ਚੰਡੀਗੜ੍ਹ ‘ਚ ਜਲਦ ਬਣੇਗੀ ਹਰਿਆਣਾ ਦੀ ਨਵੀਂ ਵਿਧਾਨ ਸਭਾ,ਕੇਂਦਰ ਸਰਕਾਰ ਨੇ ਚੰਡੀਗੜ੍ਹ ਨੂੰ ਜਮੀਨ ਦੇ ਲਈ ਦਿੱਤੀ ਮਨਜ਼ੂਰੀ
ਚੰਡੀਗੜ੍ਹ:13 ਨਵੰਬਰ 2024
ਹਰਿਆਣਾ ਸਰਕਾਰ ਚੰਡੀਗੜ੍ਹ ‘ਤੇ ਆਪਣਾ ਦਾਅਵਾ ਹੋਰ ਮਜ਼ਬੂਤ ਕਰਨ ਜਾ ਰਹੀ ਹੈ। ਹੁਣ ਹਰਿਆਣਾ ਸਰਕਾਰ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਵੱਖਰੀ ਵਿਧਾਨ ਸਭਾ ਹੋਵੇਗੀ। ਜਿਸ ਲਈ ਕੇਂਦਰ ਸਰਕਾਰ ਦੇ ਵਾਤਾਵਰਨ ਮੰਤਰਾਲੇ ਨੇ ਇਸ ਪ੍ਰਾਜੈਕਟ ਨੂੰ ਹਰੀ ਝੰਡੀ ਦੇ ਦਿੱਤੀ ਹੈ। ਚੰਡੀਗੜ੍ਹ ਪ੍ਰਸ਼ਾਸਨ ਵੱਖਰੀ ਵਿਧਾਨ ਸਭਾ ਬਣਾਉਣ ਲਈ ਹਰਿਆਣਾ ਸਰਕਾਰ ਨੂੰ 10 ਏਕੜ ਜ਼ਮੀਨ ਦੇਵੇਗਾ। ਜਦੋਂ ਕਿ ਬਦਲੇ ਵਿੱਚ ਹਰਿਆਣਾ ਸਰਕਾਰ ਪੰਚਕੂਲਾ ਵਿੱਚ 12 ਏਕੜ ਜ਼ਮੀਨ ਚੰਡੀਗੜ੍ਹ ਨੂੰ ਦੇਵੇਗੀ।
ਕੇਂਦਰ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਤੋਂ ਬਾਅਦ ਹਰਿਆਣਾ ਸਰਕਾਰ ਨੂੰ ਚੰਡੀਗੜ੍ਹ ਵਿੱਚ ਜ਼ਮੀਨ ਐਕੁਆਇਰ ਕਰਨ ਵਿੱਚ ਦਰਪੇਸ਼ ਮੁਸ਼ਕਲਾਂ ਦੂਰ ਹੋ ਗਈਆਂ ਹਨ। ਹੁਣ ਪ੍ਰਸ਼ਾਸਨ ਇਸ ਜ਼ਮੀਨ ਨੂੰ ਹਰਿਆਣਾ ਸਰਕਾਰ ਨੂੰ ਆਸਾਨੀ ਨਾਲ ਟਰਾਂਸਫਰ ਕਰ ਸਕਦਾ ਹੈ। ਵਾਤਾਵਰਣ ਵਿਭਾਗ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਪ੍ਰਸ਼ਾਸਨ ਹੁਣ ਵਿਧਾਨ ਸਭਾ ਭਵਨ ਲਈ ਰੇਲਵੇ ਸਟੇਸ਼ਨ ਨੇੜੇ 10 ਏਕੜ ਜ਼ਮੀਨ ਹਰਿਆਣਾ ਸਰਕਾਰ ਨੂੰ ਸੌਂਪੇਗਾ।ਚੰਡੀਗੜ੍ਹ ਵਿੱਚ ਜ਼ਮੀਨ ਐਕਵਾਇਰ ਵਿੱਚ ਆ ਰਹੀਆਂ ਮੁਸ਼ਕਲਾਂ ਨਾਲ ਨਜਿੱਠਣ ਲਈ ਹਰਿਆਣਾ ਸਰਕਾਰ ਵੀ ਚੰਡੀਗੜ੍ਹ ਪ੍ਰਸ਼ਾਸਨ ਨੂੰ 550 ਕਰੋੜ ਰੁਪਏ ਦੇਣ ਦੀ ਤਿਆਰੀ ਕਰ ਰਹੀ ਹੈ। ਪਰ ਕੇਂਦਰ ਸਰਕਾਰ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਹਰਿਆਣਾ ਸਰਕਾਰ ਨੂੰ ਕੁਝ ਰਾਹਤ ਜ਼ਰੂਰ ਮਿਲੇਗੀ।