ਬਟਾਲਾ ‘ਚ ਦੋ ਧਿਰਾਂ ਵਿਚਾਲੇ ਗੋਲੀਕਾਂਡ ਵਿੱਚ ਇਕ ਨੌਜਵਾਨ ਦੀ ਮੌਤ ਤੇ ਦੂਜਾ ਗੰਭੀਰ ਜ਼ਖ਼ਮੀ

ਬਟਾਲਾ,23 ਜੁਲਾਈ 2024

ਮੰਗਲਵਾਰ ਨੂੰ ਬਾਅਦ ਦੁਪਹਿਰ ਬਟਾਲਾ ‘ਚ ਦੋ ਧਿਰਾਂ ਵਿਚਾਲੇ ਗੋਲ਼ੀਆਂ ਚੱਲੀਆਂ। ਇਸ ਗੋਲੀਕਾਂਡ ‘ਚ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਜ਼ਖਮੀ ਹੈ। ਗੰਭੀਰ ਜ਼ਖ਼ਮੀ ਨੌਜਵਾਨ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਹੈ ਜਿੱਥੇ ਹਾਲਤ ਗੰਭੀਰ ਦੇਖਦਿਆਂ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ।

ਡੀਐਸਪੀ ਏਡੀ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਭਾਈਆਂ ਵਾਲੀ ਗਲੀ ਸਿੰਬਲ ਗੁਰਦਾਸਪੁਰ ਰੋਡ ਬਟਾਲਾ ਵਿਖੇ ਦੋ ਧਿਰਾਂ ‘ਚ ਗੋਲ਼ੀ ਚੱਲੀ ਹੈ। ਉਨ੍ਹਾਂ ਕਿਹਾ ਕਿ ਘਟਨਾ ਸਥਾਨ ਤੋਂ ਮੌਕਾ ਦੇਖਣ ਤੋਂ ਬਾਅਦ ਸਿਵਲ ਹਸਪਤਾਲ ਬਟਾਲਾ ਆਏ ਹਨ। ਉਨ੍ਹਾਂ ਦੱਸਿਆ ਕਿ ਇਸ ਗੋਲੀਬਾਰੀ ਦੌਰਾਨ ਯੁੱਧਵੀਰ ਸਿੰਘ ਨਾਮੀ ਨੌਜਵਾਨ ਦੀ ਮੌਤ ਹੋ ਗਈ ਹੈ ਜਦਕਿ ਰਾਹੁਲ ਦਾਤਰ ਗੰਭੀਰ ਜ਼ਖ਼ਮੀ ਹੋਇਆ ਜਿਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋ ਧਿਰਾਂ ‘ਚ ਫਾਇਰਿੰਗ ਕਿਸ ਗੱਲ ਨੂੰ ਲੈ ਕੇ ਹੋਈ, ਇਸ ਦੀ ਜਾਂਚ ਕੀਤੀ ਜਾ ਰਹੀ ਹੈ।