ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਵਿਰੋਧੀ ਕਾਰਵਾਈਆਂ ਕਰਨ ਵਾਲਿਆਂ ਨੂੰ ਪਾਰਟੀ ‘ਚੋਂ ਕੱਢਿਆ ਬਾਹਰ
30 ਜੁਲਾਈ 2024
ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਵਾਲਿਆਂ ਨੂੰ ਪਾਰਟੀ ਵਿਚੋਂ ਬਾਹਰ ਕੱਢ ਦਿੱਤਾ ਹੈ। ਇਸ ਦੇ ਨਾਲ ਹੀ 7 ਵਿਧਾਨ ਸਭਾ ਹਲਕਿਆਂ ਦੇ ਮੌਜੂਦਾ ਇੰਚਾਰਜ ਵੀ ਹਟਾ ਦਿੱਤੇ ਹਨ।
ਦੱਸ ਦਈਏ ਕਿ ਅੱਜ ਚੰਡੀਗੜ੍ਹ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਇਹ ਮੀਟਿੰਗ ਸ. ਬਲਵਿੰਦਰ ਸਿੰਘ ਭੂੰਦੜ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਕਮੇਟੀ ਦੇ ਮੈਂਬਰ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਗੁਲਜਾਰ ਸਿੰਘ ਰਾਣੀਕੇ (ਟੈਲੀਫੋਨ ਰਾਹੀਂ) ਸ਼ਾਮਲ ਹੋਏ। ਮੀਟਿੰਗ ਵਿੱਚ ਪਿਛਲੇ ਲੰਮੇ ਸਮੇ ਤੋਂ ਪਾਰਟੀ ਦੇ ਕੁਝ ਸੀਨੀਅਰ ਆਗੂਆਂ ਵੱਲੋਂ ਲਗਾਤਾਰ ਇੱਕ ਸਾਜਿਸ਼ ਤਹਿਤ ਕੀਤੀਆਂ ਜਾ ਰਹੀਆਂ ਪਾਰਟੀ ਵਿਰੋਧੀ ਕਾਰਵਾਈਆਂ ਦਾ ਗੰਭੀਰਤਾ ਨਾਲ ਨੋਟਿਸ ਲੈਂਦਿਆਂ ਪਾਰਟੀ ਦੇ ਹੇਠ ਲਿਖੇ ਆਗੂਆਂ, ਜਿਨ੍ਹਾਂ ਵਿੱਚ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜਗੀਰ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪਰਮਿੰਦਰ ਸਿੰਘ ਢੀਂਡਸਾ, ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ, ਸੁਰਿੰਦਰ ਸਿੰਘ ਠੇਕੇਦਾਰ ਅਤੇ ਚਰਨਜੀਤ ਸਿੰਘ ਬਰਾੜ ਸ਼ਾਮਲ ਹਨ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਗਿਆ।
ਮੀਟਿੰਗ ਤੋਂ ਬਾਅਦ ਅਨਸ਼ਾਸ਼ਨੀ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਭੂੰਦੜ ਨੇ ਪ੍ਰੈਸ ਨੂੰ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਅਨੁਸ਼ਾਸ਼ਨੀ ਕਮੇਟੀ ਲੰਮੇ ਵਿਚਾਰ ਵਟਾਂਦਰੇ ਤੋਂ ਬਾਅਦ ਇਸ ਨਿਚੋੜ ਤੇ ਪਹੁੰਚੀ ਕਿ ਉਪਰੋਕਤ ਸਾਰੇ ਆਗੂਆਂ ਦਾ ਇੱਕੋ-ਇੱਕ ਮਕਸਦ ਪਾਰਟੀ ਦੇ ਦੁਸ਼ਮਣਾਂ ਦੀ ਸ਼ਹਿ ‘ਤੇ ਸ਼੍ਰੋਮਣੀ ਅਕਾਲੀ ਦਲ ਨੂੰ ਕਮਜੋਰ ਕਰਨ ਦਾ ਹੈ। ਪਾਰਟੀ ਇਨ੍ਹਾਂ ਹਰਕਤਾਂ ਨੂੰ ਹੁਣ ਹੋਰ ਬਰਦਾਸ਼ਤ ਨਹੀਂ ਕਰ ਸਕਦੀ। ਇਸ ਲਈ ਅਨੁਸ਼ਾਸ਼ਨੀ ਕਮੇਟੀ ਨੇ ਸਰਬਸੰਮਤੀ ਨਾਲ ਫੈਸਲਾ ਕਰਕੇ ਇਨ੍ਹਾਂ ਉਪਰੋਕਤ ਸਾਰੇ ਆਗੂਆਂ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰਨ ਦਾ ਫੈਸਲਾ ਕੀਤਾ। ਉਨ੍ਹਾਂ ਤਾੜਨਾ ਕੀਤੀ ਕਿ ਭਵਿੱਖ ਵਿੱਚ ਵੀ ਅਗਰ ਕਿਸੇ ਆਗੂ ਵੱਲੋਂ ਪਾਰਟੀ ਅਨੁਸ਼ਾਸ਼ਨ ਨੂੰ ਭੰਗ ਕੀਤਾ ਜਾਵੇਗਾ ਤਾਂ ਉਨ੍ਹਾਂ ਖਿਲਾਫ ਵੀ ਸਖਤ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾਵੇਗੀ।