ਕੇਂਦਰ ਸਰਕਾਰ ਦਾ ਵੱਡਾ ਫੈਸਲਾ – ਅੱਜ ਰਾਤ ਤੋਂ ਨਾਗਰਿਕਤਾ ਕਾਨੂੰਨ CAA ਲਾਗੂ

ਨਵੀਂ ਦਿੱਲੀ,11 ਮਾਰਚ 2024

ਕੇਂਦਰ ਦੀ ਮੋਦੀ ਸਰਕਾਰ ਨੇ ਦੇਸ਼ ਵਿੱਚ ਨਾਗਰਿਕਤਾ ਸੋਧ ਕਾਨੂੰਨ (CAA) ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਹੁਣ ਦੇਸ਼ ਵਿੱਚ CAA ਲਾਗੂ ਹੋ ਗਿਆ ਹੈ। ਇਸ ਕਾਨੂੰਨ ਦੇ ਜ਼ਰੀਏ 2014 ਤੋਂ ਪਹਿਲਾਂ ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਤੋਂ ਆਏ ਗੈਰ-ਮੁਸਲਿਮ ਸ਼ਰਨਾਰਥੀ ਭਾਰਤੀ ਨਾਗਰਿਕਤਾ ਹਾਸਲ ਕਰ ਸਕਦੇ ਹਨ। ਇਨ੍ਹਾਂ ਦੇਸ਼ਾਂ ਵਿਚ ਸਿੱਖ, ਹਿੰਦੂ, ਜੈਨ, ਪਾਰਸੀ, ਬੋਧੀ ਅਤੇ ਈਸਾਈ ਭਾਈਚਾਰੇ ਦੇ ਪਰਵਾਸੀਆਂ ਨੂੰ ਭਾਰਤੀ ਨਾਗਰਿਕਤਾ ਦੇਣ ਦੀ ਗੱਲ ਕਹੀ ਗਈ ਹੈ।

ਇਸ ਦੇ ਲਈ ਨਾਗਰਿਕਤਾ ਕਾਨੂੰਨ 1955 ਵਿੱਚ ਸੋਧ ਕੀਤੀ ਗਈ ਹੈ। ਬਿੱਲ ਵਿਚ ਕਿਹਾ ਗਿਆ ਹੈ ਕਿ ਪਾਕਿਸਤਾਨ, ਅਫਗਾਨਿਸਤਾਨ ਅਤੇ ਬੰਗਲਾਦੇਸ਼ ਵਿਚ ਧਾਰਮਿਕ ਅੱਤਿਆਚਾਰ ਤੋਂ ਤੰਗ ਆ ਕੇ 31 ਦਸੰਬਰ 2014 ਤੋਂ ਪਹਿਲਾਂ ਭਾਰਤ ਵਿਚ ਸ਼ਰਨ ਲੈਣ ਵਾਲੇ ਸਾਰੇ ਗੈਰ-ਮੁਸਲਿਮ ਲੋਕਾਂ ਨੂੰ ਭਾਰਤੀ ਨਾਗਰਿਕਤਾ ਦਿੱਤੀ ਜਾਵੇਗੀ।

ਦਸੰਬਰ 2019 ਵਿੱਚ ਪਾਸ ਕੀਤੇ ਗਏ ਨਾਗਰਿਕਤਾ ਸੋਧ ਕਾਨੂੰਨ ਨੂੰ 9 ਦਸੰਬਰ ਨੂੰ ਲੋਕ ਸਭਾ ਵਿੱਚ ਪੇਸ਼ ਕੀਤਾ ਗਿਆ ਸੀ। ਇਸ ਦੇ ਹੱਕ ਵਿੱਚ 311 ਅਤੇ ਵਿਰੋਧ ਵਿੱਚ 80 ਵੋਟਾਂ ਪਈਆਂ। ਇਸੇ ਤਰ੍ਹਾਂ ਰਾਜ ਸਭਾ ਵਿੱਚ ਸੀਏਏ ਦੇ ਪੱਖ ਵਿੱਚ 125 ਅਤੇ ਵਿਰੋਧ ਵਿੱਚ 105 ਵੋਟਾਂ ਪਈਆਂ। ਇਸ ਤੋਂ ਬਾਅਦ ਰਾਸ਼ਟਰਪਤੀ ਦੁਆਰਾ ਇਸ ਬੋਰਡ ਨੂੰ 12 ਦਸੰਬਰ ਨੂੰ ਮਨਜ਼ੂਰੀ ਮਿਲ ਗਈ ਸੀ ਪਰ ਸਰਕਾਰ ਨੇ ਇਸ ਨੂੰ ਨੋਟੀਫਾਈ ਨਹੀਂ ਕੀਤਾ। ਉਸ ਸਮੇਂ ਦੇਸ਼ ਭਰ ‘ਚ ਇਸ ਕਾਨੂੰਨ ਵਿਰੁੱਧ ਕਾਫੀ ਵਿਰੋਧ ਪ੍ਰਦਰਸ਼ਨ ਹੋਏ ਸਨ। ਮੁਸਲਿਮ ਸੰਗਠਨ ਨੇ ਇਸ ਦਾ ਪੁਰਜ਼ੋਰ ਵਿਰੋਧ ਕੀਤਾ ਸੀ।