ਪਟਵਾਰੀ ਨੂੰ ਕੀਤਾ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ
ਪੰਜਾਬੀ ਨਿਊਜ਼ – 20 ਮਾਰਚ 2024
ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਬਠਿੰਡਾ ਦੇ ਰਾਮਪੁਰਾ ਫੂਲ ਵਿਚ ਤਾਇਨਾਤ ਇਕ ਮਾਲ ਪਟਵਾਰੀ ਬਲਜੀਤ ਸਿੰਘ ਨੂੰ 4 ਹਜ਼ਾਰ ਰੁਪਏ ਕਥਿਤ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮਾਲ ਪਟਵਾਰੀ ਵਿਰੁੱਧ ਇਹ ਕੇਸ ਬਠਿੰਡਾ ਜ਼ਿਲ੍ਹੇ ਦੇ ਪਿੰਡ ਪਿੱਥੋ ਦੇ ਵਸਨੀਕ ਇਕਬਾਲ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਆਪਣੀ ਜੱਦੀ ਜ਼ਮੀਨ ਦੀ ‘ਵਿਰਾਸਤ ਇੰਤਕਾਲ’ ਦਰਜ ਕਰਵਾਉਣ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਸੌਦਾ 6 ਹਜ਼ਾਰ ਰੁਪਏ ਵਿਚ ਤੈਅ ਹੋਇਆ।
ਪਟਵਾਰੀ ਪਹਿਲਾਂ ਹੀ 2 ਹਜ਼ਾਰ ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੇ ਬਕਾਇਆ 4 ਹਜ਼ਾਰ ਰੁਪਏ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।