ਦਿੱਲੀ ਰਾਮਲੀਲਾ ਮੈਦਾਨ ਵਿੱਚ ਕਿਸਾਨਾਂ ਨੇ ਮਹਾਪੰਚਾਇਤ ਵਿੱਚ ਇੱਕਠੇ ਹੋ ਕੇ ਕੇਂਦਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਕਿਸਾਨ ਅਦੋਲਨ:14 ਮਾਰਚ 2024

ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਕਿਸਾਨਾਂ ਦੀ ਮਹਾਪੰਚਾਇਤ’ਚ ਹਿੱਸਾ ਲੈਣ ਲਈ ਵੱਡੀ ਗਿਣਤੀ ‘ਚ ਕਿਸਾਨ ਦਿੱਲੀ ਪਹੁੰਚੇ। ਹੱਥਾਂ ਵਿੱਚ ਜਥੇਬੰਦੀ ਦੇ ਝੰਡੇ ਲੈ ਕੇ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਵੀ ਸ਼ਾਮਲ ਹੋਈਆਂ। ਕਿਸਾਨਾਂ ਨੂੰ ਪੁਲਿਸ ਅਤੇ ਐਮਸੀਡੀ ਨੇ ਟਰੈਕਟਰਾਂ ਅਤੇ ਹਥਿਆਰਾਂ ਤੋਂ ਬਿਨਾਂ ਰਾਮਲੀਲਾ ਮੈਦਾਨ ਵਿਚ ਇਕੱਠੇ ਹੋਣ ਦੀ ਇਜਾਜ਼ਤ ਦਿਤੀ ਗਈ ਸੀ।

ਕਿਸਾਨਾਂ ਦੀ ਮਹਾਪੰਚਾਇਤ ਨੂੰ ਲੈ ਕੇ ਦਿੱਲੀ ਪੁਲਿਸ ਨੇ ਵੀ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਰਾਮਲੀਲਾ ਮੈਦਾਨ ਵਿਚ ਕਿਸਾਨਾਂ ਨੇ ਕੇਂਦਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨਾਂ ਦੀ ਮਹਾਪੰਚਾਇਤ ਕਾਰਨ ਦਿੱਲੀ ‘ਚ ਕਈ ਥਾਵਾਂ ‘ਤੇ ਟ੍ਰੈਫਿਕ ਜਾਮ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ। ਇਸ ਨਾਲ ਆਮ ਲੋਕਾਂ ਨੂੰ ਵੀ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਕਿਸਾਨਾਂ ਦੀ ਮਹਾਂਪੰਚਾਇਤ ਕਾਰਨ ਵੱਡੀ ਗਿਣਤੀ ਵਿਚ ਸੁਰੱਖਿਆ ਬਲ ਵੀ ਤਾਇਨਾਤ ਕੀਤੇ ਗਏ ।

ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਮੀਟਿੰਗ ਵਿੱਚ ਸਾਰੇ ਲੋਕ ਦਿੱਲੀ ਵਿੱਚ ਸ਼ਾਮਲ ਸਨ। ਇਸ ਨਾਲ ਸਰਕਾਰ ਨੂੰ ਸੰਦੇਸ਼ ਦਿਤਾ ਗਿਆ ਕਿ ਦੇਸ਼ ਦੇ ਕਿਸਾਨ ਇਕ ਹਨ। ਟਿਕੈਤ ਨੇ ਸਰਕਾਰ ‘ਤੇ ਦੋਸ਼ ਲਗਾਇਆ ਹੈ ਕਿ ‘ਸਰਕਾਰ ਕਿਸਾਨਾਂ ਤੋਂ ਜ਼ਮੀਨ ਖੋਹ ਕੇ ਉਨ੍ਹਾਂ ਨੂੰ ਮਜ਼ਦੂਰ ਬਣਾਉਣਾ ਚਾਹੁੰਦੀ ਹੈ। ਟਿਕੈਤ ਨੇ ਕਿਹਾ ਹੈ ਕਿ ਜਿਸ ਤਰ੍ਹਾਂ ਬਿਹਾਰ ਨੂੰ ਬਰਬਾਦ ਕੀਤਾ ਹੈ, ਉਸੇ ਤਰ੍ਹਾਂ ਉਹ ਪੂਰੇ ਦੇਸ਼ ਨੂੰ ਬਰਬਾਦ ਕਰਨਾ ਚਾਹੁੰਦੇ ਹਨ। ਬਿਹਾਰ ਵਿੱਚ ਮੰਡੀਆਂ ਬੰਦ ਕਰ ਦਿਤੀਆਂ ਗਈਆਂ ਅਤੇ ਉਥੋਂ ਦੇ ਕਿਸਾਨਾਂ ਨੂੰ ਮਜ਼ਦੂਰ ਬਣਾਇਆ ਜਾ ਰਿਹਾ ਹੈ, ਕਿਸਾਨ ਆਪਣੀ ਜ਼ਮੀਨ ਨਹੀਂ ਦੇਣਗੇ।