ਸ਼੍ਰੋਮਣੀ ਕਮੇਟੀ ਨੇ ਕਤਰ ਤੋਂ ਪ੍ਰਾਪਤ ਦੋ ਪਾਵਨ ਸਰੂਪ ਅੰਮ੍ਰਿਤਸਰ ਹਵਾਈ ਅੱਡੇ ਤੋਂ ਸਿੱਖ ਯਾਤਰੀ ਤੋਂ ਕੀਤੇ ਪ੍ਰਾਪਤ

ਅੰਮ੍ਰਿਤਸਰ, 29 ਅਗਸਤ 2024

ਦੋਹਾ ਕਤਰ ਅੰਦਰ ਸਥਾਨਕ ਪੁਲਿਸ ਵਲੋਂ ਵਾਪਸ ਕੀਤੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਨੇ ਆਪਣੇ ਪਾਸ ਲੈ ਕੇ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸੁਸ਼ੋਭਿਤ ਕਰ ਦਿੱਤੇ ਹਨ। ਜਾਣਕਾਰੀ ਅਨੁਸਾਰ ਰਾਤ ਇਹ ਸੂਚਨਾ ਮਿਲੀ ਸੀ ਕਿ ਦੋਹਾ ਪੁਲਿਸ ਵਲੋਂ ਵਾਪਸ ਕੀਤੇ ਗਏ ਪਾਵਨ ਸਰੂਪ ਲੈ ਕੇ ਵਿਅਕਤੀ ਹਵਾਈ ਉਡਾਨ ਰਾਹੀਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਵਿਖੇ ਪੁੱਜ ਰਹੇ ਹਨ। ਜਿਸ ’ਤੇ ਤੁਰੰਤ ਕਾਰਵਾਈ ਕਰਦਿਆਂ ਸ਼੍ਰੋਮਣੀ ਕਮੇਟੀ ਨੇ ਹਵਾਈ ਅੱਡੇ ਤੋਂ ਇਹ ਪਾਵਨ ਸਰੂਪ ਸੰਬੰਧਿਤ ਵਿਅਕਤੀਆਂ ਪਾਸੋਂ ਪ੍ਰਾਪਤ ਕਰਕੇ ਪਾਲਕੀ ਸਾਹਿਬ ਵਾਲੀ ਗੱਡੀ ਰਾਹੀਂ ਮਰਯਾਦਾ ਅਤੇ ਸਤਿਕਾਰ ਸਹਿਤ ਲਿਆ ਕੇ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਵਿਖੇ ਸੁਸ਼ੋਭਿਤ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਮਾਮਲੇ ਦੀ ਰਿਪੋਰਟ ਪਾਵਨ ਸਰੂਪ ਪ੍ਰਾਪਤ ਕਰਨ ਗਏ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਪਾਸੋਂ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜ ਦਿੱਤੀ ਜਾਵੇਗੀ।