SC ਨੇ ਅਰਵਿੰਦ ਕੇਜਰੀਵਾਲ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪਰ ਦਿੱਲੀ ਦੇ ਮੁੱਖ ਮੰਤਰੀ ਤਿਹਾੜ ਜੇਲ ‘ਚ ਹੀ ਰਹਿਣਗੇ।

ਨਵੀਂ ਦਿੱਲੀ:12 ਜੁਲਾਈ 2024

ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਹੈ। ਪਰ ਕੇਜਰੀਵਾਲ ਜੇਲ੍ਹ ਵਿੱਚ ਹੀ ਰਹਿਣਗੇ ਕਿਉਂਕਿ ਇਸ ਵੇਲੇ ਉਨ੍ਹਾਂ ਤੋਂ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵੱਲੋਂ ਇੱਕ ਵੱਖਰੇ ਕੇਸ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ।

ਜਸਟਿਸ ਸੰਜੀਵ ਖੰਨਾ ਅਤੇ ਦੀਪਾਂਕਰ ਦੱਤਾ ਦੀ ਬੈਂਚ ਨੇ ਇਹ ਫੈਸਲਾ ਸੁਣਾਇਆ। ਈਡੀ ਦੁਆਰਾ ਦਾਇਰ ਐਕਸਾਈਜ਼ ਪਾਲਿਸੀ ਕੇਸ ਵਿੱਚ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਦਿੰਦੇ ਹੋਏ ਅਦਾਲਤ ਨੇ ਕਿਹਾ ਕੇਜਰੀਵਾਲ 90 ਦਿਨਾਂ ਤੋਂ ਵੱਧ ਸਮੇਂ ਲਈ ਜੇਲ੍ਹ ਕੱਟ ਚੁੱਕੇ ਹਨ। ਉਹ ਇੱਕ ਚੁਣੇ ਹੋਏ ਨੇਤਾ ਹਨ ਅਤੇ ਇਹ ਉਹਨਾਂ ਤੇ ਨਿਰਭਰ ਕਰਦਾ ਹੈ ਕਿ ਉਹ ਇਸ ਭੂਮਿਕਾ ਤੇ ਬਣੇ ਰਹਿਣਾ ਚਾਹੁੰਦੇ ਹਨ ਜਾਂ ਨਹੀਂ।

ਹਾਲਾਂਕਿ, ਦਿੱਲੀ ਦੇ ਮੁੱਖ ਮੰਤਰੀ ਅਜੇ ਵੀ ਜੇਲ੍ਹ ਵਿੱਚ ਰਹਿਣਗੇ ਕਿਉਂਕਿ ਉਨ੍ਹਾਂ ਨੂੰ ਸੀਬੀਆਈ ਨੇ ਆਬਕਾਰੀ ਨੀਤੀ ਕੇਸ ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਸੀ। ਕੇਜਰੀਵਾਲ ਨੇ ਸੀਬੀਆਈ ਮਾਮਲੇ ‘ਚ ਜ਼ਮਾਨਤ ਲਈ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ, ਜਿਸ ‘ਤੇ ਅਦਾਲਤ ਵੱਲੋਂ 17 ਜੁਲਾਈ ਨੂੰ ਸੁਣਵਾਈ ਹੋਣ ਦੀ ਉਮੀਦ ਹੈ।