ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਭੂੰਦੜ ਵੱਲੋਂ ਜ਼ਿਮਨੀ ਚੋਣਾਂ ਦੇ ਚੋਣ ਪ੍ਰਚਾਰ ਇੰਚਾਰਜਾਂ ਦੀ ਨਿਯੁਕਤੀ

4 ਸਤੰਬਰ 2024

ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੇ ਸੀਨੀਅਰ ਆਗੂਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਆਗੂ ਡਾ.ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਅਜਿਹਾ ਉਨ੍ਹਾਂ ਵਿਧਾਨ ਸਭਾ ਹਲਕਿਆਂ ‘ਚ ਪਾਰਟੀ ਗਤੀਵਿਧੀਆਂ ਨੂੰ ਤੇਜ਼ ਕਰਨ ਲਈ ਕੀਤਾ ਗਿਆ ਹੈ, ਜਿੱਥੇ ਆਉਣ ਵਾਲੇ ਸਮੇਂ ‘ਚ ਜ਼ਿਮਨੀ ਚੋਣਾਂ ਹੋਣੀਆਂ ਹਨ।

ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਗਿੱਦੜਬਾਹਾ ਵਿਧਾਨ ਸਭਾ ਦੀ ਚੋਣ ਪ੍ਰਚਾਰ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਗ਼ੌਰਤਲਬ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਕਾਲ ਤਖ਼ਤ ਵੱਲੋਂ ‘ਤਨਖ਼ਾਹੀਆ’ ਐਲਾਨੇ ਜਾਣ ਤੋਂ ਪਹਿਲਾਂ ਖ਼ੁਦ ਇਸ ਖੇਤਰ ਵਿੱਚ ਸਰਗਰਮ ਸਨ।

ਇਸੇ ਤਰ੍ਹਾਂ ਸੀਨੀਅਰ ਆਗੂ ਹੀਰਾ ਸਿੰਘ ਗਾਬੜੀਆ ਬਰਨਾਲਾ ਸ਼ਹਿਰੀ ਲਈ ਪ੍ਰਚਾਰ ਇੰਚਾਰਜ ਅਤੇ ਇਕਬਾਲ ਸਿੰਘ ਝੂੰਦਾਂ ਬਰਨਾਲਾ ਦਿਹਾਤੀ ਲਈ ਚੋਣ ਪ੍ਰਚਾਰ ਇੰਚਾਰਜ ਹੋਣਗੇ।ਪਾਰਟੀ ਨੇ ਹਾਲੇ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਹਲਕੇ ਅਤੇ ਹੁਸ਼ਿਆਰਪੁਰ ਦੇ ਚੱਬੇਵਾਲ ਵਿਧਾਨ ਸਭਾ ਹਲਕੇ ਲਈ ਪ੍ਰਚਾਰ ਇੰਚਾਰਜਾਂ ਦਾ ਐਲਾਨ ਕਰਨਾ ਹੈ।ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਭੂੰਦੜ ਨੇ ਪੰਜਾਬ ਜ਼ਿਮਨੀ ਚੋਣਾਂ ਲਈ ਪ੍ਰਚਾਰ ਇੰਚਾਰਜਾਂ ਦੀ ਨਿਯੁਕਤੀ ਕੀਤੀ।