ਅੰਤਿਮ ਦਰਸ਼ਨਾਂ ਲਈ ਭਲਕੇ ਕਾਂਗਰਸ ਹੈੱਡਕੁਆਰਟਰ ਲਿਆਂਦੀ ਜਾਵੇਗੀ ਮਨਮੋਹਨ ਸਿੰਘ ਦੀ ਦੇਹ, ਪੀਐੱਮ ਮੋਦੀ ਨੇ ਡਾ. ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਅਮਿਤ ਸ਼ਾਹ ਸਮੇਤ ਕਈ ਨੇਤਾਵਾਂ ਨੇ ਕੀਤੇ ਅੰਤਿਮ ਦਰਸ਼ਨ, ਦੇਸ਼ ‘ਚ 7 ਦਿਨ ਦਾ ਕੌਮੀ ਸੋਗ
ਨਵੀਂ ਦਿੱਲੀ :27 ਦਿਸੰਬਰ 2024
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਵੀਰਵਾਰ ਨੂੰ 92 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ। ਵੀਰਵਾਰ ਸ਼ਾਮ ਨੂੰ ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਗੰਭੀਰ ਹਾਲਤ ‘ਚ ਦਿੱਲੀ ਦੇ ਏਮਜ਼ ‘ਚ ਭਰਤੀ ਕਰਵਾਇਆ ਗਿਆ ਸੀ। ਮਨਮੋਹਨ ਸਿੰਘ ਨੇ ਏਮਜ਼ ਦੇ ਐਮਰਜੈਂਸੀ ਵਿਭਾਗ ‘ਚ ਆਖਰੀ ਸਾਹ ਲਿਆ। ਉਨ੍ਹਾਂ ਦੀ ਮੌਤ ਤੋਂ ਬਾਅਦ ਦੇਸ਼ ਵਿਚ ਸੱਤ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ ਹੈ। ਮਨਮੋਹਨ ਸਿੰਘ ਦੀ ਮ੍ਰਿਤਕ ਦੇਹ ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਲਿਆਂਦੀ ਗਈ ਹੈ। ਕੇਂਦਰ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਅੱਜ ਦੇ ਸਾਰੇ ਪ੍ਰੋਗਰਾਮਾਂ ਨੂੰ ਰੱਦ ਕਰ ਦਿੱਤਾ ਹੈ ਤੇ 7 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਉਨ੍ਹਾਂ ਦਾ ਸਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ।
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦੇਹਾਂਤ ਤੋਂ ਬਾਅਦ ਰਾਸ਼ਟਰਪਤੀ ਭਵਨ ‘ਚ ਰਾਸ਼ਟਰੀ ਝੰਡਾ ਅੱਧਾ ਝੁਕਾ ਦਿੱਤਾ ਗਿਆ ਹੈ। ਨਾਲ ਹੀ, ਦਿੱਲੀ ਸਥਿਤ ਆਲ ਇੰਡੀਆ ਕਾਂਗਰਸ ਕਮੇਟੀ (AICC) ਦੇ ਮੁੱਖ ਦਫਤਰ ‘ਚ ਰਾਸ਼ਟਰੀ ਝੰਡਾ ਅੱਧਾ ਝੁਕਾਇਆ ਗਿਆ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਸਸਕਾਰ ਸ਼ਨਿਚਰਵਾਰ ਨੂੰ ਹੋਵੇਗਾ। ਸ਼ਨਿਚਰਵਾਰ ਨੂੰ ਉਨ੍ਹਾਂ ਦੀ ਦੇਹ ਕਾਂਗਰਸ ਹੈੱਡਕੁਆਰਟਰ ਲਿਆਂਦੀ ਜਾਵੇਗੀ ਜਿੱਥੇ ਲੋਕ ਉਨ੍ਹਾਂ ਦੇ ਅੰਤਿਮ ਦਰਸ਼ਨ ਕਰ ਸਕਣਗੇ
ਪੀਐੱਮ ਮੋਦੀ ਨੇ ਘਰ ਜਾ ਕੇ ਦਿੱਤੀ ਸ਼ਰਧਾਂਜਲੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਅੰਤਿਮ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।
ਅਮਿਤ ਸ਼ਾਹ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਦਿੱਤੀ ਅੰਤਿਮ ਸ਼ਰਧਾਂਜਲੀ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੂੰ ਅੰਤਿਮ ਸ਼ਰਧਾਂਜਲੀ ਭੇਟ ਕੀਤੀ ਤੇ ਉਨ੍ਹਾਂ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਜ਼ਾਹਿਕ ਕੀਤਾ।
ਭਾਰਤ-ਅਮਰੀਕਾ ਨੂੰ ਨੇੜੇ ਲਿਆਉਣ ਲਈ ਮਨਮੋਹਨ ਸਿੰਘ ਨੂੰ ਕੀਤਾ ਜਾਵੇਗਾ ਯਾਦ : ਅਮਰੀਕੀ ਵਿਦੇਸ਼ ਮੰਤਰੀ
ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਭਾਰਤ-ਅਮਰੀਕਾ ਨੂੰ ਨੇੜੇ ਲਿਆਉਣ ਲਈ ਡਾ. ਮਨਮੋਹਨ ਸਿੰਘ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ।
ਡਾ. ਮਨਮੋਹਨ ਸਿੰਘ ਦੀ ਰਿਹਾਇਸ਼ ‘ਤੇ ਪਹੁੰਚੀ ਸੋਨੀਆ ਗਾਂਧੀ
ਕਾਂਗਰਸ ਆਗੂ ਸੋਨੀਆ ਗਾਂਧੀ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਉਨ੍ਹਾਂ ਦੇ ਘਰ ਪਹੁੰਚੀ।
ਰਾਜ ਸਭਾ ਦੇ ਚੇਅਰਮੈਨ ਨੇ ਕਿਹਾ – ਮਨਮੋਹਨ ਸਿੰਘ ਨੂੰ ਦੂਰਦਰਸ਼ੀ ਸਿਆਸਤਦਾਨ ਵਜੋਂ ਕੀਤਾ ਜਾਵੇਗਾ ਯਾਦ
ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਰਾਜ ਸਭਾ ਦੇ ਚੇਅਰਮੈਨ ਹਰੀਵੰਸ਼ ਨੇ ਕਿਹਾ ਕਿ ਉਨ੍ਹਾਂ ਨੂੰ ਮਹਾਨ, ਗਿਆਨਵਾਨ ਅਤੇ ਦੂਰਦਰਸ਼ੀ ਸਿਆਸਤਦਾਨ ਵਜੋਂ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਪ੍ਰਮੁੱਖ ਅਰਥ ਸ਼ਾਸਤਰੀ ਸਨ, ਜਿਨ੍ਹਾਂ ਨੂੰ ਪੂਰੀ ਦੁਨੀਆ ਵਿਚ ਜਾਣਿਆ ਜਾਂਦਾ ਹੈ। ਉਹ ਆਰਥਿਕ ਸੰਕਟ ਦੇ ਸਮੇਂ ਦੇਸ਼ ਦੇ ਵਿੱਤ ਮੰਤਰੀ ਬਣੇ ਸਨ।
ਰਾਹੁਲ ਗਾਂਧੀ ਮਨਮੋਹਨ ਸਿੰਘ ਦੇ ਘਰ ਪਹੁੰਚੇ
ਕਾਂਗਰਸ ਨੇਤਾ ਅਤੇ ਰਾਏਬਰੇਲੀ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਘਰ ਪਹੁੰਚੇ ਹਨ।