ਬੰਗਲਾਦੇਸ਼ ਵਿੱਚ ਹਿੰਸਕ ਪ੍ਰਦਰਸ਼ਨਾਂ ਨੂੰ ਰੋਕਣ ਲਈ ਦੇਸ਼ ਭਰ ਵਿੱਚ ਕਰਫਿਊ ,ਉਲੰਘਣਾ ਕਰਨ ਵਾਲਿਆਂ ਨੂੰ ਦੇਖਦੇ ਹੀ ਗੋਲੀ ਮਾਰਨ ਦੇ ਹੁਕਮ, ਸੁਪਰੀਮ ਕੋਰਟ ਅੱਜ ਕਰੇਗੀ ਫੈਸਲਾ
21 ਜੁਲਾਈ 2024
ਬੰਗਲਾਦੇਸ਼ ਵਿੱਚ ਹਿੰਸਾ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਰਾਖਵੇਂਕਰਨ ਵਿਰੁੱਧ ਹੋ ਰਹੇ ਹਿੰਸਕ ਪ੍ਰਦਰਸ਼ਨਾਂ ਨੂੰ ਰੋਕਣ ਲਈ ਦੇਸ਼ ਭਰ ਵਿੱਚ ਕਰਫਿਊ ਲਗਾ ਦਿੱਤਾ ਗਿਆ ਹੈ। ਹੁਣ ਸਰਕਾਰ ਵੀ ਐਕਸ਼ਨ ਮੋਡ ਵਿੱਚ ਆ ਗਈ ਹੈ ਅਤੇ ਪੁਲਿਸ ਨੂੰ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਨੂੰ ਦੇਖਦੇ ਹੀ ਗੋਲੀ ਮਾਰਨ ਦੇ ਹੁਕਮ ਦਿੱਤੇ ਹਨ।
ਤੁਹਾਨੂੰ ਦੱਸ ਦੇਈਏ ਕਿ ਇਸ ਹਫਤੇ ਹੋਈ ਹਿੰਸਾ ‘ਚ ਹੁਣ ਤੱਕ ਘੱਟੋ-ਘੱਟ 133 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜੋ ਕਿ 15 ਸਾਲਾਂ ਤੋਂ ਸੱਤਾ ‘ਤੇ ਕਾਬਜ਼ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਸਰਕਾਰ ਲਈ ਵੱਡੀ ਚੁਣੌਤੀ ਸਾਬਤ ਹੋ ਰਹੀ ਹੈ। ਸ਼ੇਖ ਹਸੀਨਾ ਨੇ ਯੋਜਨਾਬੱਧ ਕੂਟਨੀਤਕ ਦੌਰੇ ਲਈ ਦੇਸ਼ ਛੱਡਣਾ ਸੀ, ਪਰ ਵਿਰੋਧ ਪ੍ਰਦਰਸ਼ਨਾਂ ਕਾਰਨ ਆਪਣੀ ਯੋਜਨਾ ਨੂੰ ਰੱਦ ਕਰ ਦਿੱਤਾ।
ਇਸ ਦੌਰਾਨ ਬੰਗਲਾਦੇਸ਼ ਤੋਂ 1 ਹਜ਼ਾਰ ਤੋਂ ਵੱਧ ਭਾਰਤੀ ਵਿਦਿਆਰਥੀ ਵੱਖ-ਵੱਖ ਸਰਹੱਦਾਂ ਜਾਂ ਹਵਾਈ ਜਹਾਜ਼ ਰਾਹੀਂ ਭਾਰਤ ਪਰਤੇ ਹਨ।ਦੂਜੇ ਪਾਸੇ ਕੋਟਾ ਪ੍ਰਣਾਲੀ ਨੂੰ ਲੈ ਕੇ ਹੋ ਰਹੇ ਹੰਗਾਮੇ ਦਰਮਿਆਨ ਬੰਗਲਾਦੇਸ਼ ਦੀ ਸੁਪਰੀਮ ਕੋਰਟ ਅੱਜ ਫੈਸਲਾ ਕਰੇਗੀ ਕਿ ਵਿਵਾਦਤ ਨੌਕਰੀ ਕੋਟਾ ਖਤਮ ਕੀਤਾ ਜਾਣਾ ਚਾਹੀਦਾ ਹੈ ਜਾਂ ਨਹੀਂ।ਬੰਗਲਾਦੇਸ਼ ਵਿੱਚ ਅਧਿਕਾਰੀਆਂ ਨੇ ਪੂਰੇ ਇੰਟਰਨੈਟ ਨੂੰ ਬੰਦ ਕਰ ਦਿੱਤਾ ਹੈ, ਜਿਸ ਨਾਲ ਦੇਸ਼ ਭਰ ਵਿੱਚ ਸੰਚਾਰ ਵਿੱਚ ਬੁਰੀ ਤਰ੍ਹਾਂ ਵਿਘਨ ਪਿਆ ਹੈ।