ਪੰਜਾਬ ”ਚ ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ ! ਕੱਚੇ ਮੁਲਾਜ਼ਮਾਂ ਨੇ ਦਿੱਤੀ ਇਸ ਦਿਨ ਚੱਕਾ ਜਾਮ ਦੀ ਚਿਤਾਵਨੀ
ਪੰਜਾਬ ਨਿਊਜ਼,19 ਦਿਸੰਬਰ 2024
ਪੰਜਾਬ ‘ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲੇ ਲੋਕਾਂ ਖ਼ਾਸ ਕਰਕੇ ਬੀਬੀਆਂ ਲਈ ਜ਼ਰੂਰੀ ਖ਼ਬਰ ਹੈ। ਦਰਅਸਲ 6, 7 ਅਤੇ 8 ਜਨਵਰੀ ਨੂੰ ਸੂਬੇ ਭਰ ‘ਚ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ। ਇਸ ਲਈ ਇਨ੍ਹਾਂ ਤਾਰੀਖ਼ਾਂ ਦੌਰਾਨ ਜੇਕਰ ਬੀਬੀਆਂ ਸਮੇਤ ਬਾਕੀ ਲੋਕ ਕਿਸੇ ਪਾਸੇ ਜਾਣ ਦਾ ਪਲਾਨ ਬਣਾ ਰਹੇ ਹਨ ਤਾਂ ਉਨ੍ਹਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਜਾਣਕਾਰੀ ਮੁਤਾਬਕ ਪੰਜਾਬ ਰੋਡਵੇਜ਼/ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟਰ ਵਰਕਰਜ਼ ਯੂਨੀਅਨ ਵਲੋਂ ਟਰਾਂਸਪੋਰਟ ਵਿਭਾਗ ਦੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਯੂਨੀਅਨ ਵਲੋਂ 22 ਦਸੰਬਰ ਨੂੰ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਮੰਗ ਪੱਤਰ ਸੌਂਪੇ ਜਾਣਗੇ ਅਤੇ 2 ਜਨਵਰੀ ਨੂੰ ਗੇਟ ਰੈਲੀਆਂ ਕੀਤੀਆਂ ਜਾਣਗੀਆਂ।
ਇਸ ਤੋਂ ਬਾਅਦ 6, 7 ਅਤੇ 8 ਜਨਵਰੀ ਨੂੰ ਪੰਜਾਬ ‘ਚ ਮੁਕੰਮਲ ਚੱਕਾ ਜਾਮ ਕੀਤਾ ਜਾਵੇਗਾ। ਇਸ ਲਈ ਸਰਕਾਰੀ ਬੱਸਾਂ ‘ਚ ਸਫ਼ਰ ਕਰਦੇ ਲੋਕਾਂ ਨੂੰ ਇਨ੍ਹਾਂ ਤਾਰੀਖ਼ਾਂ ਦੌਰਾਨ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।