ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ‘ਤੇ ਨਕੇਲ ਪਾਉਣ ਲਈ ਪੁਲਿਸ ਵਿਸ਼ੇਸ਼ ਨਾਕੇ ਸਥਾਪਿਤ ਕਰੇਗੀ – ਏ.ਡੀ.ਜੀ.ਪੀ. ਏ.ਐਸ. ਰਾਏ

16 ਜੁਲਾਈ 2024

ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏ.ਡੀ.ਜੀ.ਪੀ.) ਟਰੈਫਿਕ ਅਤੇ ਸੜਕ ਸੁਰੱਖਿਆ ਅਮਰਦੀਪ ਸਿੰਘ ਰਾਏ ਵੱਲੋਂ ਐਲਾਨ ਕੀਤਾ ਗਿਆ ਕਿ ਪੰਜਾਬ ਪੁਲਿਸ ਸੜਕੀ ਹਾਦਸਿਆਂ ਦਾ ਮੁੱਖ ਕਾਰਨ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਨੂੰ ਨੱਥ ਪਾਉਣ ਲਈ ਰਾਸ਼ਟਰੀ ਅਤੇ ਰਾਜ ਮਾਰਗਾਂ ‘ਤੇ ਵਿਸ਼ੇਸ਼ ਸੁਰੱਖਿਆ ਨਾਕੇ ਸਥਾਪਤ ਕਰੇਗੀ।

ਟ੍ਰੈਫਿਕ ਐਸ.ਪੀਜ਼, ਡੀ.ਐਸ.ਪੀਜ਼ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ, ਏ.ਡੀ.ਜੀ.ਪੀ. ਰਾਏ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ 800 ਨਵੇਂ ਐਲਕੋਮੀਟਰ ਆਰਡਰ ਕੀਤੇ ਹਨ, ਜੋ ਕਿ ਸਾਰੇ ਜ਼ਿਲ੍ਹਿਆਂ ਵਿੱਚ ਵੰਡੇ ਜਾਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸ਼ਰਾਬ ਪੀ ਕੇ ਗੱਡੀ ਚਲਾਉਣਾ ਸੜਕ ਹਾਦਸਿਆਂ ਦਾ ਇੱਕ ਵੱਡਾ ਕਾਰਨ ਹੈ ਅਤੇ ਪੰਜਾਬ ਪੁਲਿਸ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ।

ਏ.ਡੀ.ਜੀ.ਪੀ. ਰਾਏ ਨੇ ਇਹ ਵੀ ਖੁਲਾਸਾ ਕੀਤਾ ਕਿ ਡੀ.ਜੀ.ਪੀ. ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਵਰਤਣ ਵਾਲੇ ਚਾਲਕਾਂ ਨਾਲ ਨਜਿੱਠਣ ਲਈ 27 ਹਾਈਟੈਕ ਇੰਟਰਸੈਪਟਰ ਵਾਹਨ ਵੀ ਖਰੀਦੇ ਜਾ ਰਹੇ ਹਨ। ਉਨ੍ਹਾਂ ਅਵਾਰਾ ਪਸ਼ੂਆਂ ਕਾਰਨ ਹੋਣ ਵਾਲੇ ਸੜਕ ਹਾਦਸਿਆਂ ਦੇ ਮੁੱਦੇ ਨੂੰ ਵੀ ਸੰਬੋਧਿਤ ਕਰਦੇ ਹੋਏ ਦੱਸਿਆ ਕਿ ਇਸ ਸਮੱਸਿਆ ਕਾਰਨ ਹਰ ਸਾਲ ਲਗਭਗ 350 ਮੌਤਾਂ ਹੁੰਦੀਆਂ ਹਨ। ਇਸ ਮੁੱਦੇ ਨੂੰ ਹੱਲ ਕਰਨ ਲਈ ਵੱਖ-ਵੱਖ ਵਿਭਾਗ ਸਰਗਰਮੀ ਨਾਲ ਕੰਮ ਕਰ ਰਹੇ ਹਨ, ਜਿਸ ਵਿੱਚ ਨਗਰ ਨਿਗਮ, ਪਸ਼ੂ ਪਾਲਣ ਅਤੇ ਹੋਰ ਸ਼ਾਮਲ ਹਨ। ਇਸ ਤੋਂ ਇਲਾਵਾ, ਪੰਜਾਬ ਵਿੱਚ ਹਾਲ ਹੀ ਵਿੱਚ ਸ਼ੁਰੂ ਕੀਤੀ ਗਈ ਪ੍ਰਣਾਲੀ ਤਹਿਤ ਜ਼ਿਲ੍ਹਿਆਂ ਨੂੰ 900 ਈ-ਚਲਾਨ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ।

ਇਨ੍ਹਾਂ ਉਪਰਾਲਿਆਂ ਸਦਕਾ ਪੰਜਾਬ ਵਿੱਚ ਸੜਕ ਹਾਦਸਿਆਂ ਦੀ ਗਿਣਤੀ ਵਿੱਚ ਹੋਰ ਕਮੀ ਆਉਣ ਦੀ ਉਮੀਦ ਹੈ।

ਏ.ਡੀ.ਜੀ.ਪੀ. ਰਾਏ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦਿਮਾਗੀ ਕਾਢ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.) ਦੀ ਤਾਇਨਾਤੀ ਦੇ ਸਕਾਰਾਤਮਕ ਪ੍ਰਭਾਵ ‘ਤੇ ਚਾਨਣਾ ਪਾਇਆ, ਜਿਸ ਦੇ ਨਤੀਜੇ ਵਜੋਂ ਸੜਕ ਹਾਦਸਿਆਂ ਦੀਆਂ ਮੌਤਾਂ ਵਿੱਚ 15-20 ਫੀਸਦ ਕਮੀ ਆਈ ਹੈ। ਘੱਟ ਉਮਰ ਦੀ ਡਰਾਈਵਿੰਗ ‘ਤੇ, ਜ਼ਿਲ੍ਹਾ ਪੁਲਿਸ ਦਾ ਟ੍ਰੈਫਿਕ ਵਿੰਗ ਪਹਿਲੇ ਪੜਾਅ ਵਿੱਚ ਕਾਨੂੰਨੀ ਵਿਵਸਥਾਵਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਸਕੂਲ ਪ੍ਰਬੰਧਕਾਂ ਨਾਲ ਸਹਿਯੋਗ ਕਰੇਗਾ। ਅਗਲੇ ਪੜਾਅ ਵਿੱਚ ਇਸ ਮੁੱਦੇ ਨੂੰ ਹੱਲ ਕਰਨ ਲਈ ਨਾਬਾਲਗ ਡਰਾਈਵਰਾਂ ਅਤੇ ਉਨ੍ਹਾਂ ਦੇ ਮਾਪਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।