50,000 ਰੁਪਏ ਦੀ ਰਿਸ਼ਵਤ ਲੈਂਦਾ ਐਸ.ਐਮ.ਓ. ਵਿਜੀਲੈਂਸ ਬਿਊਰੋ ਵੱਲੋਂ ਕਾਬੂ*

ਚੰਡੀਗੜ੍ਹ, 3 ਅਪ੍ਰੈਲ, 2024

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਸਰਕਾਰੀ ਸਿਵਲ ਹਸਪਤਾਲ ਤਰਨਤਾਰਨ ਵਿਖੇ ਸੀਨੀਅਰ ਮੈਡੀਕਲ ਅਫਸਰ (ਐਸ.ਐਮ.ਓ.) ਵਜੋਂ ਤਾਇਨਾਤ ਡਾਕਟਰ ਕੰਵਲਜੀਤ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਦੀ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੀ.ਸੀ.ਐਮ.ਐਸ. ਡਾਕਟਰ ਨੂੰ ਧਰਮਬੀਰ ਸਿੰਘ ਵਾਸੀ ਗਲੀ ਮਾਤਾ ਲਾਚੋ ਵਾਲੀ, ਨੇੜੇ ਭਗਤ ਨਾਮ ਦੇਵ ਜੀ ਗੁਰਦੁਆਰਾ, ਤਰਨਤਾਰਨ ਸ਼ਹਿਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਹ ਹਸਪਤਾਲ ਦੇ ਅੰਦਰ ਠੇਕੇ ‘ਤੇ ਕੰਟੀਨ ਚਲਾ ਰਿਹਾ ਹੈ ਪਰ ਉਕਤ ਐਸ.ਐਮ.ਓ. ਕੰਟੀਨ ਦੀ ਸਫ਼ਾਈ ਅਤੇ ਖਾਣੇ ਦੀ ਗੁਣਵੱਤਾ ਆਦਿ ਦੇ ਬਹਾਨੇ ਬਣਾਕੇ ਉਸ ਨੂੰ ਤੰਗ-ਪ੍ਰੇਸ਼ਾਨ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਇਹ ਵੀ ਇਲਜ਼ਾਮ ਲਾਇਆ ਕਿ ਐੱਸ.ਐੱਮ.ਓ. ਨੇ ਰਿਸ਼ਵਤ ਦੀ ਰਕਮ ਨਾ ਦੇਣ ਦੀ ਸੂਰਤ ਵਿੱਚ ਕੰਟੀਨ ਦਾ ਠੇਕਾ ਖਤਮ ਕਰਨ ਦੀ ਧਮਕੀ ਵੀ ਦਿੱਤੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਜਾਲ ਵਿਛਾਇਆ ਗਿਆ ਜਿਸ ਵਿੱਚ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਐਸ.ਐਮ.ਓ. ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।