ਕੰਗਨਾ ਦੀ ਫ਼ਿਲਮ ”ਐਮਰਜੈਂਸੀ” ਨੂੰ ਲੈ ਕੇ ਹੋਇਆ ਇਕ ਹੋਰ ਐਲਾਨ
ਚੰਡੀਗੜ੍ਹ -1 ਸਤੰਬਰ 2024
ਭਾਜਪਾ ਦੀ ਸੰਸਦ ਮੈਂਬਰ ਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ’ਤੇ ਰੋਕ ਦੀ ਮੰਗ ਦੀ ਇਕ ਪਟੀਸ਼ਨ ’ਤੇ ਸ਼ਨੀਵਾਰ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੋਈ।
ਕੇਂਦਰ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਕਿ ਇਸ ਫ਼ਿਲਮ ਨੂੰ ਸੈਂਸਰ ਬੋਰਡ ਨੇ ਸਰਟੀਫਿਕੇਟ ਜਾਰੀ ਹੀ ਨਹੀਂ ਕੀਤਾ। ਕੇਂਦਰ ਦੇ ਇਸ ਜਵਾਬ ’ਤੇ ਹਾਈ ਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਪਟੀਸ਼ਨਕਰਤਾ ਨੂੰ ਸੈਂਸਰ ਬੋਰਡ ਦੀ ਕਮੇਟੀ ਕੋਲ ਆਪਣੀ ਮੰਗ ਰੱਖਣ ਅਤੇ ਮੁੜ ਪਟੀਸ਼ਨ ਦਾਇਰ ਕਰਨ ਦੀ ਛੋਟ ਦਿੱਤੀ। ਮੋਹਾਲੀ ਦੇ ਵਾਸੀ ਗੁਰਿੰਦਰ ਸਿੰਘ ਤੇ ਗੁਰਮੋਹਨ ਸਿੰਘ ਨੇ ਇਕ ਜਨਹਿੱਤ ਪਟੀਸ਼ਨ ਦਾਇਰ ਕਰ ਕੇ ਇਸ ਫ਼ਿਲਮ ਦੀ ਰਿਲੀਜ਼ ’ਤੇ ਰੋਕ ਲਾਉਣ ਦੀ ਮੰਗ ਕੀਤੀ ਸੀ।ਦੱਸਣਯੋਗ ਹੈ ਕਿ ਫ਼ਿਲਮ ‘ਐਮਰਜੈਂਸੀ’ 6 ਸਤੰਬਰ ਨੂੰ ਰਿਲੀਜ਼ ਹੋਣੀ ਸੀ। ਪਟੀਸ਼ਨ ਅਨੁਸਾਰ ਇਸ ਫ਼ਿਲਮ ਵਿਚ ਸਿੱਖਾਂ ਦੇ ਕਿਰਦਾਰ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ ਹੈ, ਜਿਸ ਨਾਲ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਇਸ ਲਈ ਫ਼ਿਲਮ ’ਤੇ ਰੋਕ ਲਾਉਣੀ ਚਾਹੀਦੀ ਹੈ।