ਫਰੀਦਕੋਟ ਦੇ ਗੁਰਪ੍ਰੀਤ ਸਿੰਘ ਕਤਲ ਕੇਸ ਵਿੱਚ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ ਨੂੰ ਕੀਤਾ ਨਾਮਜ਼ਦ
ਪੰਜਾਬ ਨਿਊਜ਼,19 ਅਕਤੂਬਰ 2024
ਫਰੀਦਕੋਟ ਦੇ ਗੁਰਪ੍ਰੀਤ ਸਿੰਘ ਕਤਲ ਕੇਸ ਵਿੱਚ ਪੁਲਿਸ ਨੇ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਵਿਦੇਸ਼ ਬੈਠੇ ਗੈਂਗਸਟਰ ਅਰਸ਼ ਡੱਲਾ ਨੂੰ ਨਾਮਜ਼ਦ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਅੰਮ੍ਰਿਤਪਾਲ ਸਿੰਘ ਦੀ ਸ਼ਮੂਲੀਅਤ ਬਾਰੇ ਖੁਲਾਸਾ ਕੀਤਾ ਸੀ। ਇਸ ਮਾਮਲੇ ਵਿੱਚ ਹੁਣ ਤੱਕ ਕੁੱਲ ਛੇ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਅੰਮ੍ਰਿਤਪਾਲ ਸਿੰਘ ਅਤੇ ਅਰਸ਼ ਡੱਲਾ ਤੋਂ ਇਲਾਵਾ ਵਿਦੇਸ਼ ਵਿੱਚ ਬੈਠੇ ਕਰਮਵੀਰ ਅਤੇ ਕਰਮਵੀਰ ਦੀ ਰੇਕੀ ਕਰਨ ਵਾਲੇ ਤਿੰਨ ਗ੍ਰਿਫਤਾਰ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਗਈ ਹੈ।
ਪੰਜਾਬ ਪੰਚਾਇਤ ਚੋਣਾਂ ਦੌਰਾਨ 9 ਅਕਤੂਬਰ ਨੂੰ ਫਰੀਦਕੋਟ ‘ਚ ਨੌਜਵਾਨ ਗੁਰਪ੍ਰੀਤ ਸਿੰਘ ਦੇ ਕਤਲ ਦੇ ਮਾਮਲੇ ‘ਚ ਪੁਲਿਸ ਨੇ ਖ਼ੁਲਾਸਾ ਕੀਤਾ ਸੀ ਕਿ ਇਸ ਮਾਮਲੇ ‘ਚ ਵਾਰਿਸ ਪੰਜਾਬ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਭੂਮਿਕਾ ਦੇ ਸਬੂਤ ਮਿਲੇ ਹਨ। ਪੁਲਿਸ ਅਨੁਸਾਰ ਘਟਨਾ ਦੇ ਪਿੱਛੇ ਅੰਮ੍ਰਿਤਪਾਲ ਸਿੰਘ ਦਾ ਹੱਥ ਹੈ, ਸਾਜ਼ਿਸ਼ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਇਹ ਵੀ ਖੁਲਾਸਾ ਕੀਤਾ ਹੈ ਕਿ ਇਸ ਕਤਲ ਦਾ ਮਾਸਟਰਮਾਈਂਡ ਅਰਸ਼ ਡੱਲਾ ਹੈ। ਪੁਲਿਸ ਵੱਲੋਂ ਫੜੇ ਗਏ ਤਿੰਨ ਮੁਲਜ਼ਮਾਂ ਨੇ ਗੁਰਪ੍ਰੀਤ ਸਿੰਘ ਦੀ ਰੇਕੀ ਕੀਤੀ ਸੀ।