ਸ੍ਰੀ ਦਰਬਾਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਲੜਕੀ ਖਿਲਾਫ਼ SGPC ਨੇ ਪੁਲਿਸ ਨੂੰ ਕੀਤੀ ਸ਼ਿਕਾਇਤ, ਅਣਗਹਿਲੀ ਕਰਨ ਤੇ ਤਿੰਨ ਮੁਲਾਜ਼ਮਾਂ ਖਿਲਾਫ਼ ਐਕਸ਼ਨ
ਅਮ੍ਰਿਤਸਰ,22 ਜੂਨ 2024
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇੱਕ ਲੜਕੀ ਵੱਲੋਂ ਪ੍ਰਕਰਮਾ ਅੰਦਰ ਯੋਗਾ ਆਸਣ ਕਰਕੇ ਇਸ ਦੀ ਤਸਵੀਰ ਆਪਣੇ ਸੋਸ਼ਲ ਮੀਡੀਆ ਖਾਤਿਆਂ ਜਰੀਏ ਫੈਲਾਉਣ ਦਾ ਸਖ਼ਤ ਨੋਟਿਸ ਲੈਂਦਿਆਂ ਉਸ ਵਿਰੁੱਧ ਕਾਰਵਾਈ ਵਾਸਤੇ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਭੇਜੀ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੀ ਡਿਊਟੀ ਤਨਦੇਹੀ ਨਾਲ ਨਾ ਨਿਭਾਉਣ ਕਰਕੇ ਪ੍ਰਕਰਮਾ ਦੇ ਤਿੰਨ ਮੁਲਾਜ਼ਮਾਂ ਵਿਰੁੱਧ ਕਾਰਵਾਈ ਦੇ ਆਦੇਸ਼ ਜਾਰੀ ਕੀਤੇ ਹਨ।
ਬੀਤੇ ਕੱਲ੍ਹ ਇੱਕ ਅਰਚਨਾ ਮਕਵਾਨਾ ਨਾਮ ਦੀ ਲੜਕੀ ਨੇ ਆਪਣੇ ਸੋਸ਼ਲ ਮੀਡੀਆ ਖਾਤੇ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪ੍ਰਕਰਮਾ ਵਿੱਚ ਯੋਗਾ ਆਸਣ ਕਰਕੇ ਇਸ ਦੀ ਤਸਵੀਰ ਫੈਲਾਈ ਸੀ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਕਿਸੇ ਨੂੰ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਮਤਿ ਵਿਰੁੱਧ ਹਰਕਤ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾ ਸਕਦੀ, ਪਰੰਤੂ ਕੁਝ ਲੋਕ ਜਾਣਬੁੱਝ ਕੇ ਇਸ ਪਾਵਨ ਅਸਥਾਨ ਦੀ ਪਵਿੱਤਰਤਾ ਤੇ ਇਤਿਹਾਸਕ ਮਹੱਤਤਾ ਨੂੰ ਨਜ਼ਰਅੰਦਾਜ਼ ਕਰਕੇ ਕੋਝੀਆਂ ਹਰਕਤਾਂ ਕਰਦੇ ਹਨ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਇੱਕ ਲੜਕੀ ਵੱਲੋਂ ਕੀਤੀ ਗਈ ਹਰਕਤ ਨਾਲ ਸਿੱਖ ਭਾਵਨਾਵਾਂ ਅਤੇ ਮਰਯਾਦਾ ਨੂੰ ਠੇਸ ਪੁੱਜੀ ਹੈ।
ਐਡਵੋਕੇਟ ਧਾਮੀ ਨੇ ਸੰਗਤ ਨੂੰ ਅਪੀਲ ਕੀਤੀ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪ੍ਰਤੀ ਸਮੁੱਚੇ ਸਿੱਖ ਜਗਤ ਅੰਦਰ ਵੱਡਾ ਸਤਿਕਾਰ ਹੈ ਅਤੇ ਇਸ ਦੇ ਨਾਲ ਹੀ ਦੇਸ਼ ਦੁਨੀਆ ਦੇ ਹਰ ਧਰਮ ਤੇ ਵਰਗ ਨਾਲ ਸਬੰਧਤ ਸ਼ਰਧਾਲੂ ਇੱਥੇ ਸ਼ਰਧਾ ਨਾਲ ਨਤਮਸਤਕ ਹੋਣ ਲਈ ਪੁੱਜਦੇ ਹਨ, ਜਿਸ ਨੂੰ ਵੇਖਦਿਆਂ ਇੱਥੋਂ ਦੀ ਮਰਯਾਦਾ ਦਾ ਜ਼ਰੂਰ ਖਿਆਲ ਰੱਖਿਆ ਜਾਵੇ।