ਪੰਜਾਬ ’ਚ ਬਾਰਿਸ਼ ਕਾਰਨ ਡਿੱਗਿਆ ਤਾਪਮਾਨ, ਅੱਜ ਵੀ ਤੇਜ ਹਵਾਵਾਂ ਨਾਲ ਭਾਰੀ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਕਈ ਜਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ
ਮੌਸਮ ਵਿਭਾਗ,7 ਜੁਲਾਈ 2024
ਮੌਸਮ ਵਿਭਾਗ ਨੇ ਸੂਬੇ ’ਚ ਐਤਵਾਰ ਨੂੰ ਯੈਲੋ ਅਲਰਟ ਜਾਰੀ ਕਰਦਿਆਂ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ, ਜਿਸ ਦੌਰਾਨ ਕਈ ਜ਼ਿਲ੍ਹਿਆਂ ’ਚ ਭਾਰੀ ਤੇ ਕਈਆਂ ’ਚ ਬਹੁਤ ਜ਼ਿਆਦਾ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਦੇਰ ਰਾਤ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ’ਚ ਮੀਂਹ ਪਿਆ, ਜੋ ਸ਼ਨਿਚਰਵਾਰ ਸਵੇਰ ਤਕ ਜਾਰੀ ਰਿਹਾ। ਮੀਂਹ ਪੈਣ ਨਾਲ ਮੌਸਮ ਸੁਹਾਵਣਾ ਹੋ ਗਿਆ। ਸ਼ਨਿਚਰਵਾਰ ਨੂੰ ਪਏ ਮੀਂਹ ਨੇ ਕੁਝ ਸਮੇਂ ਲਈ ਲੋਕਾਂ ਨੂੰ ਰਾਹਤ ਤਾਂ ਜ਼ਰੂਰ ਦਿਵਾਈ, ਪਰ ਕੁਝ ਦੇਰ ਬਾਦ ਹੁੰਮਸ ਭਰੀ ਗਰਮੀ ਕਾਰਨ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ, ਪਰ ਬਾਅਦ ਦੁਪਹਿਰ ਛਾਏ ਬੱਦਲਾਂ ਕਾਰਨ ਮੌਸਮ ਮੁੜ ਸੁਹਾਵਣਾ ਹੋ ਗਿਆ।
ਜਾਣਕਾਰੀ ਮੁਤਾਬਕ, ਐਤਵਾਰ ਨੂੰ ਵੱਖ-ਵੱਖ ਜ਼ਿਲ੍ਹਿਆਂ ’ਚ ਮੀਂਹ ਪੈ ਸਕਦਾ ਹੈ। ਸ਼ਨਿਚਰਵਾਰ ਨੂੰ ਜ਼ਿਲ੍ਹਾ ਫਾਜ਼ਿਲਕਾ ਦਾ ਦਿਨ ਦਾ ਤਾਪਮਾਨ ਸਭ ਤੋਂ ਵੱਧ 37.7 ਸੈਲਸੀਅਸ ਰਿਕਾਰਡ ਕੀਤਾ ਗਿਆ। ਪਠਾਨਕੋਟ ਦਾ ਵੱਧ ਤੋਂ ਵੱਧ ਤਾਪਮਾਨ 35.9 ਡਿਗਰੀ, ਫ਼ਰੀਦਕੋਟ ਦਾ 35.8, ਲੁਧਿਆਣਾ ਦਾ 34.3 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। 24 ਘੰਟਿਆਂ ਦੌਰਾਨ ਜ਼ਿਲ੍ਹਾ ਪਟਿਆਲਾ ’ਚ ਸਭ ਤੋਂ ਵੱਧ 56 ਐੱਮਐੱਮ ਮੀਂਹ ਰਿਕਾਰਡ ਕੀਤਾ ਗਿਆ। ਇਸ ਤੋਂ ਇਲਾਵਾ ਫ਼ਰੀਦਕੋਟ ’ਚ 37.8 ਐੱਮਐੱਮ, ਗੁਰਦਾਸਪੁਰ ’ਚ 37.6 ਐੱਮਐੱਮ, ਅੰਮ੍ਰਿਤਸਰ ’ਚ 22.6 ਐੱਮਐੱਮ ਤੇ ਲੁਧਿਆਣਾ ’ਚ 13.8 ਐੱਮਐੱਮ ਮੀਂਹ ਰਿਕਾਰਡ ਕੀਤਾ ਗਿਆ। ਸੂਬੇ ਦੇ ਔਸਤ ਤਾਪਮਾਨ ’ਚ 2.6 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ ਹੈ, ਜੋ ਕਿ ਪਹਿਲਾਂ ਨਾਲੋਂ 4.5 ਡਿਗਰੀ ਸੈਲਸੀਅਸ ਘੱਟ ਹੈ। ਮੌਸਮ ਕੇਂਦਰ ਚੰਡੀਗੜ੍ਹ ਨੇ ਐਤਵਾਰ ਨੂੰ ਮੌਸਮ ਦਾ ਯੈਲੋ ਅਲਰਟ ਜਾਰੀ ਕੀਤਾ ਹੈ, ਜਿਸ ਨਾਲ ਕੁਝ ਜ਼ਿਲ੍ਹਿਆਂ ’ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਪ੍ਰਗਟ ਕੀਤੀ ਗਈ ਹੈ।