ਪੰਜਾਬ ਵਿੱਚ ਲੋਕ ਸਭਾ ਮੁਹਿੰਮ “ਖੁਸ਼ਹਾਲ ਪੰਜਾਬ ਤੇ ਵਧੇਗੀ ਸ਼ਾਨ” ਭਗਵੰਤ ਮਾਨ
ਚੰਡੀਗੜ੍ਹ,12 ਮਾਰਚ 2024
ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਲੋਕ ਸਭਾ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਇਸ ਮੁਹਿੰਮ ਨੂ ਸੰਸਦ ਵਿੱਚ ਵੀ ਭਗਵੰਤ ਮਾਨ, ਖੁਸ਼ਹਾਲ ਪੰਜਾਬ ਤੇ ਵਧੇਗੀ ਸ਼ਾਨ ਦਾ ਨਾਂ ਦਿੱਤਾ ਗਿਆ ਹੈ।
ਸੋਮਵਾਰ ਨੂੰ ਮੋਹਾਲੀ ‘ਚ ਕਰਵਾਏ ਗਏ ਇਕ ਸਮਾਗਮ ਵਿੱਚ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ। ਸਮਾਗਮ ਵਿੱਚ ਵੱਖ-ਵੱਖ ਜ਼ਿਲ੍ਹਿਆਂ ਤੋਂ ‘ਆਪ’ ਦੇ ਹਜ਼ਾਰਾਂ ਵਰਕਰਾਂ ਤੇ ਹੋਰ ਅਧਿਕਾਰੀਆਂ ਨੇ ਵੀ ਸ਼ਮੂਲੀਅਤ ਕੀਤੀ।
ਸਮਾਗਮ ਵਿੱਚ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਸੂਬੇ ਦੀਆਂ ਸਾਰੀਆਂ 13 ਸੀਟਾਂ ‘ਤੇ ਜਿੱਤ ਦਿਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜਦੋਂ ਸੂਬੇ ਦੇ ਸਾਰੇ ਸੰਸਦ ਮੈਂਬਰ ਸਾਡੇ ਹੋਣਗੇ ਤਾਂ ਕੇਂਦਰ ਸਰਕਾਰ ਪੰਜਾਬ ਦੇ ਫੰਡ ਨਹੀਂ ਰੋਕ ਸਕੇਗੀ । ਜੇਕਰ 13 ਸਾਂਸਦ ਜਿੱਤ ਜਾਂਦੇ ਹਨ ਤਾਂ ਸਾਡੇ ਹੱਥ ਅਤੇ ਹੌਂਸਲੇ ਮਜ਼ਬੂਤ ਹੋਣਗੇ।ਮਾਨ ਨੇ ਅਰਵਿੰਦ ਕੇਜਰੀਵਾਲ ਨੂੰ ਭਰੋਸਾ ਦਿੱਤਾ ਕਿ ਅਸੀਂ 13 ਵਿੱਚੋਂ 13 ਸੀਟਾਂ ਜਿੱਤ ਕੇ ਤੁਹਾਡੀ ਝੋਲੀ ਵਿੱਚ ਪਾਵਾਗੇ।
ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਲੋਕਾਂ ਦੀ ਤਰੱਕੀ ਲਈ ਦਿਨ-ਰਾਤ ਕੰਮ ਕਰ ਰਹੇ ਹਾਂ। 16 ਮਾਰਚ 2022 ਤੋਂ ਸਰਕਾਰ ਬਣਨ ਤੋਂ ਬਾਅਦ ਇੱਕ ਵੀ ਦਿਨ ਅਜਿਹਾ ਨਹੀਂ ਲੰਘਿਆ ਕਿ ਅਸੀਂ ਲੋਕਾਂ ਕੋਲ ਨਾ ਗਏ ਹੋਵੇ।
ਅਸੀਂ ਇੱਕ ਥਰਮਲ ਪਲਾਂਟ ਖਰੀਦਿਆ। ਆਪਣੀ ਕੋਲ ਖਾਣ ਚਲਾਈ। 42000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ। ਬਿਜਲੀ ਮੁਫਤ ਕੀਤੀ। ਸਕੂਲ ਆਫ਼ ਐਮੀਨੈਂਸ ਅਤੇ ਮੁਹੱਲਾ ਕਲੀਨਿਕ ਬਣਾਏ।ਬਜ਼ੁਰਗਾਂ ਲਈ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ। ਸ਼ਹੀਦਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦਿੱਤੇ ਜਾ ਰਹੇ ਹਨ। ਅਗਨੀਵੀਰ ਸੈਨਿਕ, ਜਿਨ੍ਹਾਂ ਨੂੰ ਕੇਂਦਰ ਸਰਕਾਰ ਵੀ ਸ਼ਹੀਦ ਨਹੀਂ ਮੰਨਦੀ, ਅਸੀਂ ਉਨ੍ਹਾਂ ਦੇ ਸ਼ਹੀਦ ਪਰਿਵਾਰਾਂ ਨੂੰ 1 ਕਰੋੜ ਰੁਪਏ ਵੀ ਦੇ ਰਹੇ ਹਾਂ। ਇਸ ਤੋਂ ਇਲਾਵਾ ਆਮ ਲੋਕਾਂ ਅਤੇ ਕਾਰੋਬਾਰੀਆਂ ਦੀ ਸਹੂਲਤ ਲਈ ਐਨ.ਓ.ਸੀ. ਦੀ ਸ਼ਰਤ ਖਤਮ ਕੀਤੀ।
ਮਾਨ ਨੇ ਭਾਜਪਾ ਅਤੇ ਕੇਂਦਰ ਸਰਕਾਰ ‘ਤੇ ਵੀ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਭਾਜਪਾ ਜਾਣਦੀ ਹੈ ਕਿ ਉਹ ਪੰਜਾਬ ਵਿੱਚ ਜਿੱਤ ਨਹੀਂ ਸਕਦੀ ਇਸ ਲਈ ਉਹ ਪੰਜਾਬ ਤੋਂ ਨਫ਼ਰਤ ਕਰਦੀ ਹੈ।ਉਹ ਨਹੀਂ ਚਾਹੁੰਦੇ ਕਿ ਪੰਜਾਬ ਤਰੱਕੀ ਕਰੇ। ਉਹ ਰਾਜਪਾਲ ਰਾਹੀਂ ਸਾਨੂੰ ਪਰੇਸ਼ਾਨ ਕਰਨ ਦੀ ਕੋਸ਼ਿਸ਼ ਕਰਦੇ ਹਨ। ਕੇਂਦਰ ਸਰਕਾਰ ਨੇ ਪੰਜਾਬ ਦੇ 8500 ਕਰੋੜ ਰੁਪਏ ਦੇ ਫੰਡ ਰੋਕ ਲਏ ਹਨ। ਸਾਢੇ ਪੰਜ ਹਜ਼ਾਰ ਕਰੋੜ ਰੁਪਏ ਸਿਰਫ਼ ਆਰਡੀਐਫ ਦੇ ਹਨ, ਜਿਸ ਪੈਸੇ ਨਾਲ ਮੰਡੀਆਂ ਅਤੇ ਉਨ੍ਹਾਂ ਨਾਲ ਜੁੜੀਆਂ ਸੜਕਾਂ ਨੂੰ ਅਪਗ੍ਰੇਡ ਕੀਤਾ ਗਿਆ ਹੈ।
ਮਾਨ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਉਨ੍ਹਾਂ ਦੀ ਗਲਤੀ ਕਾਰਨ ਹੀ ਇਹ ਪੈਸਾ ਰੁਕਿਆ ਹੋਇਆ ਹੈ।
ਮਾਨ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਅਕਾਲੀ ਆਗੂ ਪਰਮਿੰਦਰ ਸਿੰਘ ਢੀਡਸਾ ‘ਤੇ ਵੀ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਇਹ ਲੋਕ ਪੰਜਾਬ ਅਤੇ ਪੰਥ ਨੂੰ ਬਚਾਉਣ ਲਈ ਇਕੱਠੇ ਨਹੀਂ ਹੋਏ ਹਨ।
ਇਹ ਪਰਿਵਾਰ ਆਪਣੇ ਆਪ ਨੂੰ ਬਚਾਉਣ ਲਈ ਇਕੱਠੇ ਹੋਏ ਹਨ। ਹੁਣ ਪੰਜਾਬ ਦੇ ਲੋਕ ਉਨ੍ਹਾਂ ਨੂੰ ਕੋਈ ਅਹਿਮੀਅਤ ਨਹੀਂ ਦੇਣ ਵਾਲੇ ਹਨ। ਸੁਖਬੀਰ ਬਾਦਲ ਦੀ ਪੰਜਾਬ ਬਚਾਓ ਯਾਤਰਾ ‘ਤੇ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਯਾਤਰਾ ਸਿਰਫ ਕੁਰਸੀ ਅਤੇ ਪਰਿਵਾਰ ਲਈ ਹੈ। ਉਨ੍ਹਾਂ ਦਾ ਦੇਸ਼ ਅਤੇ ਪੰਜਾਬ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।