ਸੂਬੇ ਵਿੱਚ ਪੰਚਾਇਤੀ ਚੋਣਾਂ ਦਾ ਹੋਇਆ ਐਲਾਨ:15 ਅਕਤੂਬਰ ਨੂੰ ਹੋਣਗੀਆਂ ਪੰਚਾਇਤੀ ਚੋਣਾ

ਪੰਜਾਬ ਨਿਊਜ਼, 25 ਸਤੰਬਰ 2024

ਪੰਜਾਬ ਵਿੱਚ ਪੰਚਾਇਤੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਹੈ। ਰਾਜ ਚੋਣ ਕਮਿਸ਼ਨ ਵੱਲੋਂ ਬੁੱਧਵਾਰ ਨੂੰ ਪੰਚਾਇਤੀ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਤਹਿਤ ਪੰਜਾਬ ਵਿੱਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ। ਵੋਟਿੰਗ ਪ੍ਰਕਿਰਿਆ 15 ਅਕਤੂਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ। ਇਸ ਦੇ ਨਾਲ ਹੀ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ 27 ਸਤੰਬਰ ਤੋਂ ਸ਼ੁਰੂ ਹੋਵੇਗੀ, ਜੋ 4 ਅਕਤੂਬਰ ਤੱਕ ਜਾਰੀ ਰਹੇਗੀ। 5 ਅਕਤੂਬਰ ਨੂੰ ਪੜਤਾਲ ਹੋਵੇਗੀ ਅਤੇ 7 ਅਕਤੂਬਰ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾਣਗੀਆਂ

ਪੰਜਾਬ ਚੋਣ ਕਮਿਸ਼ਨ ਦੇ ਕਮਿਸ਼ਨਰ ਰਾਜ ਕਮਲ ਚੌਧਰੀ ਵੱਲੋਂ ਬੁੱਧਵਾਰ ਨੂੰ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ। ਰਾਜ ਚੋਣ ਕਮਿਸ਼ਨ ਨੇ ਦੱਸਿਆ ਕਿ ਵੋਟਰ ਸੂਚੀ ਨੂੰ ਅਪਡੇਟ ਕਰਨ ਦੀ ਪ੍ਰਕਿਰਿਆ ਪੂਰੀ ਕਰ ਲਈ ਗਈ ਹੈ। ਸੂਬੇ ਦੀਆਂ 13,237 ਗ੍ਰਾਮ ਪੰਚਾਇਤਾਂ ਵਿੱਚ ਵੋਟਾਂ ਪਾਉਣ ਲਈ 19,010 ਪੋਲਿੰਗ ਬੂਥ ਬਣਾਏ ਜਾਣਗੇ। ਵੋਟਿੰਗ ਬੈਲਟ ਪੇਪਰ ਰਾਹੀਂ ਹੋਵੇਗੀ। ਗ੍ਰਾਮ ਪੰਚਾਇਤ ਚੋਣਾਂ ਵਿੱਚ ਕੁੱਲ 1,33,97,932 ਵੋਟਰ ਆਪਣੀ ਵੋਟ ਪਾਉਣਗੇ। ਚੋਣਾਂ ਵਿੱਚ 83,437 ਸਰਪੰਚ ਚੁਣੇ ਜਾਣਗੇ। 2018 ਵਿੱਚ 4 ਹਜ਼ਾਰ ਪੰਚਾਇਤਾਂ ਸਰਬਸੰਮਤੀ ਨਾਲ ਬਣਾਈਆਂ ਗਈਆਂ ਸਨ।

ਚੋਣਾਂ ਲਈ ਉਮੀਦਵਾਰਾਂ ਨੂੰ 100 ਰੁਪਏ ਨਾਮਜ਼ਦਗੀ ਫੀਸ ਜਮ੍ਹਾ ਕਰਵਾਉਣੀ ਪਵੇਗੀ। ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਲਈ ਨਾਮਜ਼ਦਗੀ ਫੀਸ 50 ਰੁਪਏ ਹੋਵੇਗੀ। ਇਸ ਦੇ ਨਾਲ ਹੀ ਸਰਪੰਚ ਦੇ ਅਹੁਦੇ ਲਈ ਉਮੀਦਵਾਰ 40 ਹਜ਼ਾਰ ਰੁਪਏ ਤੱਕ ਚੋਣ ਖਰਚਾ ਕਰ ਸਕਣਗੇ। ਜਦੋਂ ਕਿ ਪੰਚ ਲਈ ਇਹ 30 ਹਜ਼ਾਰ ਰੁਪਏ ਹੈ। 2018 ਦੀਆਂ ਪੰਚਾਇਤੀ ਚੋਣਾਂ ਵਿੱਚ ਸਰਪੰਚ ਉਮੀਦਵਾਰਾਂ ਦਾ ਚੋਣ ਖਰਚਾ 30 ਹਜ਼ਾਰ ਰੁਪਏ ਅਤੇ ਪੰਚ ਲਈ 20 ਹਜ਼ਾਰ ਰੁਪਏ ਸੀ। ਹਰ ਜ਼ਿਲ੍ਹੇ ਵਿੱਚ ਚੋਣ ਅਬਜ਼ਰਵਰ ਨਿਯੁਕਤ ਕੀਤੇ ਜਾਣਗੇ। ਬੈਲਟ ਪੇਪਰ ‘ਤੇ NOTA ਦਾ ਵਿਕਲਪ ਵੀ ਹੋਵੇਗਾ। ਪੰਚਾਇਤੀ ਚੋਣਾਂ ਸਬੰਧੀ ਮੁਕੰਮਲ ਜਾਣਕਾਰੀ ਕਮਿਸ਼ਨ ਵੱਲੋਂ sec.punjab.gov.in ‘ਤੇ ਸਾਂਝੀ ਕੀਤੀ ਜਾਵੇਗੀ।

ਗ੍ਰਾਮ ਪੰਚਾਇਤ ਚੋਣਾਂ ਲਈ ਵੱਖਰਾ ਆਦਰਸ਼ ਚੋਣ ਜ਼ਾਬਤਾ ਸਾਰੀਆਂ ਸਿਆਸੀ ਪਾਰਟੀਆਂ ਨੂੰ ਭੇਜਿਆ ਜਾਵੇਗਾ। ਸਰਕਾਰ ਕਿਸੇ ਵੀ ਪਿੰਡ ਲਈ ਕੋਈ ਗ੍ਰਾਂਟ ਨਹੀਂ ਦੇਵੇਗੀ ਅਤੇ ਨਾ ਹੀ ਸਰਕਾਰੀ ਮਸ਼ੀਨਰੀ ਦੀ ਵਰਤੋਂ ਕਰੇਗੀ। ਚੋਣਾਂ ਕਰਵਾਉਣ ਲਈ 96 ਹਜ਼ਾਰ ਤੋਂ ਵੱਧ ਸਟਾਫ਼ ਡਿਊਟੀ ‘ਤੇ ਲਗਾਇਆ ਜਾਵੇਗਾ।