ਬਠਿੰਡਾ ’ਚ ਮੈਗਾ ਫੂਡ ਪਾਰਕ ਬਣਾਉਣ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋ ਵਕਾਲਤ
20 ਜੁਲਾਈ 2024
ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਚਿਰਾਗ ਪਾਸਵਾਨ ਨੂੰ ਬਠਿੰਡਾ ਵਿੱਚ ਮੈਗਾ ਫੂਡ ਪਾਰਕ ਸਥਾਪਤ ਕਰਨ ਦੀ ਤਜਵੀਜ਼ ਸੌਂਪੀ ਹੈ ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਬਠਿੰਡਾ ਵਿੱਚ ਮੈਗਾ ਫੂਡ ਪਾਰਕ ਸਥਾਪਤ ਕਰਨ ਲਈ ਸੂਬਾ ਸਰਕਾਰ ਵੱਲੋਂ ਲੋੜੀਂਦੀ ਜ਼ਮੀਨ ਮੁਹੱਈਆ ਕਰਵਾਈ ਜਾਵੇਗੀ। ਖੁੱਡੀਆਂ ਨੇ ਨਵੀਂ ਦਿੱਲੀ ਵਿੱਚ ਕੇਂਦਰੀ ਮੰਤਰੀ ਨਾਲ ਮੁਲਾਕਾਤ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਖੇਤੀ ਪੈਦਾਵਾਰ ਵਿੱਚ ਗੁਣਾਤਮਕ ਵਾਧਾ ਕਰ ਕੇ ਉਨ੍ਹਾਂ ਦੀ ਆਮਦਨ ਵਿੱਚ ਇਜ਼ਾਫਾ ਕਰਨ ਦੇ ਨਾਲ-ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਯਤਨਸ਼ੀਲ ਹੈ। ਖੁੱਡੀਆਂ ਨੇ ਮਾਲਵਾ ਖਿੱਤੇ ਵਿੱਚ ਮੈਗਾ ਫੂਡ ਪਾਰਕ ਦੀ ਲੋੜ ਬਾਰੇ ਗੱਲ ਕਰਦਿਆਂ ਕਿਹਾ ਕਿ ਇਹ ਮੈਗਾ ਫੂਡ ਪਾਰਕ ਛੇਤੀ ਖ਼ਰਾਬ ਹੋਣ ਵਾਲੀਆਂ ਖੇਤੀ ਉਪਜਾਂ ਤੋਂ ਪ੍ਰੋਸੈਸਡ ਫੂਡ ਉਤਪਾਦਾਂ ਦਾ ਨਿਰਮਾਣ ਕਰ ਕੇ ਘਰੇਲੂ ਅਤੇ ਵਿਦੇਸ਼ੀ ਮਾਰਕੀਟ ਲਈ ਢੁੱਕਵਾਂ ਤੇ ਲਾਹੇਵੰਦ ਸਾਬਤ ਹੋਵੇਗਾ। ਖੁੱਡੀਆਂ ਨੇ ਦੱਸਿਆ ਕਿ ਫੂਡ ਪ੍ਰੋਸੈਸਿੰਗ ਮੰਤਰਾਲੇ ਦੀ ਮੈਗਾ ਫੂਡ ਪਾਰਕ ਸਕੀਮ ਅਧੀਨ ਲੁਧਿਆਣਾ ਜ਼ਿਲ੍ਹੇ ਵਿੱਚ ਲਾਡੋਵਾਲ ਵਿੱਚ ਸਥਾਪਤ ਮੈਗਾ ਫੂਡ ਪਾਰਕ ਦੀ ਸਫ਼ਲਤਾ ਨੂੰ ਵੇਖਦਿਆਂ ਮਾਲਵੇ ਵਿੱਚ ਇੱਕ ਹੋਰ ਮੈਗਾ ਫੂਡ ਪਾਰਕ ਸਥਾਪਤ ਕੀਤੇ ਜਾਣ ਦੀਆਂ ਵੱਡੀਆਂ ਸੰਭਾਵਨਾਵਾਂ ਹਨ। ਪੰਜਾਬ ਦੇ ਕੈਬਨਿਟ ਮੰਤਰੀ ਨੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਨੂੰ ਲਾਡੋਵਾਲ ਮੈਗਾ ਫੂਡ ਪਾਰਕ ਲਈ ਗ੍ਰਾਂਟ-ਇਨ-ਏਡ ਦੀ ਪੈਂਡਿੰਗ ਪਈ ਚੌਥੀ ਕਿਸ਼ਤ ਜਾਰੀ ਕਰਨ ਲਈ ਦਖ਼ਲ ਦੇਣ ਅਤੇ ਅੰਮ੍ਰਿਤਸਰ ਵਿੱਚ ਲੋੜੀਂਦੀ ਮਾਨਤਾ ਸਮੇਤ ਫੂਡ ਟੈਸਟਿੰਗ ਲੈਬਾਰਟਰੀ ਸਥਾਪਤ ਕਰਨ ਲਈ ਵੀ ਅਪੀਲ ਕੀਤੀ।