ਪੰਜਾਬ ਵਿੱਚ ਭਲਕੇ 12 ਵਜੇ ਤੋਂ 3 ਵਜੇ ਤੱਕ ਸੜਕਾਂ ਦੇ ਨਾਲ ਰੇਲ ਆਵਾਜਾਈ ਵੀ ਠੱਪ ਰਹੇਗੀ,ਕਿਸਾਨ ਜੱਥੇਬੰਦੀਆਂ ਵੱਲੋਂ ਕੀਤਾ ਐਲਾਨ
ਪੰਜਾਬ ਨਿਊਜ਼,12 ਅਕਤੂਬਰ 2024
ਪੰਜਾਬ ਦੀਆਂ ਕੁਝ ਕਿਸਾਨ ਜੱਥੇਬੰਦੀਆਂ ਵੱਲੋਂ ਕੇਂਦਰ ਅਤੇ ਰਾਜ ਸਰਕਾਰ ਤੋਂ ਆਪਣੀਆਂ ਮੰਗਾਂ ਮੰਨਵਾਉਣ ਲਈ ਸ਼ੁੱਕਰਵਾਰ ਨੂੰ ਕੀਤੇ ਗਏ ਐਤਵਾਰ 13 ਅਕਤੂਬਰ ਦੇ 3 ਘੰਟੇ ਦੇੇ ਸੜਕੀ ਚੱਕਾ ਜਾਮ ਦੇ ਐਲਾਨ ਤੋਂ ਬਾਅਦ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਵੱਲੋਂ ਐਤਵਾਰ ਨੂੰ ਹੀ 3 ਘੰਟੇ ਲਈ ਰਾਜ ਭਰ ਵਿੱਚ ਰੇਲਾਂ ਰੋਕੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ।
ਇਨ੍ਹਾਂ ਐਲਾਨਾਂ ਤੋਂ ਸਪਸ਼ਟ ਹੈ ਕਿ ਐਤਵਾਰ 13 ਅਕਤੂਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤਕ ਰਾਜ ਅੰਦਰ ਕਿਸਾਨਾਂ ਦੀਆਂ ਕੁਝ ਜਥੇਬੰਦੀਆਂ ਵੱਲੋਂ ਪ੍ਰਮੁੱਖ ਕਿਸਾਨ ਆਗੂ ਸ:ਬਲਬੀਰ ਸਿੰਘ ਰਾਜੇਵਾਲ ਵੱਲੋਂ ਕੀਤੇ ਐਲਾਨ ਅਨੁਸਾਰ ਸੜਕਾਂ ਜਾਮ ਕੀਤੀਆਂ ਜਾਣਗੀਆਂ ਉੱਥੇ ਹੀ ਏਕਤਾ-ਉਗਰਾਹਾਂ ਜੱਥੇਬੰਦੀ ਉਨੇ ਹੀ ਸਮੇਂ ਲਈ ਰੇਲਾਂ ਦਾ ਚੱਕਾ ਜਾਮ ਕਰੇਗੀ।
ਇਸੇ ਦੌਰਾਨ ਅੱਜ ਕਿਸਾਨ ਜਥੇਬੰਦੀ ਏਕਤਾ ਉਗਰਾਹਾਂ ਨੇ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਰੁਲ਼ ਰਹੇ ਝੋਨੇ ਦੀ ਪੂਰੀ ਐੱਮ ਐੱਸ ਪੀ ‘ਤੇ ਖਰੀਦ ਅਤੇ ਨਾਲੋ ਨਾਲ ਚੁਕਾਈ ਦੇ ਦਿਨੋਂ ਦਿਨ ਵਿਗੜ ਰਹੇ ਮਸਲੇ ਦੇਝੋਨੇ ਦੀ ਖਰੀਦ ਅਤੇ ਚੁਕਾਈ ਦੇ ਮਸਲੇ ਨੂੰ ਲੈ ਕੇ ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਕੱਲ੍ਹ 13 ਅਕਤੂਬਰ ਨੂੰ ਪੰਜਾਬ ਭਰ ਵਿੱਚ 12 ਤੋਂ 3 ਵਜੇ ਤੱਕ ਰੇਲਾਂ ਰੋਕਣ ਦਾ ਐਲਾਨ ਕੀਤਾ ਗਿਆ ਹੈ।