ਡਾਕਟਰਾਂ ਤੇ ਹਮਲੇ ਕਰਨ ਵਾਲੇ ਨੂੰ ਹੋ ਸਕਦੀ 7 ਸਾਲ ਦੀ ਸਜਾ – ਕੇਂਦਰ ਸਰਕਾਰ ਦਾ ਫੈਸਲਾ
ਨਵੀ ਦਿਲੀ ,22 ਅਪ੍ਰੈਲ (ਨਿਊਜ਼ਪੰਜਾਬ ) ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਦੇਸ਼ ਵਿਚ ਡਾਕਟਰਾਂ ਅਤੇ ਨਰਸਾਂ ‘ਤੇ ਹੋਏ ਹਮਲੇ ਦੇ ਮੱਦੇਨਜ਼ਰ, ਸਰਕਾਰ ਨੇ ਉਨ੍ਹਾਂ ਦੀ ਰੱਖਿਆ ਲਈ ਇਕ ਆਰਡੀਨੈਂਸ ਲਿਆਂਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅੱਜ ਹੋਈ ਕੈਬਨਿਟ ਦੀ ਬੈਠਕ ਵਿਚ 123 ਸਾਲ ਪੁਰਾਣੇ ਕਾਨੂੰਨ ਨੂੰ ਬਦਲਣ ਅਤੇ ਸਿਹਤ ਕਰਮਚਾਰੀਆਂ ਲਈ ਆਰਡੀਨੈਂਸ ਲਿਆਉਣ ਦਾ ਫੈਸਲਾ ਕੀਤਾ ਗਿਆ। ਇਸ ਆਰਡੀਨੈਂਸ ਦੇ ਤਹਿਤ ਡਾਕਟਰਾਂ ਅਤੇ ਹੋਰ ਸਿਹਤ ਕਰਮਚਾਰੀਆਂ ‘ਤੇ ਹਮਲਾ ਕਰਨ ਵਾਲਿਆਂ ਨੂੰ ਵੱਧ ਤੋਂ ਵੱਧ 7 ਸਾਲ ਦੀ ਸਜਾ ਹੋ ਸਕਦੀ ਹੈ।
ਕੈਬਨਿਟ ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਸਰਕਾਰ ਡਾਕਟਰਾਂ ਅਤੇ ਨਰਸਾਂ ‘ਤੇ ਹਮਲੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਸਿਹਤ ਕਰਮਚਾਰੀਆਂ ’ਤੇ ਹਮਲਾ ਕਰਨ ਵਾਲਿਆਂ’ ਤੇ 50 ਹਜ਼ਾਰ ਤੋਂ 2 ਲੱਖ ਰੁਪਏ ਜੁਰਮਾਨੇ ਦੀ ਵਿਵਸਥਾ ਹੈ। ਇਸ ਤੋਂ ਇਲਾਵਾ 3 ਮਹੀਨੇ ਤੋਂ 5 ਸਾਲ ਦੀ ਸਜ਼ਾ ਵੀ ਹੋ ਸਕਦੀ ਹੈ। ਜਦੋਂ ਕਿ ਗੰਭੀਰ ਸੱਟ ਲੱਗਣ ਦੀ ਸਥਿਤੀ ਵਿੱਚ ਵੱਧ ਤੋਂ ਵੱਧ 7 ਸਾਲ ਦੀ ਸਜਾ ਹੋ ਸਕਦੀ ਹੈ. ਉਨ੍ਹਾਂ ਕਿਹਾ ਕਿ ਸਿਹਤ ਕਰਮਚਾਰੀਆਂ ‘ਤੇ ਹਮਲਾ ਗੈਰ ਜ਼ਮਾਨਤੀ ਹੋਵੇਗਾ।