ਰਵਨੀਤ ਸਿੰਘ ਬਿੱਟੂ ਨੇ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਲਿਆ ਯੂ-ਟਰਨ ,ਪੰਜਾਬ ਦੀ ਸ਼ਾਂਤੀ ਲਈ ਹੁਣ ਕਿਸੇ ਵੀ ਸਿੱਖ ਦੀ ਰਿਹਾਈ ਦਾ ਨਹੀਂ ਕਰਨਗੇ ਵਿਰੋਧ।।
ਪੰਜਾਬ ਨਿਊਜ਼,15 ਜੂਨ 2024
ਪੰਜਾਬ ਦੇ ਲੁਧਿਆਣਾ ਤੋਂ ਸਾਬਕਾ ਸੰਸਦ ਮੈਂਬਰ ਤੇ ਮੌਜੂਦਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਤੱਕ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਦਾ ਵਿਰੋਧ ਕਰਦੇ ਆ ਰਹੇ ਸਨ ਪਰ ਹੁਣ ਬਿੱਟੂ ਨੇ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਯੂ-ਟਰਨ ਲੈ ਲਿਆ, ਉਨ੍ਹਾਂ ਨੇ ਕਿਹਾ ਕਿ ਹੁਣ ਅੱਗੇ ਵਧਣ ਦਾ ਸਮਾਂ ਆ ਗਿਆ ਹੈ। ਉਹ ਰਾਜੋਆਣਾ ਸਮੇਤ ਜੇਲ੍ਹ ਵਿੱਚ ਬੰਦ ਕਿਸੇ ਵੀ ਸਿੱਖ ਦੀ ਰਿਹਾਈ ਦਾ ਵਿਰੋਧ ਨਹੀਂ ਕਰਨਗੇ। ਪੰਜਾਬ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਉਹ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ।
ਬਿੱਟੂ ਨੇ ਕਿਹਾ ਕਿ ਜੇ ਆਉਣ ਵਾਲੇ ਸਮੇਂ ਵਿੱਚ ਕੇਂਦਰ ਸਰਕਾਰ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੇ ਹੱਕ ਵਿੱਚ ਕੋਈ ਫੈਸਲਾ ਲੈਂਦੀ ਹੈ ਤਾਂ ਉਹ ਇਸ ਦਾ ਵਿਰੋਧ ਨਹੀਂ ਕਰਨਗੇ। ਹਾਲਾਂਕਿ ਕਾਂਗਰਸ ਵਿੱਚ ਰਹਿੰਦਿਆਂ ਬਿੱਟੂ ਨੇ ਬਲਵੰਤ ਸਿੰਘ ਰਾਜੋਆਣਾ ਤੇ ਹੋਰ ਬੰਦੀ ਸਿੱਖਾਂ ਦੀ ਰਿਹਾਈ ਦਾ ਹਮੇਸ਼ਾ ਹੀ ਜ਼ੋਰਦਾਰ ਵਿਰੋਧ ਕੀਤਾ ਸੀ।
ਬਿੱਟੂ ਇੱਕ ਵਾਰ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਰਹਿ ਚੁੱਕੇ ਹਨ ਅਤੇ ਦੋ ਵਾਰ ਲੁਧਿਆਣਾ ਤੋਂ ਸੰਸਦ ਮੈਂਬਰ ਰਹਿ ਚੁੱਕੇ ਹਨ ਪਰ ਇਸ ਵਾਰ ਲੁਧਿਆਣਾ ਦੇ ਲੋਕਾਂ ਨੇ ਉਸ ਨੂੰ ਨਕਾਰ ਦਿੱਤਾ ਹੈ। ਉਹ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਕਰੀਬ 21 ਹਜ਼ਾਰ ਵੋਟਾਂ ਨਾਲ ਹਾਰ ਗਏ।
ਰਵਨੀਤ ਬਿੱਟੂ ਬੰਦੀ ਸਿੱਖਾਂ ਦਾ ਵਿਰੋਧ ਇਸ ਲਈ ਕਰਦੇ ਹਨ ਕਿਉੰਕਿ 31 ਅਗਸਤ 1995 ਨੂੰ ਪੰਜਾਬ ਦੇ ਮੁੱਖ ਮੰਤਰੀ ਬੇਅੰਤ ਸਿੰਘ ਬਿੱਟੂ ਦੇ ਦਾਦਾ ਦੀ ਹੱਤਿਆ ਕਰ ਦਿੱਤੀ ਗਈ। ਬੇਅੰਤ ਸਿੰਘ ਦੀ ਕਾਰ ਕੋਲ ਮਨੁੱਖੀ ਬੰਬ ਨੇ ਖੁਦ ਨੂੰ ਉਡਾ ਲਿਆ ਸੀ। ਬਲਵੰਤ ਸਿੰਘ ਰਾਜੋਆਣਾ ਦੇ ਬਿਆਨ ਅਨੁਸਾਰ ਉਸ ਨੇ ਤੇ ਪੰਜਾਬ ਪੁਲਿਸ ਦੇ ਮੁਲਾਜ਼ਮ ਦਿਲਾਵਰ ਸਿੰਘ ਨੇ ਬੇਅੰਤ ਸਿੰਘ ਨੂੰ ਮਨੁੱਖੀ ਬੰਬ ਨਾਲ ਉਡਾ ਦਿੱਤਾ ਸੀ। ਦਿਲਾਵਰ ਸਿੰਘ ਨੇ ਮਨੁੱਖੀ ਬੰਬ ਬਣ ਕੇ ਬੇਅੰਤ ਸਿੰਘ ਉੱਤੇ ਹਮਲਾ ਕੀਤਾ ਸੀ। ਸਾਜ਼ਿਸ਼ ਇਸ ਤਰ੍ਹਾਂ ਰਚੀ ਗਈ ਸੀ ਕਿ ਜੇਕਰ ਦਿਲਾਵਰ ਨਾਕਾਮ ਹੋ ਜਾਂਦਾ ਤਾਂ ਹਮਲਾ ਰਾਜੋਆਣਾ ਵਾਲੇ ਪਾਸਿਓਂ ਕੀਤਾ ਜਾਣਾ ਸੀ। ਇਸ ਮਾਮਲੇ ਵਿੱਚ ਅਦਾਲਤ ਨੇ ਰਾਜੋਆਣਾ ਨੂੰ ਮੌਤ ਦੀ ਸਜ਼ਾ ਸੁਣਾਈ ਸੀ।