ਰਾਮ ਰਹੀਮ ਫਿਰ ਰੋਹਤਕ ਜੇਲ੍ਹ ਤੋਂ ਬਾਹਰ, ਦੋ ਨਨਾਂ ਨਾਲ ਬਲਾਤਕਾਰ ਦੇ ਦੋਸ਼ੀ ਡੇਰਾ ਸੱਚਾ ਸੌਦਾ ਮੁਖੀ ਨੂੰ ਮਿਲੀ 21 ਦਿਨਾਂ ਦੀ ਛੁੱਟੀ
13 ਅਗਸਤ 2024
ਡੇਰਾ ਸੱਚਾ ਸੌਦਾ ਮੁਖੀ ਅਤੇ ਬਲਾਤਕਾਰ ਮਾਮਲੇ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਸਿੰਘ ਨੂੰ 21 ਦਿਨਾਂ ਦੀ ਛੁੱਟੀ ਮਿਲ ਗਈ ਹੈ। ‘ਫਰਲੋ’ ਮਿਲਣ ਤੋਂ ਬਾਅਦ ਉਹ ਮੰਗਲਵਾਰ ਸਵੇਰੇ 6.30 ਵਜੇ ਜੇਲ੍ਹ ਤੋਂ ਬਾਹਰ ਆਇਆ। ਰਾਮ ਰਹੀਮ ਹਰਿਆਣਾ ਦੇ ਰੋਹਤਕ ਜ਼ਿਲ੍ਹੇ ਵਿੱਚ ਸਥਿਤ ਸੁਨਾਰੀਆ ਜੇਲ੍ਹ ਵਿੱਚ ਬੰਦ ਸੀ। ਰਾਮ ਰਹੀਮ ਨੂੰ ਅੱਜ ਸਵੇਰੇ 6.30 ਵਜੇ ਪੁਲਿਸ ਸੁਰੱਖਿਆ ਹੇਠ ਜੇਲ੍ਹ ਤੋਂ ਰਿਹਾਅ ਕੀਤਾ ਗਿਆ। ਆਸ਼ਰਮ ਦੀਆਂ ਦੋ ਗੱਡੀਆਂ ਰਾਮ ਰਹੀਮ ਨੂੰ ਜੇਲ੍ਹ ਤੋਂ ਲੈਣ ਆਈਆਂ ਸਨ। ਜਾਣਕਾਰੀ ਮੁਤਾਬਕ ‘ਫਰਲੋ’ ਦੌਰਾਨ ਰਾਮ ਰਹੀਮ ਯੂਪੀ ਦੇ ਬਾਗਪਤ ਆਸ਼ਰਮ ‘ਚ ਰਹੇਗਾ। ਰਾਮ ਰਹੀਮ ਆਪਣੇ ਦੋ ਚੇਲਿਆਂ ਨਾਲ ਬਲਾਤਕਾਰ ਅਤੇ ਕਤਲ ਦੇ ਮਾਮਲੇ ਵਿੱਚ 2017 ਤੋਂ ਜੇਲ੍ਹ ਵਿੱਚ ਹੈ। ਉਸ ਨੂੰ 20 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਗਈ ਹੈ।
ਇਸ ਮਾਮਲੇ ‘ਚ ਰਾਮ ਰਹੀਮ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ।ਇਹ ਪਹਿਲੀ ਵਾਰ ਨਹੀਂ ਹੈ ਜਦੋਂ ਰਾਮ ਰਹੀਮ ਨੂੰ ਜੇਲ੍ਹ ਤੋਂ ਫਰਲੋ ਮਿਲਿਆ ਹੋਵੇ। ਇਸ ਤੋਂ ਪਹਿਲਾਂ ਉਹ 9 ਵਾਰ ਜੇਲ੍ਹ ਤੋਂ ਬਾਹਰ ਆਇਆ ਸੀ। ਇਹ ਦਸਵੀਂ ਵਾਰ ਹੈ ਕਿ ਉਸ ਨੂੰ ਜੇਲ੍ਹ ਤੋਂ ਛੁੱਟੀ ਮਿਲੀ ਹੈ। ਦੱਸ ਦੇਈਏ ਕਿ ਇਸ ਸਾਲ 19 ਜਨਵਰੀ ਨੂੰ ਜਦੋਂ ਰਾਮ ਰਹੀਮ ਜੇਲ ਤੋਂ ਬਾਹਰ ਆਇਆ ਸੀ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰਾਮ ਰਹੀਮ ਨੂੰ ਪੈਰੋਲ ਦੇਣ ਦਾ ਵਿਰੋਧ ਕਰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਇਸ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਹਾਈਕੋਰਟ ਨੇ ਹਰਿਆਣਾ ਦੀ ਭਾਜਪਾ ਸਰਕਾਰ ਨੂੰ ਕਿਹਾ ਹੈ ਕਿ ਰਾਮ ਰਹੀਮ ਨੂੰ ਪੈਰੋਲ ਦੇਣ ਤੋਂ ਪਹਿਲਾਂ ਹਾਈਕੋਰਟ ਤੋਂ ਇਜਾਜ਼ਤ ਲੈਣ। ਜਿਸ ਤੋਂ ਬਾਅਦ ਗੁਰਮੀਤ ਰਾਮ ਰਹੀਮ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੀ ਉਸ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ, ਜਿਸ ‘ਚ ਡੇਰਾ ਮੁਖੀ ਨੂੰ ਪੈਰੋਲ ਜਾਂ ਫਰਲੋ ‘ਤੇ ਰਿਹਾਅ ਨਾ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।