ਤੇਜ਼ ਹਨੇਰੀ ਤੇ ਤੇਜ਼ ਮੀਂਹ ਨਾਲ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ

ਮੌਸਮ ਵਿਭਾਗ ,27  ਜੂਨ 2024

ਪੰਜਾਬ ਵਿੱਚ ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਰਾਹਤ ਮਿਲੀ ਤੇ ਮੀਂਹ ਤੋਂ ਬਾਅਦ ਤਾਪਮਾਨ ਵਿੱਚ ਵੀ ਗਿਰਾਵਟ ਆਈ ਹੈ। ਪੰਜਾਬ ਵਿੱਚ ਪੈ ਰਹੀ ਗਰਮੀ ਨੇ ਲੋਕਾਂ ਦੀ ਹਾਲਤ ਤਰਸਯੋਗ ਕਰ ਦਿੱਤੀ ਹੈ। ਤੇਜ਼ ਗਰਮੀ ਦਾ ਅਸਰ ਲੋਕਾਂ ਦੀ ਸਿਹਤ ‘ਤੇ ਵੀ ਪੈ ਰਿਹਾ ਹੈ। ਗਰਮੀ ਕਾਰਨ ਸੂਬੇ ਵਿੱਚ ਬਿਜਲੀ ਦਾ ਸੰਕਟ ਵੀ ਬਣਿਆ ਹੋਇਆ ਹੈ।

ਮੀਂਹ ਤੋਂ ਬਾਅਦ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਬੁੱਧਵਾਰ ਨੂੰ ਜ਼ਿਲ੍ਹੇ ਦਾ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 30 ਡਿਗਰੀ ਸੈਲਸੀਅਸ ਰਿਹਾ। ਉਥੇ ਹੀ ਵੀਰਵਾਰ ਸਵੇਰੇ ਤੇਜ਼ ਹਵਾਵਾਂ ਦੇ ਨਾਲ ਬਾਰਿਸ਼ ਤੋਂ ਬਾਅਦ ਤਾਪਮਾਨ 10 ਡਿਗਰੀ ਘੱਟ ਕੇ 29 ਡਿਗਰੀ ਤੱਕ ਪਹੁੰਚ ਗਿਆ।

ਇਸ ਸਾਲ ਗਰਮੀ ਨੇ ਪਿਛਲੇ 55 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਇਸ ਦਾ ਮਨੁੱਖੀ ਜੀਵਨ ਅਤੇ ਵਾਤਾਵਰਣ ਉੱਤੇ ਵੀ ਵਿਆਪਕ ਪ੍ਰਭਾਵ ਪਿਆ। ਇਸ ਸਾਲ ਲਗਾਤਾਰ 30 ਦਿਨ ਹੀਟ ਵੇਵ ਰਹੀ।ਤੇਜ਼ ਗਰਮੀ ਕਾਰਨ ਤਾਪਮਾਨ ਲਗਾਤਾਰ ਵਧਦਾ ਜਾ ਰਿਹਾ ਹੈ। ਸੂਬੇ ‘ਚ ਕਈ ਥਾਵਾਂ ‘ਤੇ ਪਾਰਾ 44 ਡਿਗਰੀ ਨੂੰ ਪਾਰ ਕਰ ਗਿਆ ਹੈ। ਗਰਮੀ ਕਾਰਨ ਬਿਜਲੀ ਦੀ ਖਪਤ ਵੀ ਵਧ ਗਈ ਸੀ, ਜਿਸ ਕਾਰਨ ਕਈ ਜ਼ਿਲ੍ਹਿਆਂ ਨੂੰ ਬਿਜਲੀ ਸੰਕਟ ਦਾ ਸਾਹਮਣਾ ਕਰਨਾ ਪਿਆ ਸੀ। ਜਲੰਧਰ ਸਰਕਲ ਦੀ ਬਿਜਲੀ ਦੀ ਖਪਤ 600 ਮੈਗਾਵਾਟ ਦੇ ਕਰੀਬ ਸੀ, ਕੁਝ ਦਿਨਾਂ ਬਾਅਦ ਇਹ ਖਪਤ 800 ਮੈਗਾਵਾਟ ਦੇ ਨੇੜੇ ਪਹੁੰਚ ਗਈ।

ਪੰਜਾਬ ਦੇ ਲੋਕਾਂ ਨੂੰ ਵੀਰਵਾਰ ਸਵੇਰੇ ਕੜਾਕੇ ਦੀ ਗਰਮੀ ਤੋਂ ਰਾਹਤ ਮਿਲੀ। ਬੁੱਧਵਾਰ ਸ਼ਾਮ ਤੋਂ ਹੀ ਬੱਦਲਾਂ ਨੇ ਦਸਤਕ ਦੇਣੀ ਸ਼ੁਰੂ ਕਰ ਦਿੱਤੀ ਸੀ ਅਤੇ ਜਿਵੇਂ-ਜਿਵੇਂ ਦਿਨ ਚੜ੍ਹਦਾ ਗਿਆ, ਕਾਲੇ ਬੱਦਲ ਛਾ ਗਏ।।

ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ ਪੰਜਾਬ-ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ ਅਗਲੇ 4 ਦਿਨਾਂ ਤੱਕ ਗਰਜ਼-ਤੂਫ਼ਾਨ ਦੇ ਨਾਲ ਭਾਰੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।ਇਸ ਕਾਰਨ ਉੱਤਰੀ ਭਾਰਤ ਵਿੱਚ ਪੈ ਰਹੇ ਪੰਜਾਬ, ਹਰਿਆਣਾ, ਹਿਮਾਚਲ ਸਮੇਤ ਵੱਖ-ਵੱਖ ਰਾਜਾਂ ਵਿੱਚ ਪੈ ਰਹੀ ਕਹਿਰ ਦੀ ਗਰਮੀ ਤੋਂ ਰਾਹਤ ਮਿਲੇਗੀ।