ਸ਼ੰਭੂ ਬਾਰਡਰ ਨੂੰ ਲੈ ਕੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ
22ਅਗਸਤ 2024
ਸ਼ੰਭੂ-ਖਨੌਰੀ ਸਰਹੱਦ ਨੂੰ ਲੈ ਕੇ ਅੱਜ (ਵੀਰਵਾਰ) ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ਪੰਜਾਬ ਤੇ ਹਰਿਆਣਾ ਸਰਕਾਰਾਂ ਕਿਸਾਨਾਂ ਨਾਲ ਹੋਈ ਮੀਟਿੰਗ ਦੀ ਰਿਪੋਰਟ ਅਦਾਲਤ ਵਿੱਚ ਪੇਸ਼ ਕਰਨਗੀਆਂ। ਪੰਜਾਬ ਅਤੇ ਹਰਿਆਣਾ ਦੀ ਪੁਲਿਸ ਅਤੇ ਪ੍ਰਸ਼ਾਸਨ ਅਤੇ ਕਿਸਾਨਾਂ ਦਰਮਿਆਨ ਕੱਲ੍ਹ (ਬੁੱਧਵਾਰ) ਪਟਿਆਲਾ ਵਿੱਚ ਹੋਈ ਮੀਟਿੰਗ ਫੇਲ੍ਹ ਹੋ ਗਈ ਹੈ। 10 ਦਿਨ ਪਹਿਲਾਂ ਹੋਈ ਸੁਣਵਾਈ ‘ਚ ਸੁਪਰੀਮ ਕੋਰਟ ਨੇ ਦੋਵਾਂ ਸੂਬਿਆਂ ਦੀਆਂ ਸਰਹੱਦਾਂ ਨੂੰ ਅੰਸ਼ਕ ਤੌਰ ‘ਤੇ ਖੋਲ੍ਹਣ ਦੀ ਗੱਲ ਕਹੀ ਸੀ।ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਸਖ਼ਤ ਟਿੱਪਣੀ ਕੀਤੀ ਸੀ ਕਿ ਹਾਈਵੇਅ ਪਾਰਕਿੰਗ ਸਥਾਨ ਨਹੀਂ ਹਨ। ਸੁਪਰੀਮ ਕੋਰਟ ਨੇ ਇੱਕ ਹਫ਼ਤੇ ਅੰਦਰ ਐਂਬੂਲੈਂਸਾਂ, ਬਜ਼ੁਰਗਾਂ, ਔਰਤਾਂ, ਵਿਦਿਆਰਥੀਆਂ ਆਦਿ ਲਈ ਹਾਈਵੇਅ ਦੀ ਇੱਕ ਲੇਨ ਖੋਲ੍ਹਣ ਦਾ ਹੁਕਮ ਦਿੱਤਾ ਸੀ। ਇਸ ਦੇ ਲਈ ਪੰਜਾਬ ਅਤੇ ਹਰਿਆਣਾ ਦੇ ਡੀਜੀਪੀ ਤੋਂ ਇਲਾਵਾ ਪਟਿਆਲਾ, ਮੋਹਾਲੀ ਅਤੇ ਅੰਬਾਲਾ ਦੇ ਐਸਪੀ ਨੂੰ ਮੀਟਿੰਗ ਕਰਕੇ ਇਸ ਬਾਰੇ ਫੈਸਲਾ ਲੈਣ ਲਈ ਕਿਹਾ ਗਿਆ ਸੀ।
ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਬੁੱਧਵਾਰ ਨੂੰ ਪਟਿਆਲਾ ਵਿੱਚ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਅਤੇ ਕਿਸਾਨਾਂ ਦੀ ਇੱਕ ਅਹਿਮ ਮੀਟਿੰਗ ਹੋਈ,ਮੀਟਿੰਗ ਕਰੀਬ ਇੱਕ ਘੰਟੇ ਤੱਕ ਚੱਲੀ। ਕਿਸਾਨਾਂ ਨੇ ਮੀਟਿੰਗ ਵਿੱਚ ਸਪੱਸ਼ਟ ਕਿਹਾ ਕਿ ਉਹ ਸੜਕ ਜਾਮ ਨਹੀਂ ਕਰ ਰਹੇ। ਇਸ ਰਸਤੇ ਨੂੰ ਹਰਿਆਣਾ ਸਰਕਾਰ ਅਤੇ ਪੁਲਿਸ ਨੇ ਜਾਮ ਕਰ ਦਿੱਤਾ ਹੈ।