ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਸੰਸਦ ਮੈਂਬਰ ਵਜੋਂ 5 ਜੁਲਾਈ ਨੂੰ ਸਹੁੰ ਚੁੱਕਣਗੇ, ਇੰਨੇ ਦਿਨਾਂ ਦੀ ਸ਼ਰਤਾਂ ਸਮੇਤ ਮਿਲੀ ਪੈਰੋਲ
2 ਜੁਲਾਈ 2024
ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਸੀਟ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਦੀ ਮਨਜ਼ੂਰੀ ਮਿਲ ਗਈ ਹੈ। ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਲਈ ਚਾਰ ਦਿਨਾਂ ਦੀ ਪੈਰੋਲ ਦਿੱਤੀ ਗਈ ਹੈ। ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੇ ਅੰਮ੍ਰਿਤਪਾਲ ਨੂੰ ਸ਼ਰਤਾਂ ਸਮੇਤ ਪੈਰੋਲ ਦੀ ਸਿਫਾਰਿਸ਼ ਕੀਤੀ ਸੀ। ਇਸ ਦੀਆਂ ਸਾਰੀਆਂ ਸ਼ਰਤਾਂ ਵੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤੀਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨੇ ਸੰਸਦ ਮੈਂਬਰ ਵੱਲੋਂ ਪ੍ਰਾਪਤ ਹੋਈ ਦਰਖਾਸਤ ’ਤੇ ਸਾਰੀ ਜਾਂਚ ਪ੍ਰਕਿਰਿਆ ਮੁਕੰਮਲ ਕਰਨ ਮਗਰੋਂ ਇਹ ਸਿਫ਼ਾਰਸ਼ ਕੀਤੀ ਹੈ। ਉਨ੍ਹਾਂ ਨੂੰ ਇਹ ਪੈਰੋਲ 5 ਜੁਲਾਈ ਤੋਂ 9 ਜੁਲਾਈ ਤੱਕ ਦਿੱਤੀ ਗਈ ਹੈ। ਇਸ ਦੀਆਂ ਸਥਿਤੀਆਂ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਬਰੂਗੜ੍ਹ ਜੇਲ੍ਹ ਪ੍ਰਸ਼ਾਸਨ ਨੂੰ ਵੀ ਜਾਣੂ ਕਰਵਾ ਦਿੱਤਾ ਗਿਆ ਹੈ।
ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਸਹੁੰ ਚੁੱਕਣਗੇ। ਉਹ ਡਿਬਰੂਗੜ੍ਹ ਜੇਲ੍ਹ ਤੋਂ ਸਿੱਧੇ ਸੰਸਦ ਜਾਣਗੇ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਦੇ ਕਮਰੇ ਵਿੱਚ ਸਹੁੰ ਚੁੱਕਣਗੇ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਆਪਣੇ ਸਾਥੀਆਂ ਸਮੇਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ।ਸੰਸਦ ਮੈਂਬਰ ਬਣਨ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਬੁਲਾਰੇ ਰਾਜਦੇਵ ਸਿੰਘ ਖਾਲਸਾ ਅਤੇ ਉਨ੍ਹਾਂ ਦੇ ਵਕੀਲ ਇਮਾਨ ਸਿੰਘ ਖਾਰਾ ਉਨ੍ਹਾਂ ਨੂੰ ਸਹੁੰ ਚੁੱਕਣ ਦੀ ਮੰਗ ਕਰ ਰਹੇ ਸਨ। ਇਸ ਸਬੰਧੀ ਅੰਮ੍ਰਿਤਪਾਲ ਸਿੰਘ ਵੱਲੋਂ ਸਹੁੰ ਚੁੱਕਣ ਲਈ ਜੇਲ੍ਹ ਸੁਪਰਡੈਂਟ ਨੂੰ ਪੱਤਰ ਵੀ ਲਿਖ ਕੇ ਡਿਪਟੀ ਕਮਿਸ਼ਨਰ ਨੂੰ ਭੇਜਿਆ ਗਿਆ, ਇੱਥੋਂ ਪੰਜਾਬ ਸਰਕਾਰ ਅਤੇ ਫਿਰ ਪੰਜਾਬ ਸਰਕਾਰ ਨੇ ਇਹ ਪੱਤਰ ਲੋਕ ਸਭਾ ਸਪੀਕਰ ਨੂੰ ਭੇਜਿਆ ਹੈ। ਇਹ ਸਿਫਾਰਿਸ਼ ਡਿਪਟੀ ਕਮਿਸ਼ਨਰ ਨੇ ਸਮੁੱਚੀ ਜਾਂਚ ਪ੍ਰਕਿਰਿਆ ਮੁਕੰਮਲ ਕਰਨ ਉਪਰੰਤ ਕੀਤੀ ਹੈ।
ਜਿਸ ਤੋਂ ਬਾਅਦ ਲੋਕ ਸਭਾ ਸਪੀਕਰ ਵੱਲੋਂ ਇਸ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਦਾ ਕਹਿਣਾ ਹੈ ਕਿ ਸੰਸਦ ਮੈਂਬਰ ਅੰਮ੍ਰਿਤਪਾਲ ਨੂੰ ਚਾਰ ਦਿਨ ਦੀ ਪੈਰੋਲ ਦਿੱਤੀ ਗਈ ਹੈ।