ਐਡਵੋਕੇਟ ਧਾਮੀ ਨੇ ਫਿਲਮ ਦੀ ਸ਼ੂਟਿੰਗ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ ਬੇਅਦਬੀ ਕਰਨ ਦਾ ਲਿਆ ਸਖ਼ਤ ਨੋਟਿਸ
ਫਿਲਮਾਂ ਅਤੇ ਸੀਰੀਅਲਾਂ ਵਿੱਚ ਪੈਸੇ ਦੀ ਖਾਤਰ ਗੁਰਬਾਣੀ ਦੀ ਬੇਅਦਬੀ ਅਤੇ ਸਿੱਖ ਪਰੰਪਰਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਕਾਰਵਾਈਆਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ।
ਐਡਵੋਕੇਟ ਧਾਮੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਧਿਆਨ ਵਿੱਚ ਆਇਆ ਹੈ ਕਿ ਚੰਡੀਗੜ੍ਹ ਨੇੜੇ ਘੜੂੰਆਂ ਵਿਖੇ ਸੀਰੀਅਲ ਦੀ ਸ਼ੂਟਿੰਗ ਲਈ ਤਿਆਰ ਕੀਤੇ ਗਏ ਸੈੱਟ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦੀ ਨਕਲ ਕਰਕੇ ਆਨੰਦ ਕਾਰਜ ਦਾ ਦ੍ਰਿਸ਼ ਫਿਲਮਾਇਆ ਗਿਆ ਹੈ, ਜੋ ਕਿ ਘੋਰ ਉਲੰਘਣਾ ਹੈ।ਭਾਵੇਂ ਸੰਗਤ ਨੇ ਇਸ ਨੂੰ ਰੋਕਣ ਦਾ ਉੱਦਮ ਕੀਤਾ ਹੈ ਪਰ ਪੁਲੀਸ ਪ੍ਰਸ਼ਾਸਨ ਨੂੰ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਫਿਲਮਾਂ ਦੀ ਸ਼ੂਟਿੰਗ ਦੌਰਾਨ ਵਿਸ਼ੇਸ਼ ਧਿਆਨ ਰੱਖਿਆ ਜਾਵੇ ਤਾਂ ਜੋ ਸਿੱਖ ਪਰੰਪਰਾਵਾਂ ਅਤੇ ਸਿਧਾਂਤਾਂ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਨਾ ਹੋਵੇ। ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਕੁਝ ਲੋਕ ਸਿਰਫ਼ ਪੈਸੇ ਕਮਾਉਣ ਦੀ ਖ਼ਾਤਰ ਵਪਾਰਕ ਹਿੱਤਾਂ ਤਹਿਤ ਧਰਮ ਦੀਆਂ ਰਵਾਇਤਾਂ ਦੀ ਉਲੰਘਣਾ ਕਰਦੇ ਹਨ।
ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਘਟਨਾ ਬਾਰੇ ਰਿਪੋਰਟ ਲਈ ਜਾਵੇਗੀ ਤਾਂ ਜੋ ਮੁਲਜ਼ਮਾਂ ਖ਼ਿਲਾਫ਼ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।