ਪਟਿਆਲਾ ਦੇ ਡਿਪਟੀ ਕਮਿਸ਼ਨਰ ਵੱਲੋਂ ਡੇਂਗੂ, ਚਿਕਨਗੁਨੀਆਂ ਤੇ ਮਲੇਰੀਆ ਕੇਸਾਂ ਦੇ ਮਾਮਲਿਆਂ ਦੀ ਸਮੀਖਿਆ
ਪਟਿਆਲਾ, 17 ਸਤੰਬਰ 2024
ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਅੰਦਰ ਡੇਂਗੂ, ਚਿਕਨਗੁਨੀਆਂ ਤੇ ਮਲੇਰੀਆਂ ਦੇ ਮਾਮਲਿਆਂ ਦੀ ਸਮੀਖਿਆ ਕਰਨ ਲਈ ਸਿਹਤ ਵਿਭਾਗ, ਨਗਰ ਨਿਗਮ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਅਹਿਮ ਬੈਠਕ ਕੀਤੀ। ਇਸ ਮੌਕੇ ਡਾ. ਪ੍ਰੀਤੀ ਯਾਦਵ ਨੇ ਨਗਰ ਨਿਗਮ ਦੀ ਸਬੰਧਤ ਬਰਾਂਚ ਤੇ ਜ਼ਿਲ੍ਹੇ ਦੇ ਸਮੂਹ ਬੀ.ਡੀ.ਪੀ.ਓਜ ਤੇ ਈ.ਓਜ ਨੂੰ ਹਦਾਇਤ ਕੀਤੀ ਕਿ ਡੇਂਗੂ ਪਨਪਣ ਵਾਲੇ ਸੰਭਾਵਤ ਇਲਾਕਿਆਂ ਅੰਦਰ ਨਿਰੰਤਰ ਫੌਗਿੰਗ ਸਮੇਤ ਡੇਂਗੂ ਵਿਰੋਧੀ ਗਤੀਵਿਧੀਆਂ ਤੇਜ਼ ਕੀਤੀਆਂ ਜਾਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹੇ ਖੇਤਰਾਂ, ਜਿੱਥੇ ਪਿਛਲੇ ਸਾਲ ਡੇਂਗੂ ਦੇ ਮਾਮਲੇ ਸਾਹਮਣੇ ਆਏ ਸਨ ਅਤੇ ਇਸ ਵਾਰ ਵੀ ਡੇਂਗੂ ਫੈਲਣ ਦਾ ਖ਼ਤਰਾ ਹੈ, ਵਿਖੇ ਡੇਂਗੂ ਮੱਛਰ ਏਡੀਜ ਦੀ ਪੈਦਾਵਾਰ ਰੋਕਣ ਲਈ ਖੜ੍ਹੇ ਪਾਣੀ ‘ਚ ਤੇਲ ਤੇ ਮੱਛਰ ਮਾਰ ਦਵਾਈ ਦਾ ਛਿੜਕਾਅ ਕੀਤਾ ਜਾਵੇ ਅਤੇ ਫੌਗਿੰਗ ਵੀ ਕੀਤੀ ਜਾਵੇ। ਇਸ ਤੋਂ ਬਿਨ੍ਹਾਂ ਇਸ ਸ਼ੁੱਕਰਵਾਰ ਡੇਂਗੂ ‘ਤੇ ਵਾਰ ‘ਡਰਾਈ ਡੇ’ ਮੁਹਿੰਮ ਸਮੇਤ ਰੋਜ਼ਾਨਾ ਸਵੇਰੇ ਤੇ ਸ਼ਾਮ ਫੌਗਿੰਗ ਕਰਵਾਉਣੀ ਯਕੀਨੀ ਬਣਾਈ ਜਾਵੇ ਅਤੇ ਫੌਗਿੰਗ ਦੀ ਸਮਾਂ ਸਾਰਣੀ ਡਿਪਟੀ ਕਮਿਸ਼ਨਰ ਦਫ਼ਤਰ ਨਾਲ ਸਾਂਝੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਘਰਾਂ ‘ਚ ਲਾਰਵਾ ਮਿਲਣ ‘ਤੇ ਪਹਿਲਾਂ ਚੇਤਾਵਨੀ ਨੋਟਿਸ ਦਿੱਤਾ ਜਾਵੇ ਅਤੇ ਦੂਸਰੀ ਵਾਰ ਲਾਰਵਾ ਮਿਲਣ ‘ਤੇ ਚਲਾਨ ਕੱਟਿਆ ਜਾਵੇ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸਕੂਲਾਂ ‘ਚ ਜਾਗਰੂਕਤਾ ਮੁਹਿੰਮ ਚਲਾਉਣ ਦੀ ਹਦਾਇਤ ਕੀਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਵੇਂ ਜ਼ਿਲ੍ਹੇ ਵਿੱਚ ਹਾਲੇ ਕੋਈ ਡੇਂਗੂ ਦਾ ਮਰੀਜ਼ ਹਸਪਤਾਲ ਵਿੱਚ ਦਾਖਲ ਨਹੀਂ ਹੈ ਪਰ ਇਹਤਿਆਤ ਵਜੋਂ ਜ਼ਿਲ੍ਹੇ ਦੇ 30 ਹਸਪਤਾਲਾਂ ਅੰਦਰ 88 ਬੈੱਡ ਡੇਂਗੂ ਦੇ ਮਰੀਜ਼ਾ ਲਈ ਰਿਜ਼ਰਵ ਰੱਖੇ ਗਏ ਹਨ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਕਰ ਕੋਈ ਡੇਂਗੂ ਦਾ ਕੇਸ ਰਿਪੋਰਟ ਹੁੰਦਾ ਹੈ ਤਾਂ ਤੁਰੰਤ ਡੇਂਗੂ ਹੋਣ ਦਾ ਕਾਰਨ ਲੱਭਿਆ ਜਾਵੇ ਤਾਂ ਜੋ ਉਸੇ ਸਮੇਂ ਇਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ।
ਉਨ੍ਹਾਂ ਪਟਿਆਲਾ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੱਛਰ ਦੇ ਕੱਟਣ ਨਾਲ ਹੋਣ ਵਾਲੀਆਂ ਬਿਮਾਰੀਆਂ ਡੇਂਗੂ, ਮਲੇਰੀਆਂ ਤੇ ਚਿਕਨਗੁਨੀਆਂ ਦੀ ਰੋਕਥਾਮ ਲਈ ਜ਼ਰੂਰੀ ਹੈ ਕਿ ਖੜੇ ਪਾਣੀ ਦੇ ਸਰੋਤਾਂ ਦੀ ਨਿਰੰਤਰ ਜਾਂਚ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਸਮੇਂ ਸਮੇਂ ‘ਤੇ ਸੁੱਕਾ ਰੱਖਿਆ ਜਾਵੇ, ਇਸ ਲਈ ਸਾਰਿਆਂ ਨੂੰ ਰਲ ਕੇ ਹੰਭਲਾ ਮਾਰਨ ਦੀ ਜ਼ਰੂਰਤ ਹੈ ਤੇ ਇਸ ਦੀ ਰੋਕਥਾਮ ਲਈ ਸਭ ਦਾ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ।
ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਨੇ ਦੱਸਿਆ ਕਿ ਇਸ ਸਾਲ ਜ਼ਿਲ੍ਹੇ ‘ਚ ਡੇਂਗੂ ਦੇ ਕੁਲ 15 ਕੇਸ ਰਿਪੋਰਟ ਹੋਏ ਹਨ, ਤੇ ਸਾਰੇ ਮਰੀਜ਼ ਠੀਕ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲਗਾਤਾਰ ਖੜੇ ਪਾਣੀ ਦੇ ਸਰੋਤਾਂ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਲਾਰਵਾ ਮਿਲਣ ‘ਤੇ ਨਸ਼ਟ ਕੀਤਾ ਜਾ ਰਿਹਾ ਹੈ।