ASI 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵਲੋਂ ਰੰਗੇ ਹੱਥੀਂ ਕਾਬੂ
ਪੰਜਾਬ ਨਿਊਜ਼ -17 ਅਪ੍ਰੈਲ 2024
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਸਦਰ ਪੱਟੀ, ਜ਼ਿਲ੍ਹਾ ਤਰਨਤਾਰਨ ਵਿਖੇ ਤਫਤੀਸ਼ੀ ਅਫ਼ਸਰ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਰਮ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਉਕਤ ਮੁਲਜ਼ਮ ਨੂੰ ਤਰਨਤਾਰਨ ਦੇ ਪਿੰਡ ਸਰਹਾਲੀ ਕਲਾਂ ਦੀ ਵਸਨੀਕ ਵੀਰੋ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਏ.ਐਸ.ਆਈ ਨੇ ਉਸ ਦੇ ਜਵਾਈ ਖ਼ਿਲਾਫ਼ ਥਾਣਾ ਸਦਰ ਵਿਚ ਦਰਜ ਇਕ ਪੁਲਿਸ ਕੇਸ ਵਿਚ ਉਸ ਦਾ ਪੱਖ ਲੈਣ ਬਦਲੇ 65,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਉਸ ਨੇ ਅੱਗੇ ਦਸਿਆ ਕਿ ਉਕਤ ਮੁਲਜ਼ਮ ਪਹਿਲਾਂ ਵੀ ਰਿਸ਼ਵਤ ਵਜੋਂ 24,000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਰਕਮ ਦੀ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਦਸਿਆ ਕਿ ਮੁੱਢਲੀ ਪੁੱਛਗਿੱਛ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦਸਿਆ ਕਿ ਮੁੱਢਲੀ ਜਾਂਚ ਦੌਰਾਨ ਰਿਸ਼ਵਤ ਵਜੋਂ ਲਈ ਪਹਿਲੀ ਕਿਸ਼ਤ ਦੇ 24,000 ਰੁਪਏ ਵੀ ਬਰਾਮਦ ਕਰ ਲਏ ਗਏ ਹਨ।ਉਨ੍ਹਾਂ ਦਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਚ ਪੁਲਿਸ ਮੁਲਾਜ਼ਮ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।