ਸ਼੍ਰੀ ਅਕਾਲ ਤਖ਼ਤ ਸਾਹਿਬ ਦਾ ਫੈਸਲਾ;5 ਸਿੰਘ ਸਾਹਿਬਾਨਾਂ ਦੀ ਹੋਈ ਮੀਟਿੰਗ ,ਸੁਖਬੀਰ ਸਿੰਘ ਬਾਦਲ ਤਨਖਾਹੀਆਂ ਕਰਾਰ
30 ਅਗਸਤ 2024
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਧਾਰਮਿਕ ਸਜ਼ਾ ਸੁਣਾ ਦਿੱਤੀ ਗਈ ਹੈ। ਦਰਅਸਲ ਅੱਜ ਸ੍ਰੀ ਅਕਾਲ ਤਖਤ ਸਾਹਿਬ ‘ਤੇ ਅੱਜ 11 ਵਜੇ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਹੋਈ,ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ।
ਜਥੇਦਾਰ ਰਘਬੀਰ ਸਿੰਘ ਨੇ ਕਿਹਾ- “ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਹੁੰਦਿਆਂ ਸੁਖਬੀਰ ਬਾਦਲ ਨੇ ਕੁਝ ਅਜਿਹੇ ਫੈਸਲੇ ਲਏ, ਜਿਸ ਨਾਲ ਪੰਥਕ ਸਰੂਪ ਨੂੰ ਅਕਸਰ ਨੁਕਸਾਨ ਪਹੁੰਚਿਆ।ਸਿੱਖ ਪੰਥ ਦਾ ਬਹੁਤ ਨੁਕਸਾਨ ਹੋਇਆ। ਇਸ ਲਈ 2007 ਤੋਂ 2017 ਤੱਕ ਸਰਕਾਰ ਵਿੱਚ ਮੌਜੂਦ ਰਹੇ ਇਸ ਦੇ ਭਾਈਵਾਲ ਸਿੱਖ ਕੈਬਨਟ ਮੰਤਰੀ ਇਸ ਸਬੰਧੀ ਆਪਣਾ ਸਪਸ਼ਟੀਕਰਨ 15 ਦਿਨਾਂ ਦੇ ਅੰਦਰ-ਅੰਦਰ ਵਿਜੇ ਰੂਪ ਵਿੱਚ ਪੇਸ਼ ਹੋ ਕੇ ਸ੍ਰੀ ਅਕਾਲ ਤਖਤ ਸਾਹਿਬ ਜੀ ਵਿਖੇ ਦੇਣ। ਸੁਖਬੀਰ ਸਿੰਘ ਬਾਦਲ ਜਿੰਨਾ ਚਿਰ ਨਿਮਾਣੇ ਸਿੱਖ ਦੀ ਤਰ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਉੱਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਸਿੱਖ ਸੰਗਤ ਤੇ ਪੰਜ ਸਿੰਘ ਸਾਹਿਬਾਨ ਦੀ ਹਾਜ਼ਰੀ ਵਿੱਚ ਆਪਣੇ ਕੀਤੇ ਹੋਏ ਗੁਨਾਹਾਂ ਦੀ ਮਾਫੀ ਨਹੀਂ ਮੰਗਦਾ, ਉੰਨਾ ਚਿਰ ਉਨ੍ਹਾਂ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਜੀ ਤੋਂ ਤਨਖਾਹੀਆ ਘੋਸ਼ਿਤ ਕੀਤਾ ਜਾਂਦਾ ਹੈ।