ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਦਾਲਤ ਤੋਂ ਨਹੀਂ ਮਿਲੀ ਰਾਹਤ, ਭਲਕੇ ਤਿਹਾੜ ਜੇਲ੍ਹ ‘ਚ ਹੋਵੇਗਾ ਆਤਮ ਸਮਰਪਣ
1 ਜੂਨ 2024
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ ਹੈ।ਅਦਾਲਤ ਨੇ ਉਸ ਦੀ ਅੰਤਰਿਮ ਜ਼ਮਾਨਤ ਪਟੀਸ਼ਨ ‘ਤੇ ਕੋਈ ਫੈਸਲਾ ਨਹੀਂ ਦਿੱਤਾ ਹੈ। ਪਟੀਸ਼ਨ ‘ਤੇ ਫੈਸਲਾ 5 ਜੂਨ ਨੂੰ ਸੁਣਾਇਆ ਜਾਵੇਗਾ। ਇਸ ਦੇ ਮੱਦੇਨਜ਼ਰ ਕੇਜਰੀਵਾਲ ਨੂੰ ਭਲਕੇ 2 ਜੂਨ ਨੂੰ ਤਿਹਾੜ ਜੇਲ੍ਹ ਜਾ ਕੇ ਆਤਮ ਸਮਰਪਣ ਕਰਨਾ ਪਵੇਗਾ।
ਦਰਅਸਲ, ਅਦਾਲਤ ਨੇ ਚੋਣ ਪ੍ਰਚਾਰ ਲਈ ਅਰਵਿੰਦ ਕੇਜਰੀਵਾਲ ਨੂੰ 10 ਮਈ ਨੂੰ 21 ਦਿਨਾਂ ਦੀ ਅੰਤਰਿਮ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਸੀ।ਉਸ ਦੀ ਜ਼ਮਾਨਤ ਦੀ ਮਿਆਦ 2 ਜੂਨ ਨੂੰ ਖਤਮ ਹੋ ਰਹੀ ਹੈ ਅਤੇ ਉਸ ਨੂੰ ਐਤਵਾਰ ਨੂੰ ਆਤਮ ਸਮਰਪਣ ਕਰਨਾ ਹੋਵੇਗਾ।ਹਾਲਾਂਕਿ ਇਸ ਤੋਂ ਪਹਿਲਾਂ ਕੇਜਰੀਵਾਲ ਨੇ ਆਪਣੀ ਖਰਾਬ ਸਿਹਤ ਅਤੇ ਮੈਡੀਕਲ ਟੈਸਟ ਦਾ ਹਵਾਲਾ ਦਿੰਦੇ ਹੋਏ ਅੰਤਰਿਮ ਜ਼ਮਾਨਤ 7 ਦਿਨ ਹੋਰ ਵਧਾਉਣ ਦੀ ਬੇਨਤੀ ਕੀਤੀ ਹੈ। ਇਸ ਪਟੀਸ਼ਨ ‘ਤੇਸ਼ਨੀਵਾਰ ਨੂੰ ਅਦਾਲਤ ‘ਚ ਸੁਣਵਾਈ ਹੋਈ। ਈਡੀ ਨੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਵਧਾਉਣ ਦਾ ਵਿਰੋਧ ਕੀਤਾ। ਉਨ੍ਹਾਂ ਦਲੀਲ ਦਿੱਤੀ ਕਿ ਕੱਲ੍ਹ ਸ਼ੁੱਕਰਵਾਰ ਨੂੰ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਸੀ ਕਿ ਉਹ 2 ਜੂਨ ਨੂੰ ਆਤਮ ਸਮਰਪਣ ਕਰਨਗੇ। ਉਸ ਨੇ ਇਹ ਨਹੀਂ ਕਿਹਾ ਕਿ ਉਹ ਅਦਾਲਤ ਦੇ ਹੁਕਮ ਦਾ ਇੰਤਜ਼ਾਰ ਕਰੇਗਾ। ਅਜਿਹੇ ਬਿਆਨ ਦੇ ਕੇ ਉਹ ਅਦਾਲਤ ਨੂੰ ਗੁੰਮਰਾਹ ਕਰ ਰਹੇ ਹਨ।
ਦੋਵਾਂ ਪੱਖਾਂ ਦੀਆਂ ਲੰਮੀਆਂ ਦਲੀਲਾਂ ਸੁਣਨ ਤੋਂ ਬਾਅਦ ਰੌਜ਼ ਐਵੇਨਿਊ ਦੀ ਵਿਸ਼ੇਸ਼ ਅਦਾਲਤ ਦੀ ਜੱਜ ਕਾਵੇਰੀ ਬਵੇਜਾ ਨੇ ਕਿਹਾ ਕਿ ਸੁਣਵਾਈ ਪੂਰੀ ਹੋ ਗਈ ਹੈ। ਹੁਣ ਅਦਾਲਤ ਅੰਤਰਿਮ ਜ਼ਮਾਨਤ ‘ਤੇ 5 ਜੂਨ ਨੂੰ ਆਪਣਾ ਫੈਸਲਾ ਦੇਵੇਗੀ ।