ਪਤੰਜਲੀ ਨੇ ਗੁੰਮਰਾਹ ਕਰਨ ਵਾਲੇ ਵਿਗਿਆਪਨਾ ਤੇ ਸੁਪਰੀਮ ਕੋਰਟ ਤੋਂ ਬਿਨਾਂ ਸ਼ਰਤ ਮਾਫ਼ੀ ਮੰਗੀ।

21 ਮਾਰਚ 2024

ਪਤੰਜਲੀ ਆਯੁਰਵੇਦ ਵਲੋਂ ਕਥਿਤ ਤੌਰ ’ਤੇ ਗੁੰਮਰਾਹਕੁੰਨ ਇਸ਼ਤਿਹਾਰਬਾਜ਼ੀ ਨੂੰ ਲੈ ਕੇ ਸੁਪਰੀਮ ਕੋਰਟ ‘ਚ ਚੱਲ ਰਹੇ ਮਾਮਲੇ ‘ਚ ਕੰਪਨੀ ਨੇ ਹੁਣ ਅਪਣੀ ਗਲਤੀ ਲਈ ਮੁਆਫੀ ਮੰਗ ਲਈ ਹੈ। ਪਤੰਜਲੀ ਆਯੁਰਵੇਦ ਅਤੇ ਇਸ ਦੇ ਐਮਡੀ ਆਚਾਰੀਆ ਬਾਲਕ੍ਰਿਸ਼ਨ ਨੇ ਗੁੰਮਰਾਹਕੁੰਨ ਅਤੇ ਧੋਖੇਬਾਜ਼ ਦਵਾਈਆਂ ਦੇ ਇਸ਼ਤਿਹਾਰ ਦੇਣ ਲਈ ਸੁਪਰੀਮ ਕੋਰਟ ਤੋਂ ਬਿਨਾਂ ਸ਼ਰਤ ਮੁਆਫੀ ਮੰਗੀ ਹੈ।

ਇਸ ਮੁਆਫ਼ੀਨਾਮੇ ਵਿਚ ਇਸ਼ਤਿਹਾਰ ਦੁਬਾਰਾ ਨਾ ਪ੍ਰਸਾਰਿਤ ਕਰਨ ਦਾ ਵਾਅਦਾ ਵੀ ਕੀਤਾ ਗਿਆ ਹੈ। ਆਚਾਰੀਆ ਬਾਲਕ੍ਰਿਸ਼ਨ ਦਾ ਕਹਿਣਾ ਹੈ ਕਿ ਕੰਪਨੀ ਦੇ ਮੀਡੀਆ ਵਿਭਾਗ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਦੀ ਜਾਣਕਾਰੀ ਨਹੀਂ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਦਾ ਉਦੇਸ਼ ਨਾਗਰਿਕਾਂ ਨੂੰ ਪਤੰਜਲੀ ਉਤਪਾਦਾਂ ਦਾ ਸੇਵਨ ਕਰਕੇ ਸਿਹਤਮੰਦ ਜੀਵਨ ਜਿਊਣ ਲਈ ਉਤਸ਼ਾਹਿਤ ਕਰਨਾ ਸੀ।

ਅਦਾਲਤ ਨੇ ਰਾਮਦੇਵ ਅਤੇ ਪਤੰਜਲੀ ਦੇ ਐਮਡੀ ਆਚਾਰੀਆ ਬਾਲਕ੍ਰਿਸ਼ਨ ਨੂੰ ਪਤੰਜਲੀ ਆਯੁਰਵੇਦ ਦੇ ਗੁੰਮਰਾਹਕੁੰਨ ਦਵਾਈ ਦੇ ਇਸ਼ਤਿਹਾਰ ਮਾਮਲੇ ਵਿਚ 2 ਅਪ੍ਰੈਲ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਕਿਹਾ ਹੈ। ਕੰਪਨੀ ਅਤੇ ਅਚਾਰੀਆ ਬਾਲਕ੍ਰਿਸ਼ਨ ਨੇ ਨੋਟਿਸ ਦਾ ਜਵਾਬ ਦਾਇਰ ਨਹੀਂ ਕੀਤਾ, ਜਿਸ ਕਾਰਨ ਇਹ ਹੁਕਮ ਜਾਰੀ ਕੀਤਾ ਗਿਆ ਸੀ।

ਸੁਪਰੀਮ ਕੋਰਟ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੁਆਰਾ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰ ਰਿਹਾ ਸੀ। ਇਸ ਵਿਚ ਕਿਹਾ ਗਿਆ ਹੈ ਕਿ ਪਤੰਜਲੀ ਨੇ ਕੋਵਿਡ ਟੀਕਾਕਰਨ ਅਤੇ ਐਲੋਪੈਥੀ ਦੇ ਵਿਰੁਧ ਨਕਾਰਾਤਮਕ ਪ੍ਰਚਾਰ ਕੀਤਾ। ਇਸ ਦੇ ਨਾਲ ਹੀ ਉਸ ਨੇ ਅਪਣੀਆਂ ਆਯੁਰਵੈਦਿਕ ਦਵਾਈਆਂ ਨਾਲ ਕੁੱਝ ਬੀਮਾਰੀਆਂ ਠੀਕ ਕਰਨ ਦਾ ਝੂਠਾ ਦਾਅਵਾ ਕੀਤਾ।