ਹੁਣ ਪਰਾਲੀ ਸਾੜਨ ‘ਤੇ ਲੱਗੇਗਾ ਦੁੱਗਣਾ ਜੁਰਮਾਨਾ, SC ਦੀ ਸਖਤੀ ਤੋਂ ਬਾਅਦ ਕੇਂਦਰ ਨੇ ਕੀਤਾ ਵਧਾਇਆ ਜੁਰਮਾਨਾ

7 ਨਵੰਬਰ 2024

ਸੁਪਰੀਮ ਕੋਰਟ ਦੀ ਸਖ਼ਤੀ ਤੋਂ ਬਾਅਦ ਭਾਰਤ ਸਰਕਾਰ ਨੇ ਵਧਦੇ ਪ੍ਰਦੂਸ਼ਣ ਦੀ ਸਮੱਸਿਆ ਨੂੰ ਰੋਕਣ ਲਈ ਵੱਡਾ ਕਦਮ ਚੁੱਕਿਆ ਹੈ। ਕੇਂਦਰ ਸਰਕਾਰ ਨੇ ਪਰਾਲੀ ਸਾੜਨ ‘ਤੇ ਜੁਰਮਾਨਾ ਦੁੱਗਣਾ ਕਰ ਦਿੱਤਾ ਹੈ। ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਭਾਰਤ ਸਰਕਾਰ ਨੇ ਦੋ ਏਕੜ ਤੋਂ ਘੱਟ ਜ਼ਮੀਨ ‘ਤੇ ਪਰਾਲੀ ਸਾੜਨ ‘ਤੇ 5000 ਰੁਪਏ ਅਤੇ ਦੋ ਏਕੜ ਤੋਂ ਵੱਧ ਜ਼ਮੀਨ ‘ਤੇ ਪਰਾਲੀ ਸਾੜਨ ‘ਤੇ 10000 ਰੁਪਏ ਦੇ ਜੁਰਮਾਨੇ ਦੀ ਵਿਵਸਥਾ ਕੀਤੀ ਹੈ। ਸਰਕਾਰ ਨੇ ਇਸ ਸਬੰਧੀ ਗਜ਼ਟ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।

ਭਾਰਤ ਸਰਕਾਰ ਨੇ ਨੋਟੀਫਿਕੇਸ਼ਨ ਵਿੱਚ ਲਿਖਿਆ ਹੈ ਕਿ ਜੇਕਰ ਕੋਈ 2 ਤੋਂ 5 ਏਕੜ ਵਿੱਚ ਪਰਾਲੀ ਸਾੜਦਾ ਫੜਿਆ ਗਿਆ ਤਾਂ ਉਸ ਨੂੰ 10,000 ਰੁਪਏ ਦਾ ਜੁਰਮਾਨਾ ਕੀਤਾ ਜਾਵੇਗਾ। ਦੂਜੇ ਪਾਸੇ 5 ਏਕੜ ਤੋਂ ਵੱਧ ਪਰਾਲੀ ਸਾੜਨ ‘ਤੇ 30,000 ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਜੁਰਮਾਨਾ ਕ੍ਰਮਵਾਰ 2,500, 5,000 ਅਤੇ 15,000 ਰੁਪਏ ਤੈਅ ਕੀਤਾ ਗਿਆ ਸੀ। ਇਸ ਤੋਂ ਇਲਾਵਾ ਵਾਤਾਵਰਨ ਸੁਰੱਖਿਆ ਐਕਟ (ਈਪੀਏ), 1986 ਤਹਿਤ ਸ਼ਿਕਾਇਤਾਂ ਦਰਜ ਕਰਨ ਅਤੇ ਜਾਂਚ ਵਰਗੇ ਮਾਮਲਿਆਂ ਵਿੱਚ ਨਵੇਂ ਨਿਯਮ ਸ਼ਾਮਲ ਕੀਤੇ ਗਏ ਹਨ।