ਅਰਵਿੰਦ ਕੇਜਰੀਵਾਲ ਨੂੰ ਝਟਕਾ, SC ਨੇ 7 ਦਿਨ ਦੀ ਅੰਤਰਿਮ ਜ਼ਮਾਨਤ ਵਧਾਉਣ ਤੋਂ ਕੀਤਾ ਇਨਕਾਰ।

ਨਵੀਂ ਦਿੱਲੀ: 28 ਮਈ 2024

ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ 7 ਦਿਨਾਂ ਲਈ ਵਧਾਉਣ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਸੁਪਰੀਮ ਕੋਰਟ ਨੇ ਇਨਕਾਰ ਕਰ ਦਿੱਤਾ ਹੈ।ਇਹ ਮਾਮਲਾ ਸੁਪਰੀਮ ਕੋਰਟ ਦੇ ਜੱਜ ਜੇਕੇ ਮਹੇਸ਼ਵਰੀ ਦੀ ਬੈਂਚ ਸਾਹਮਣੇ ਰੱਖਿਆ ਗਿਆ। ਸੁਪਰੀਮ ਕੋਰਟ ਨੇ ਸਾਫ਼ ਕਿਹਾ ਕਿ ਅਸੀਂ ਇਸ ਸਬੰਧੀ ਕੋਈ ਹੁਕਮ ਨਹੀਂ ਦੇ ਸਕਦੇ। ਤੁਹਾਨੂੰ ਇਸ ਮਾਮਲੇ ਸਬੰਧੀ ਚੀਫ਼ ਜਸਟਿਸ ਕੋਲ ਜਾਣਾ ਚਾਹੀਦਾ ਹੈ। ਇਸ ਮਾਮਲੇ ਵਿੱਚ ਸਿਰਫ਼ ਚੀਫ਼ ਜਸਟਿਸ ਹੀ ਫ਼ੈਸਲਾ ਲੈਣਗੇ।

ਦਰਅਸਲ ਮੰਗਲਵਾਰ ਨੂੰ ਜਿਵੇਂ ਹੀ ਸੁਪਰੀਮ ਕੋਰਟ ‘ਚ ਸੁਣਵਾਈ ਸ਼ੁਰੂ ਹੋਈ, ਅਭਿਸ਼ੇਕ ਮਨੂ ਸਿੰਘਵੀ ਨੇ ਕਿਹਾ ਕਿ ਅਸੀਂ ਸੱਤ ਦਿਨਾਂ ਦੀ ਹੋਰ ਅੰਤਰਿਮ ਰਾਹਤ ਚਾਹੁੰਦੇ ਹਾਂ। ਮੈਡੀਕਲ ਟੈਸਟ ਕਰਵਾਉਣੇ ਪੈਂਦੇ ਹਨ। ਇਹ ਅਦਾਲਤ ਦੁਆਰਾ ਦਿੱਤੀ ਗਈ ਆਜ਼ਾਦੀ ਦੀ ਦੁਰਵਰਤੋਂ ਨਹੀਂ ਹੈ। ਇਸ ‘ਤੇ ਸੁਪਰੀਮ ਕੋਰਟ ਨੇ ਕਿਹਾ ਕਿ ਇਸ ‘ਤੇ ਫੈਸਲਾ ਸਿਰਫ CJI ਹੀ ਲੈਣਗੇ। ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਤੋਂ ਮੈਡੀਕਲ ਆਧਾਰ ‘ਤੇ ਅੰਤਰਿਮ ਜ਼ਮਾਨਤ 7 ਦਿਨ ਵਧਾਉਣ ਦੀ ਮੰਗ ਕੀਤੀ ਸੀ।