ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕੀਤਾ ਕਾਬੂ….
ਪੰਜਾਬ ਨਿਊਜ਼,24 ਜੂਨ 2024
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਮਾਲ ਹਲਕਾ ਢਪਈ, ਸਬ ਤਹਿਸੀਲ ਕਾਦੀਆਂ ਵਿਖੇ ਇੱਕ ਪਟਵਾਰੀ ਨਵਿੰਦਰਪਾਲ ਨੂੰ 10,000 ਰੁਪਏ ਰਿਸ਼ਵਤ ਮੰਗ ਕੇ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਗੁਰਦਾਸਪੁਰ ਦੇ ਪਿੰਡ ਢਪਈ ਦੇ ਵਸਨੀਕ ਹਰਜਾਪ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਛਾਪਾ ਮਾਰ ਕੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਬਿਆਨ ਦਿੱਤਾ ਸੀ ਕਿ ਉਕਤ ਪਟਵਾਰੀ ਸ਼ਿਕਾਇਤਕਰਤਾ ਦੀ ਪਤਨੀ ਦੇ ਨਾਂ ’ਤੇ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਪਹਿਲਾਂ ਹੀ 2,000 ਰੁਪਏ ਰਿਸ਼ਵਤ ਵਜੋਂ ਲੈ ਚੁੱਕਾ ਹੈ ਅਤੇ ਹੁਣ 10,000 ਰੁਪਏ ਰਿਸ਼ਵਤ ਦੀ ਹੋਰ ਮੰਗ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਮੁਲਜ਼ਮ ਪਟਵਾਰੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਪਟਵਾਰੀ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੇਰੀ ਪੁੱਛਗਿੱਛ ਜਾਰੀ ਹੈ।