ਸੁਖਬੀਰ ਸਿੰਘ ਬਾਦਲ ਦਾ ਲੋਕ ਸਭਾ ਚੋਣਾਂ ਨਾ ਲੜਨ ਦਾ ਵੱਡਾ ਐਲਾਨ।

ਪੰਜਾਬ ਨਿਊਜ਼,2 ਅਪ੍ਰੈਲ 2024

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਉਹ ਆਉਣ ਵਾਲੀਆਂ ਲੋਕ ਸਭਾ ਚੋਣਾਂ ਨਹੀਂ ਲੜਨਗੇ। ਬਾਦਲ ਨੇ ਇਹ ਐਲਾਨ ਅੱਜ ਇੱਥੇ ਪਾਰਟੀ ਆਗੂਆਂ, ਜ਼ਿਲ੍ਹਾ ਪਾਰਟੀ ਪ੍ਰਧਾਨਾਂ  ਨਾਲ ਸੂਬਾਈ ਸੰਸਦੀ ਸੀਟ ਲਈ ਉਮੀਦਵਾਰਾਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਚੱਲੀ ਮੀਟਿੰਗ ਤੋਂ ਬਾਅਦ ਕੀਤਾ।

ਫ਼ਿਰੋਜ਼ਪੁਰ ਤੋਂ ਲੋਕ ਸਭਾ ਮੈਂਬਰ ਰਹੇ ਬਾਦਲ ਨੂੰ ਜਦੋਂ ਇਹ ਪੁੱਛਿਆ ਗਿਆ ਕਿ ਕੀ ਉਹ ਲੋਕ ਸਭਾ ਚੋਣਾਂ ਲੜਨਗੇ ਤਾਂ ਉਨ੍ਹਾਂ ਕਿਹਾ ਕਿ ਮੈਂ ਚੋਣ ਨਹੀਂ ਲੜ ਰਿਹਾ। ਇਕ ਹੋਰ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਸੰਭਾਵਿਤ ਉਮੀਦਵਾਰਾਂ ਦੇ ਨਾਵਾਂ ‘ਤੇ ਚਰਚਾ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਸਲਾਹ-ਮਸ਼ਵਰੇ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਕੀਤਾ ਜਾਵੇਗਾ।

ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਲੋਕ ਸਭਾ ਚੋਣਾਂ ਇਕੱਲਿਆਂ ਲੜ ਰਿਹਾ ਹੈ ਕਿਉਂਕਿ ਪਾਰਟੀ ਭਾਜਪਾ ਨਾਲ ਗਠਜੋੜ ਨਹੀਂ ਕਰ ਸਕੀ। ਭਾਜਪਾ ਦੇ ਇਕੱਲੇ ਚੋਣ ਲੜਨ ਨਾਲ ਇਸ ਸਰਹੱਦੀ ਸੂਬੇ ਵਿਚ ਆਮ ਚੋਣਾਂ ਵਿਚ ਚੌਤਰਫ਼ਾ ਮੁਕਾਬਲਾ ਹੋਵੇਗਾ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਸੱਤ ਗੇੜਾਂ ਵਾਲੀਆਂ ਆਮ ਚੋਣਾਂ ਦੇ ਆਖਰੀ ਪੜਾਅ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ।ਅਕਾਲੀ ਦਲ ਦੇ ਪ੍ਰਧਾਨ ਨੇ ‘ਪੰਜਾਬ ਬਚਾਓ ਯਾਤਰਾ’ ਤਹਿਤ ਮਾਨਸਾ ਅਤੇ ਬੁਢਲਾਡਾ ਵਿਧਾਨ ਸਭਾ ਹਲਕਿਆਂ ਦਾ ਦੌਰਾ ਕੀਤਾ ਸੀ, ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੀ ਉਨ੍ਹਾਂ ਦੇ ਨਾਲ ਸਨ। ਸੁਖਬੀਰ ਬਾਦਲ ਨੇ ਕਿਹਾ ਕਿ ਅਸੀਂ ਭਾਰਤੀ ਜਨਤਾ ਪਾਰਟੀ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਖਿਲਾਫ ਲੜ ਰਹੇ ਹਾਂ ਜਿਨ੍ਹਾਂ ਦਾ ਪੰਜਾਬ ਲਈ ਕੋਈ ਏਜੰਡਾ ਨਹੀਂ ਹੈ। ਉਨ੍ਹਾਂ ਕਿਹਾ ਸੀ, ਸਿਰਫ਼ ਅਕਾਲੀ ਦਲ ਹੀ ਪੰਜਾਬ  ਦੇ ਹੱਕਾਂ ਦੀ ਰਾਖੀ ਕਰ ਸਕਦਾ ਹੈ।