ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ਼ 31 ਮਾਰਚ ਨੂੰ ਸੜਕਾਂ ਤੇ ਉਤਰੇਗਾ INDIA ਗਠਜੋੜ।
ਨਵੀਂ ਦਿੱਲੀ – 24 ਮਾਰਚ 2024
ਇੰਡੀਆ ਗਠਜੋੜ ਦੇ ਆਗੂਆਂ ਨੇ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕੀਤੀ। ਇਸ ਸਬੰਧੀ ‘ਆਪ’ ਆਗੂ ਗੋਪਾਲ ਰਾਏ ਨੇ ਕਿਹਾ ਕਿ ਕੇਂਦਰ ਸਰਕਾਰ ਵਿਧਾਇਕਾਂ ਦੀ ਖਰੀਦੋ ਫਰੋਖਤ ਕਰ ਕੇ ਲੋਕਾਂ ਨੂੰ ਡਰਾ ਧਮਕਾ ਕੇ ਸਮੁੱਚੀ ਵਿਰੋਧੀ ਧਿਰ ਨੂੰ ਚੁੱਪ ਕਰਾ ਰਹੀ ਹੈ। ਜੋ ਝੁਕਣ ਨੂੰ ਤਿਆਰ ਨਹੀਂ ਉਹਨਾਂ ‘ਤੇ ਝੂਠੇ ਕੇਸ ਦਰਜ ਕਰਕੇ ਉਹਨਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ।
ਗੋਪਾਲ ਰਾਏ ਨੇ ਕਿਹਾ ਕਿ ਜੇਕਰ ਕਾਂਗਰਸ ਵਰਗੀ ਵੱਡੀ ਪਾਰਟੀ ਦਾ ਖਾਤਾ ਜ਼ਬਤ ਕੀਤਾ ਜਾ ਸਕਦਾ ਹੈ ਤਾਂ ਉਨ੍ਹਾਂ ਨੂੰ ਜੋ ਚੰਦਾ ਨਹੀਂ ਦੇਵੇਗਾ ਉਸ ਕਾਰੋਬਾਰੀ ਦਾ ਖਾਤਾ ਵੀ ਜ਼ਬਤ ਕੀਤਾ ਜਾਵੇਗਾ। ਹਰ ਕਿਸੇ ਦੀ ਆਵਾਜ਼ ਨੂੰ ਦਬਾਇਆ ਜਾਵੇਗਾ। ਇਨ੍ਹਾਂ ਵਿਰੁੱਧ ਸੰਘਰਸ਼ ਤੇਜ਼ ਕਰਨ ਲਈ ਅਸੀਂ 31 ਮਾਰਚ ਨੂੰ ਸਵੇਰੇ 10 ਵਜੇ ਰਾਮਲੀਲਾ ਮੈਦਾਨ ਵਿਖੇ ਵਿਸ਼ਾਲ ਰੈਲੀ ਕਰਾਂਗੇ। ਸਾਰੀ ਦਿੱਲੀ ਨੂੰ ਇੱਕਜੁੱਟ ਹੋਣ ਦੀ ਅਪੀਲ ਹੈ।
ਇਸ ਦੇ ਨਾਲ ਹੀ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਅੱਜ ਆਪਣੀ ਪਹਿਲੀ ਵੱਡੀ ਮੀਟਿੰਗ ਕਰ ਰਹੀ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਪਾਰਟੀ ਦੇ ਜਨਰਲ ਸਕੱਤਰ ਸੰਦੀਪ ਪਾਠਕ ਕਰ ਰਹੇ ਹਨ। ਇਸ ਵਿੱਚ ਪਾਰਟੀ ਦੀ ਭਵਿੱਖੀ ਰਣਨੀਤੀ ਤੈਅ ਕੀਤੀ ਜਾਵੇਗੀ। ਦਿੱਲੀ ਕਾਂਗਰਸ ਦੇ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਨੇ ਕਿਹਾ ਕਿ ਇਹ ਰੈਲੀ ਸਿਆਸੀ ਰੈਲੀ ਨਹੀਂ ਹੋਵੇਗੀ। ਇਹ ਰੈਲੀ ਭਾਰਤ ਦੇ ਲੋਕਤੰਤਰ ਨੂੰ ਬਚਾਉਣ ਲਈ ਸੰਘਰਸ਼ ਦਾ ਸੱਦਾ ਦੇਵੇਗੀ।
‘ਆਪ’ ਆਗੂ ਆਤਿਸ਼ੀ ਨੇ ਕਿਹਾ ਕਿ 31 ਮਾਰਚ ਨੂੰ ਰਾਮਲੀਲਾ ਮੈਦਾਨ ‘ਚ ਹੋਣ ਵਾਲੀ ਭਾਰਤੀ ਗਠਜੋੜ ਦੀ ‘ਮਹਾਂ ਰੈਲੀ’ ਅਰਵਿੰਦ ਕੇਜਰੀਵਾਲ ਨੂੰ ਬਚਾਉਣ ਲਈ ਨਹੀਂ, ਸਗੋਂ ਲੋਕਤੰਤਰ ਨੂੰ ਬਚਾਉਣ ਲਈ ਕੀਤੀ ਜਾ ਰਹੀ ਹੈ। ਵਿਰੋਧੀ ਧਿਰਾਂ ਨੂੰ ਇੱਕ ਤਰਫ਼ਾ ਹਮਲਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰੈੱਸ ਕਾਨਫਰੰਸ ‘ਚ ‘ਆਪ’ ਨੇਤਾ ਗੋਪਾਲ ਰਾਏ ਨੇ ਕਿਹਾ ਕਿ ਸਰਕਾਰ ਕਹਿ ਰਹੀ ਹੈ ਕਿ ਕੇਜਰੀਵਾਲ ਨੂੰ ਇਸ ਲਈ ਗ੍ਰਿਫ਼ਤਾਰ ਕੀਤਾ ਗਿਆ ਕਿਉਂਕਿ ਉਸ ਨੇ ਭ੍ਰਿਸ਼ਟਾਚਾਰ ਕੀਤਾ ਹੈ ਪਰ ਉਹਨਾਂ ਦੇ ਦੋਸ਼ਾਂ ਨੂੰ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤਾ ਸੀ।