ਸੁਪਰੀਮ ਕੋਰਟ ਨੇ ਪੰਜਾਬ – ਹਰਿਆਣਾ ਸ਼ੰਭੂ ਸਰਹੱਦ ‘ਤੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਦੇ ਦਿੱਤੇ ਹੁਕਮ – ਮਸਲੇ ਦੇ ਹੱਲ ਲਈ ਕਮੇਟੀ ਬਣਾਉਣ ਅਤੇ ਪੜਾਅਵਾਰ ਬੈਰੀਕੇਡਾਂ ਹਟਾਉਣ ਲਈ ਕਿਹਾ
ਸੁਪਰੀਮ ਕੋਰਟ ਨੇ ਅੰਬਾਲਾ ਨੇੜੇ ਪੰਜਾਬ – ਹਰਿਆਣਾ ਸ਼ੰਭੂ ਸਰਹੱਦ ‘ਤੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਦੇ ਹੁਕਮ ਦੇਂਦਿਆਂ ਕਿਸਾਨਾਂ ਦੇ ਮਸਲੇ ਦੇ ਹੱਲ ਲਈ ਇੱਕ ਸੁਤੰਤਰ ਕਮੇਟੀ ਬਣਾਉਣ ਅਤੇ ਪੜਾਅਵਾਰ ਸ਼ੰਭੂ ਸਰਹੱਦ ‘ਤੇ ਬੈਰੀਕੇਡਾਂ ਨੂੰ ਹਟਾਉਣ ਲਈ ਕਦਮ ਚੁੱਕਣ ਦੇ ਹੁਕਮ ਦਿੱਤੇ ਹਨ l
ਕਿਸਾਨਾਂ ਨੇ 13 ਫਰਵਰੀ ਤੋਂ ਸ਼ੰਭੂ ਸਰਹੱਦ ‘ਤੇ ਡੇਰੇ ਲਾਏ ਹੋਏ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਉਹ ਸੁਤੰਤਰ ਕਮੇਟੀ ਬਣਾਉਣ ਦਾ ਪ੍ਰਸਤਾਵ ਰੱਖਦਾ ਹੈ। ਇਹ ਕਮੇਟੀ ਕਿਸਾਨਾਂ ਅਤੇ ਹੋਰ ਹਿੱਸੇਦਾਰਾਂ ਨਾਲ ਉਨ੍ਹਾਂ ਦੀਆਂ ਮੰਗਾਂ ਦਾ ਸਾਰਥਿਕ ਹੱਲ ਲੱਭਣ ਲਈ ਤਾਲਮੇਲ ਕਰੇਗੀ, ਜੋ ਕਿ ਨਿਰਪੱਖ, ਬਰਾਬਰੀ ਵਾਲਾ ਅਤੇ ਸਾਰਿਆਂ ਦੇ ਹਿੱਤ ਵਿੱਚ ਹੈ।ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਨੂੰ ਵੀ ਕਿਹਾ ਹੈ ਕਿ ਉਹ ਪੜਾਅਵਾਰ ਸ਼ੰਭੂ ਸਰਹੱਦ ‘ਤੇ ਬੈਰੀਕੇਡਾਂ ਨੂੰ ਹਟਾਉਣ ਲਈ ਕਦਮ ਚੁੱਕਣ ਤਾਂ ਜੋ ਲੋਕਾਂ ਨੂੰ ਕੋਈ ਅਸੁਵਿਧਾ ਨਾ ਹੋਵੇ।
ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਫੈਸਲੇ ਖਿਲਾਫ ਹਰਿਆਣਾ ਸਰਕਾਰ ਸੁਪਰੀਮ ਕੋਰਟ ਪਹੁੰਚੀ ਸੀ।
ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਨੈਸ਼ਨਲ ਹਾਈਵੇ-1 ‘ਤੇ ਸਥਿਤ ਸ਼ੰਭੂ ਬਾਰਡਰ ਨੂੰ ਇਕ ਹਫ਼ਤੇ ਅੰਦਰ ਖੋਲ੍ਹਣ ਦੇ ਹੁਕਮ ਦਿੱਤੇ ਸਨ। ਹਾਈ ਕੋਰਟ ਦੇ ਹੁਕਮਾਂ ਅਨੁਸਾਰ ਸ਼ੰਭੂ ਬਾਰਡਰ 24 ਜੁਲਾਈ ਯਾਨੀ ਅੱਜ ਤੱਕ ਖੋਲ੍ਹਿਆ ਜਾਣਾ ਸੀ ਪਰ ਹਰਿਆਣਾ ਸਰਕਾਰ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਸੁਪਰੀਮ ਕੋਰਟ ਪਹੁੰਚ ਗਈ। ਹਰਿਆਣਾ ਸਰਕਾਰ ਨੇ ਕਾਨੂੰਨ ਵਿਵਸਥਾ ਦਾ ਹਵਾਲਾ ਦਿੰਦੇ ਹੋਏ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਬੁੱਧਵਾਰ ਨੂੰ ਹਰਿਆਣਾ ਹਾਈਕੋਰਟ ‘ਚ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਆਪਣੇ ਆਦੇਸ਼ ‘ਚ ਹਾਈਕੋਰਟ ਦੇ ਫੈਸਲੇ ‘ਤੇ ਰੋਕ ਲਗਾ ਦਿੱਤੀ ਅਤੇ ਕਿਹਾ ਕਿ ਸ਼ੰਭੂ ਸਰਹੱਦ ਨੇੜੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖੀ ਜਾਵੇ, ਜਿੱਥੇ ਕਿਸਾਨ 13 ਫਰਵਰੀ ਤੋਂ ਡੇਰੇ ਲਾਏ ਹੋਏ ਹਨ।
ਪੰਜਾਬ ਅਤੇ ਹਰਿਆਣਾ ਤੋਂ ਕਮੇਟੀ ਲਈ ਨਾਵਾਂ ਦੇ ਸੁਝਾਅ ਮੰਗੇ
ਸੁਪਰੀਮ ਕੋਰਟ ਨੇ ਉੱਘੇ ਲੋਕਾਂ ਦੀ ਕਮੇਟੀ ਬਣਾਉਣ ਦਾ ਪ੍ਰਸਤਾਵ ਦਿੱਤਾ ਹੈ। ਇਹ ਕਮੇਟੀ ਕਿਸਾਨਾਂ ਅਤੇ ਹੋਰ ਹਿੱਸੇਦਾਰਾਂ ਨਾਲ ਮੁਲਾਕਾਤ ਕਰੇਗੀ ਅਤੇ ਉਨ੍ਹਾਂ ਦੀ ਗੱਲ ਸੁਣੇਗੀ ਅਤੇ ਇੱਕ ਵਿਹਾਰਕ ਹੱਲ ਲੱਭੇਗੀ ਜੋ ਨਿਰਪੱਖ, ਬਰਾਬਰੀ ਵਾਲਾ ਅਤੇ ਸਾਰਿਆਂ ਦੇ ਹਿੱਤ ਵਿੱਚ ਹੋਵੇ। ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਸੁਤੰਤਰ ਕਮੇਟੀ ਲਈ ਮੈਂਬਰਾਂ ਦੇ ਨਾਂ ਸੁਝਾਉਣ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਦੋਨਾਂ ਰਾਜਾਂ ਨੂੰ ਇੱਕ ਹਫ਼ਤੇ ਦੇ ਅੰਦਰ ਨਾਮ ਸੁਝਾਉਣ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਨੂੰ ਵੀ ਕਿਹਾ ਹੈ ਕਿ ਉਹ ਪੜਾਅਵਾਰ ਸ਼ੰਭੂ ਸਰਹੱਦ ‘ਤੇ ਬੈਰੀਕੇਡਾਂ ਨੂੰ ਹਟਾਉਣ ਲਈ ਕਦਮ ਚੁੱਕਣ ਤਾਂ ਜੋ ਲੋਕਾਂ ਨੂੰ ਕੋਈ ਅਸੁਵਿਧਾ ਨਾ ਹੋਵੇ।
ਸੰਕੇਤਕ ਤਸਵੀਰ