾਜ਼ਰੀ ਵਿੱਚ ‘ਆਪ’ ਦਾ ਪੱਲਾ ਫ਼ੜਿਆ। ਉਨ੍ਹਾਂ ਆਖ਼ਿਆ ਕਿ ਉਨ੍ਹਾਂ ਨੇ ਇਹ ਫ਼ੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਚੰਗੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲਿਆ ਹੈ।
ਉਹ ਬੱਸੀ ਪਠਾਣਾਂ ਤੋਂ ਕਾਂਗਰਸ ਦੇ ਵਿਧਾਇਕ ਰਹੇ ਸਨ ਪਰ 2022 ਚੋਣਾਂ ਵਿੱਚ ਉਨ੍ਹਾਂ ਨੂੰ ਉਸ ਵੇਲੇ ਅਸੁਖ਼ਾਵੀਂ ਸਥਿਤੀ ਦਾ ਸਾਹਮਣਾ ਕਰਨਾ ਪਿਆ ਸੀ ਜਦ ਉਸ ਵੇਲੇ ਦੇ ਕਾਂਗਰਸੀ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਦੇ ਭਰਾ ਡਾ: ਮਨੋਹਰ ਸਿੰਘ ਬੱਸੀ ਪਠਾਣਾਂ ਤੋਂ ਅਜ਼ਾਦ ਉਮੀਦਵਾਰ ਵਜੋਂ ਮੈਦਾਨ ਵਿੱਚ ਨਿੱਤਰ ਆਏ ਸਨ।
ਇਸ ਚੋਣ ਦੌਰਾਨ ਬੱਸੀ ਪਠਾਣਾਂ ਤੋਂ ‘ਆਪ’ ਉਮੀਦਵਾਰ 54,018 ਵੋਟਾਂ ਲੈ ਕੇ ਜੇਤੂ ਰਹੇ ਸਨ। ਇਸ ਦੌਰਾਨ ਸ: ਜੀ.ਪੀ.ਨੂੰ 16177 ਅਤੇ ਡਾ: ਮਨੋਹਰ ਸਿੰਘ ਨੂੰ 13796 ਵੋਟ ਮਿਲੇ ਸਨ।
ਸਮਝਿਆ ਜਾਂਦਾ ਹੈ ਕਿ ‘ਆਮ ਆਦਮੀ ਪਾਰਟੀ’ ਸ: ਗੁਰਪ੍ਰੀਤ ਸਿੰਘ ਜੀ.ਪੀ.ਨੂੰ ਫ਼ਤਹਿਗੜ੍ਹ ਸਾਹਿਬ ਤੋਂ ਪਾਰਲੀਮਾਨੀ ਚੋਣਾਂ ਲਈ ਪਾਰਟੀ ਦਾ ਉਮੀਦਵਾਰ ਬਣਾ ਸਕਦੀ ਹੈ।