ਛੱਤੀਸਗੜ੍ਹ ਵਿਚ ਬਾਰੂਦ ਦੀ ਸਭ ਤੋਂ ਵੱਡੀ ਫੈਕਟਰੀ ‘ਚ ਜ਼ਬਰਦਸਤ ਧਮਾਕਾ:10 ਲੋਕਾਂ ਦੀ ਮੌਤ ਦੀ ਖਬਰ; ਕਈ ਲੋਕ ਮਲਬੇ ਹੇਠ ਦੱਬੇ ਹੋਣ ਦਾ ਖਦਸ਼ਾ

25 ਮਈ 2024

ਛੱਤੀਸਗੜ੍ਹ ਦੇ ਬੇਮੇਤਾਰਾ ਜ਼ਿਲ੍ਹੇ ਤੋਂ ਵੱਡੀ ਖ਼ਬਰ ਹੈ, ਇੱਥੇ  ਬਾਰੂਦ ਫੈਕਟਰੀ ਵਿੱਚ ਧਮਾਕਾ ਹੋਇਆ। ਧਮਾਕੇ ‘ਚ 10 ਲੋਕਾਂ ਦੇ ਮਰੇ ਜਾਣ ਦੀ ਖਬਰ ਹੈ। ਦਰਜਨਾਂ ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।ਘਟਨਾ ਅੱਜ ਸਵੇਰੇ ਵਾਪਰੀ। ਬਾਰੂਦ ਫੈਕਟਰੀ ਵਿੱਚ ਧਮਾਕੇ ਦੀ ਆਵਾਜ਼ ਕਈ ਕਿਲੋਮੀਟਰ ਤੱਕ ਸੁਣਾਈ ਦਿੱਤੀ। ਇਸ ਕਾਰਨ ਆਸ-ਪਾਸ ਦੇ ਪਿੰਡਾਂ ਦੇ ਲੋਕ ਵੱਡੀ ਗਿਣਤੀ ’ਚ ਮੌਕੇ ’ਤੇ ਇਕੱਠੇ ਹੋ ਗਏ।

ਧਮਾਕੇ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ ,ਇਸ ਦੇ ਨਾਲ ਹੀ ਮਰੀਜ਼ਾਂ ਨੂੰ ਰਾਏਪੁਰ ਦੇ ਵੱਖ-ਵੱਖ ਨਿੱਜੀ ਹਸਪਤਾਲਾਂ ਵਿੱਚ ਵੀ ਦਾਖਲ ਕਰਵਾਇਆ ਗਿਆ ਹੈ। ਅਜੇ ਇਹ ਸਪੱਸ਼ਟ ਨਹੀਂ ਹੈ ਕਿ ਕਿੰਨੇ ਲੋਕ ਜ਼ਖਮੀ ਹੋਏ ਹਨ। ਕਈ ਲੋਕ ਮਲਬੇ ਹੇਠ ਦੱਬੇ ਹੋਏ ਹਨ। ਉਨ੍ਹਾਂ ਨੂੰ ਕੱਢਣ ਦੇ ਯਤਨ ਕੀਤੇ ਜਾ ਰਹੇ ਹਨ। ਫਿਲਹਾਲ ਕਿਸੇ ਨੂੰ ਵੀ ਕੰਪਨੀ ਦੇ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ।

ਪ੍ਰਸ਼ਾਸਨ ਦੀ ਟੀਮ ਮੌਕੇ ’ਤੇ ਮੌਜੂਦ ਹੈ। ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਸੱਤ ਗੰਭੀਰ ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ ਰਾਏਪੁਰ ਭੇਜਿਆ ਗਿਆ ਹੈ। ਇਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ ਹੈ। ਛੇ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਬਚਾਅ ਕਾਰਜ ਜਾਰੀ ਹੈ। ਐਸਡੀਐਮ ਨੇ ਅਧਿਕਾਰਤ ਤੌਰ ‘ਤੇ ਅੱਠ ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ, ਬਚਾਅ ਕਾਰਜ ਪੂਰਾ ਹੋਣ ਤੋਂ ਬਾਅਦ ਹੀ ਅਸੀਂ ਦੱਸ ਸਕਾਂਗੇ ਕਿ ਕਿੰਨੇ ਲੋਕਾਂ ਦੀ ਮੌਤ ਹੋਈ ਹੈ ਅਤੇ ਕਿੰਨੇ ਲੋਕ ਜ਼ਖਮੀ ਹੋਏ ਹਨ।