ਮੁੱਖ ਮੰਤਰੀ ਵੱਲੋਂ ਕਣਕ ਖਰੀਦ ਦਾ ਜਾਇਜ਼ਾ ਲੈਣ ਲਈ ਛੇ ਆਈ.ਏ.ਐਸ. ਅਧਿਕਾਰੀ ਕੀਤੇ ਨਿਯੁਕਤ – 30 ਅਪ੍ਰੈਲ ਤੱਕ ਦੇਣਗੇ ਰਿਪੋਰਟ

ਚੰਡੀਗੜ, 27 ਅਪ੍ਰੈਲ ( ਨਿਊਜ਼ ਪੰਜਾਬ ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਖ-ਵੱਖ ਜ਼ਿਲਿਆਂ ਵਿੱਚ ਮੰਡੀਆਂ ਦਾ ਦੌਰਾ ਕਰਕੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਛੇ ਆਈ.ਏ.ਐਸ. ਅਧਿਕਾਰੀਆਂ ਨੂੰ ਤਾਇਨਾਤ ਕੀਤਾ ਹੈ ਜੋ 30 ਅਪ੍ਰੈਲ ਤੱਕ ਆਪਣੀ ਰਿਪੋਰਟ ਸੌਂਪਣਗੇ।
ਇਕ ਸਰਕਾਰੀ ਬੁਲਾਰੇ ਮੁਤਾਬਕ ਇਹ ਅਧਿਕਾਰੀ ਹਾੜੀ ਦੇ ਮੰਡੀਕਰਨ ਸੀਜ਼ਨ 2020-21 ਦੌਰਾਨ ਚੱਲ ਰਹੇ ਖਰੀਦ ਕਾਰਜਾਂ ਦਾ ਜ਼ਮੀਨ ਪੱਧਰ ’ਤੇ ਜਾ ਕੇ ਪਤਾ ਲਾਉਣ ਲਈ 28 ਤੋਂ 29 ਅਪ੍ਰੈਲ ਤੱਕ ਵੱਖ-ਵੱਖ ਜ਼ਿਲਿਆਂ ਦਾ ਦੌਰਾ ਕਰਨਗੇ।
ਇਨਾਂ ਅਧਿਕਾਰੀਆਂ ਨੂੰ ਮੁਢਲੇ ਤੌਰ ’ਤੇ ਕਰਫਿੳੂ ਪਾਸ ਜਾਰੀ ਕਰਨ ਦੀ ਪ੍ਰਣਾਲੀ ਦੇ ਅਮਲੀਕਰਨ, ਸਬੰਧਤ ਮੰਡੀਆਂ ਵਿੱਚ ਪਿੰਡ ਵਾਰ ਪਹੁੰਚ ਰਹੀ ਕਣਕ ਤੋਂ ਇਲਾਵਾ ਕਣਕ ਦੀ ਗੁਣਵੱਤਾ ਅਤੇ ਕੋਵਿਡ-19 ਪ੍ਰੋਟੋਕੋਲ ਦੀ ਪਾਲਣਾ ਸ਼ਾਮਲ ਹੈ।
ਇਸ ਕਾਰਜ ਲਈ ਤਾਇਨਾਤ ਕੀਤੇ ਅਧਿਕਾਰੀਆਂ ਵਿੱਚ ਪੰਜਾਬ ਸਟੇਟ ਵੇਅਰਹਾੳੂਸਿੰਗ ਕਾਰਪੋਰੇਸ਼ਨ ਦੇ ਐਮ.ਡੀ. ਨੀਲਕੰਠ ਐਸ. ਅਵਹਾਦ ਨੂੰ ਰੋਪੜ ਅਤੇ ਐਸ.ਬੀ.ਐਸ. ਜ਼ਿਲਿਆਂ ਵਿੱਚ ਕਣਕ ਦੇ ਖਰੀਦ ਕਾਰਜਾਂ ਦੀ ਨਿਗਾਰਨੀ ਦਾ ਜ਼ਿੰਮਾ ਸੌਂਪਿਆ ਗਿਆ ਹੈ। ਇਸੇ ਤਰਾਂ ਮਾਰਕਫੈੱਡ ਦੇ ਐਮ.ਡੀ. ਵਰੁਣ ਰੂਜ਼ਮ (ਅੰਮਿ੍ਰਤਸਰ ਤੇ ਤਰਨਤਾਰਨ), ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲਿਆਂ ਦੇ ਡਾਇਰੈਕਟਰ ਅਨਿੰਦਿਤਾ ਮਿੱਤਰਾ (ਐਸ.ਏ.ਐਸ. ਨਗਰ), ਸਕੱਤਰ ਮੰਡੀ ਬੋਰਡ ਰਵੀ ਭਗਤ (ਐਸ.ਬੀ.ਐਸ. ਨਗਰ, ਹੁਸ਼ਿਆਰਪੁਰ ਤੇ ਜਲੰਧਰ), ਐਮ.ਡੀ. ਪਨਸਪ ਰਾਮਬੀਰ (ਜਲੰਧਰ ਤੇ ਕਪੂਰਥਲਾ) ਅਤੇ ਐਮ.ਡੀ. ਪੰਜਾਬ ਐਗਰੋ ਫੂਡ ਕਾਰਪੋਰੇਸ਼ਨ ਮਨਜੀਤ ਬਰਾੜ (ਗੁਰਦਾਸਪੁਰ ਅਤੇ ਪਠਾਨਕੋਟ) ਦਾ ਕਾਰਜ ਸੌਂਪਿਆ ਗਿਆ ਹੈ।
ਇਨਾਂ ਅਧਿਕਾਰੀਆਂ ਨੂੰ ਕਣਕ ਦੀ ਖਰੀਦ ਤੇ ਚੁਕਾਈ ਨੂੰ ਨਿਰਧਾਰਤ ਸਮੇਂ ਵਿੱਚ ਪੂਰਾ ਕਰਨ ਸਬੰਧੀ ਡਿਪਟੀ ਕਮਿਸ਼ਨਰਾਂ ਨੂੰ ਪਹਿਲਾਂ ਹੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਨੂੰ ਲਾਗੂ/ਪਾਲਣਾ ਨੂੰ ਯਕੀਨੀ ਬਣਾਉਣ ਦਾ ਜ਼ਿੰਮਾ ਵੀ ਸੌਂਪਿਆ ਗਿਆ ਹੈ।
ਹੁਣ ਤੱਕ ਮੰਡੀਆਂ ਵਿੱਚ ਪਹੁੰਚੀ/ਖਰੀਦੀ ਕਣਕ ਦਾ ਵਿਸਥਾਰ ਵਿੱਚ ਵੇਰਵਾ ਦਿੰਦਿਆਂ ਵਧੀਕ ਮੁੱਖ ਸਕੱਤਰ ਵਿਕਾਸ ਵਿਸਵਾਜੀਤ ਖੰਨਾ ਨੇ ਦੱਸਿਆ ਕਿ ਸੂਬਾ ਭਰ ਦੀਆਂ ਮੰਡੀਆਂ ਵਿੱਚ 49.36 ਲੱਖ ਮੀਟਰਕ ਟਨ ਕਣਕ ਪਹੁੰਚੀ ਹੈ ਜਿਸ ਵਿੱਚੋਂ 47.33 ਲੱਖ ਮੀਟਰਕ ਟਨ ਫਸਲ ਖਰੀਦੀ ਜਾ ਚੁੱਕੀ ਹੈ ਜਦਕਿ ਪਿਛਲੇ ਸਾਲ ਇਸੇ ਸਮੇਂ ਦੌਰਾਨ 46.70 ਲੱਖ ਮੀਟਰਕ ਟਨ ਕਣਕ ਦੀ ਆਮਦ ਹੋਈ ਸੀ ਜਿਸ ਵਿੱਚੋਂ 41.92 ਲੱਖ ਮੀਟਰਕ ਟਨ ਖਰੀਦੀ ਗਈ ਸੀ।
ਇਸੇ ਦੌਰਾਨ ਵਧੀਕ ਮੁੱਖ ਸਕੱਤਰ ਨੇ ਦੱਸਿਆ ਕਿ ਕਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਜਾਰੀ ਕੀਤੀ ਸਿਹਤ ਐਡਵਾਈਜ਼ਰੀ ਦੇ ਮੱਦੇਨਜ਼ਰ ਪੜਾਅਵਾਰ ਕਣਕ ਲਿਆਉਣ ਦੇ ਬਾਵਜੂਦ ਹੁਣ ਤੱਕ ਮਨੋਨੀਤ 4100 ਖਰੀਦ ਕੇਂਦਰਾਂ ਲਈ ਕਿਸਾਨਾਂ ਨੂੰ ਆੜਤੀਆਂ ਰਾਹੀਂ 7.13 ਲੱਖ ਪਾਸ ਜਾਰੀ ਕੀਤੇ ਜਾ ਚੁੱਕੇ ਹਨ ਤਾਂ ਕਿ ਮੰਡੀਆਂ ਵਿੱਚ ਭੀੜ-ਭੜੱਕਾ ਨਾ ਹੋਵੇ।
ਸ੍ਰੀ ਖੰਨਾ ਨੇ ਅੱਗੇ ਦੱਸਿਆ ਕਿ ਖਰੀਦ ਕਾਰਜਾਂ ਵਿੱਚ ਜੁਟੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕੋਵਿਡ-19 ਦੇ ਸੰਦਰਭ ਵਿੱਚ ਸਮਾਜਿਕ ਦੂਰੀ ਸਮੇਤ ਸਿਹਤ ਪ੍ਰੋਟੋਕੋਲ ਦੀ ਚੰਗੀ ਤਰਾਂ ਪਾਲਣ ਕਰਨ ਲਈ ਆਖਿਆ ਗਿਆ ਹੈ। ਸੂਬਾ ਭਰ ਵਿੱਚ ਮੰਡੀਆਂ ’ਚ ਗਾਰਡੀਅਨਜ਼ ਆਫ ਗਵਰਨੈਂਸ ਅਤੇ ਪੁਲੀਸ ਮੁਲਾਜ਼ਮ ਵੀ ਨਿਰਵਿਘਨ ਖਰੀਦ ਕਾਰਜਾਂ ਤੋਂ ਇਲਾਵਾ ਸਾਰੀਆਂ ਧਿਰਾਂ ਦੀ ਸਫਾਈ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਡਿੳੂਟੀ ਨਿਭਾਅ ਰਹੇ ਹਨ।
——–