ਪੰਜਾਬ ਨੂੰ ਤਰੱਕੀ ਦੇ ਰਾਹ ‘ਤੇ ਲਿਜਾਣ ਦੀ ਜ਼ਿੰਮੇਵਾਰੀ ਨਿਭਾਉਣ ਲਈ ਪੂਰੀ ਤਰ੍ਹਾਂ ਤਿਆਰ ਹਾਂ – ਬਿੱਟੂ
ਐਡਵੋਕੇਟ ਕਰਨਦੀਪ ਸਿੰਘ ਕੈਰੋਂ
ਲੁਧਿਆਣਾ – ਕੇਂਦਰ ਵਿੱਚ ਐਨਡੀਏ ਦੀ ਮੋਦੀ ਸਰਕਾਰ ਪ੍ਰਧਾਨ ਮੰਤਰੀ ਸਮੇਤ 72 ਮੰਤਰੀਆਂ ਦੇ ਨਾਲ ਹੋਂਦ ਵਿੱਚ ਆ ਗਈ ਹੈ । ਮੰਤਰੀ ਮੰਡਲ ਵਿੱਚ ਪੰਜਾਬ ਨੂੰ ਨੁਮਾਇੰਦਗੀ ਦੇਣ ਲਈ ਲੁਧਿਆਣਾ ਤੋਂ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੂੰ ਮੋਦੀ ਸਰਕਾਰ ਵਿੱਚ ਕੇਂਦਰੀ ਰਾਜ ਮੰਤਰੀ ਬਣਾਇਆ ਗਿਆ ਹੈ।
ਲੋਕ ਸਭਾ ਚੋਣਾਂ ‘ਚ ਹਾਰ ਦੇ ਬਾਵਜੂਦ ਭਾਜਪਾ ਹਾਈਕਮਾਂਡ ਨੇ ਰਵਨੀਤ ਸਿੰਘ ਬਿੱਟੂ ‘ਤੇ ਭਰੋਸਾ ਜਤਾਇਆ ਹੈ, ਜਿਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਪੰਜਾਬ ਭਾਜਪਾ ਲਈ ਬਹੁਤ ਅਹਿਮ ਹੈ।
ਬਿੱਟੂ ਪੰਜਾਬ ਦੇ ਇਕਲੌਤੇ ਅਜਿਹੇ ਆਗੂ ਹਨ, ਜਿਨ੍ਹਾਂ ਨੂੰ ਮੋਦੀ ਮੰਤਰੀ ਮੰਡਲ ਵਿੱਚ ਥਾਂ ਮਿਲੀ ਹੈ। ਉਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ ਪੋਤਾ ਹੈ।ਬਿੱਟੂ ਤਿੰਨ ਵਾਰ ਕਾਂਗਰਸ ਦੇ ਸੰਸਦ ਮੈਂਬਰ ਰਹਿ ਚੁੱਕੇ ਹਨ। ਉਹ ਪਹਿਲੀ ਵਾਰ 2009 ਵਿੱਚ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਬਣੇ ਸਨ। ਇਸ ਤੋਂ ਬਾਅਦ ਸਾਲ 2014 ਅਤੇ 2019 ਵਿੱਚ ਉਹ ਲੁਧਿਆਣਾ ਸੰਸਦੀ ਸੀਟ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਹੇ।ਇਸ ਸਾਲ ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਹ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਸਨ ਅਤੇ ਲੁਧਿਆਣਾ ਤੋਂ ਚੋਣ ਲੜੇ ਸਨ ਪਰ ਉਹ ਕਾਂਸਖ਼ਤ ਟੱਕਰ ਦੇਣ ਦੇ ਬਾਵਜੂਦ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਥੋੜੇ ਫਰਕ ਨਾਲ ਹਾਰ ਗਏ ਸਨ। ਪੰਜਾਬ ਵਿਚ ਭਾਜਪਾ ਨੂੰ ਇਕ ਵੀ ਸੀਟ ਨਹੀਂ ਮਿਲੀ ਸੀ ਅਤੇ ਸਾਰੀਆਂ 13 ਸੀਟਾਂ ‘ਤੇ ਭਾਜਪਾ ਦੇ ਉਮੀਦਵਾਰ ਹਾਰ ਗਏ ਸਨ ਤਾਂ ਲੱਗਦਾ ਸੀ ਕਿ ਇਸ ਵਾਰ ਪੰਜਾਬ ਨੂੰ ਕੇਂਦਰ ਵਿਚ ਨੁਮਾਇੰਦਗੀ ਨਹੀਂ ਮਿਲੇਗੀ ਪਰ ਭਾਜਪਾ ਹਾਈਕਮਾਂਡ ਨੇ ਬਿੱਟੂ ਨੂੰ ਮੰਤਰੀ ਬਣਾ ਦਿੱਤਾ।
ਅਮਿਤ ਸ਼ਾਹ ਨੇ ਆਪਣਾ ਵਾਅਦਾ ਪੂਰਾ ਕੀਤਾ
ਲੋਕ ਸਭਾ ਚੋਣਾਂ ਦੌਰਾਨ ਲੁਧਿਆਣਾ ਵਿੱਚ ਪ੍ਰਚਾਰ ਕਰਨ ਆਏ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਟੇਜ ਤੋਂ ਐਲਾਨ ਕੀਤਾ ਸੀ ਕਿ ਲੁਧਿਆਣਾ ਦੇ ਲੋਕੋ, ਤੁਸੀਂ ਰਵਨੀਤ ਬਿੱਟੂ ਨੂੰ ਜਿਤਾਓ, ਮੈਂ ਉਸ ਨੂੰ ਵੱਡਾ ਆਦਮੀ ਬਣਾਵਾਂਗਾ। ਭਾਵੇਂ ਬਿੱਟੂ ਲੁਧਿਆਣਾ ਤੋਂ ਚੋਣ ਨਹੀਂ ਜਿੱਤ ਸਕੇ ਪਰ ਹੁਣ ਅਮਿਤ ਸ਼ਾਹ ਨੇ ਉਨ੍ਹਾਂ ਨੂੰ ਕੇਂਦਰੀ ਮੰਤਰੀ ਮੰਡਲ ਵਿੱਚ ਥਾਂ ਦੇ ਕੇ ਆਪਣਾ ਵਾਅਦਾ ਪੂਰਾ ਕਰ ਦਿੱਤਾ ਹੈ।
ਮੋਦੀ ਸਰਕਾਰ ਨੇ ਤਿਆਰ ਕੀਤਾ ਪੰਜਾਬ ਦਾ ਰੋਡ ਮੈਪ : ਬਿੱਟੂ
ਰਵਨੀਤ ਸਿੰਘ ਬਿੱਟੂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਨੇ ਮੰਤਰੀ ਮੰਡਲ ‘ਚ ਜਗ੍ਹਾ ਦੇ ਕੇ ਪੂਰੇ ਪੰਜਾਬ ਨੂੰ ਮਾਣ ਬਖਸ਼ਿਆ ਹੈ। ਉਹ ਪੰਜਾਬ ਨੂੰ ਤਰੱਕੀ ਦੇ ਰਾਹ ‘ਤੇ ਲਿਜਾਣ ਦੀ ਜ਼ਿੰਮੇਵਾਰੀ ਲੈਣ ਲਈ ਪੂਰੀ ਤਰ੍ਹਾਂ ਤਿਆਰ ਹਨ। ਪੀਐਮ ਮੋਦੀ ਅਤੇ ਅਮਿਤ ਸ਼ਾਹ ਨੇ ਸੂਬੇ ਦੇ ਵਿਕਾਸ ਲਈ ਪੂਰਾ ਰੋਡ ਮੈਪ ਤਿਆਰ ਕਰ ਲਿਆ ਹੈ। ਹੁਣ ਸਾਨੂੰ ਇਸ ‘ਤੇ ਕੰਮ ਕਰਨਾ ਹੈ ਅਤੇ ਸੂਬੇ ਨੂੰ ਅੱਗੇ ਲਿਜਾਣਾ ਹੈ। ਉਹ ਕੇਂਦਰ ਤੋਂ ਕਿਸਾਨਾਂ, ਮਜ਼ਦੂਰਾਂ, ਗਰੀਬਾਂ, ਉਦਯੋਗਾਂ ਅਤੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਇੱਕ ਪੁਲ ਦਾ ਕੰਮ ਕਰੇਗਾ। ਬਿੱਟੂ ਨੇ ਕਿਹਾ ਕਿ ਉਨ੍ਹਾਂ ਦਾ ਨਿਸ਼ਾਨਾ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਹਨ।