ਪਟਿਆਲਾ ਜ਼ਿਲ੍ਹੇ ਅੰਦਰ ਬਾਹਰਲੇ ਰਾਜਾਂ ਤੋਂ ਦਾਖਲ ਹੋਣ ਵਾਲੇ ਹਰ ਵਿਅਕਤੀ ਦੀ ਮੁਢਲੀ ਸਿਹਤ ਜਾਂਚ ਹੋਵੇਗੀ-ਜ਼ਿਲ੍ਹੇ ਅੰਦਰ ਕਰਫਿਊ ਵਿੱਚ ਕੋਈ ਢਿੱਲ ਨਹੀਂ -ਡਿਪਟੀ ਕਮਿਸ਼ਨਰ

ਪਟਿਆਲਾ, 29 ਅਪ੍ਰੈਲ:( ਨਿਊਜ਼ ਪੰਜਾਬ ) – ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਸਪੱਸ਼ਟ ਕੀਤਾ ਹੈ ਕਿ ਪਟਿਆਲਾ ਜ਼ਿਲ੍ਹੇ ਅੰਦਰ ਕਰਫਿਊ ਵਿੱਚ ਕੋਈ ਢਿੱਲ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਅੱਜ ਸ਼ਾਮ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਕਰਫਿਊ ਦੌਰਾਨ ਦਿੱਤੀਆਂ ਕੁਝ ਛੋਟਾਂ ਦੇ ਮੱਦੇਨਜ਼ਰ ਜ਼ਿਲ੍ਹਾ ਪਟਿਆਲਾ ਵਿੱਚ ਫ਼ਿਲਹਾਲ ਕੋਈ ਛੋਟ ਨਹੀਂ ਦਿੱਤੀ ਗਈ ਅਤੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਇਹਤਿਆਤ ਵਜੋਂ ਪਾਬੰਦੀਆਂ ਜਾਰੀ ਰਹਿਣਗੀਆਂ।
ਸ੍ਰੀ ਕੁਮਾਰ ਅਮਿਤ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕੋਰੋਨਾਵਾਇਰਸ ਦੇ ਨਵੇਂ ਆ ਰਹੇ ਮਾਮਲਿਆਂ ਨੂੰ ਦੇਖਦਿਆਂ ਪਟਿਆਲਾ ਜ਼ਿਲ੍ਹੇ ਨੂੰ ਅਜੇ ਰੈਡ ਜ਼ੋਨ ਵਿੱਚ ਹੀ ਰੱਖਿਆ ਹੋਇਆ ਹੈ ਅਤੇ ਕਰਫਿਊ ਵਿਚ ਕਿਸੇ ਪ੍ਰਕਾਰ ਦੀ ਢਿੱਲ ਦੇਣ ਸਬੰਧੀਂ 30 ਅਪ੍ਰੈਲ ਨੂੰ ਸਬੰਧਤਾਂ ਨਾਲ ਮੀਟਿੰਗ ਕਰਕੇ ਹੀ ਸ਼ਾਮ ਨੂੰ ਕੋਈ ਫੈਸਲਾ ਲਿਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਤਰ੍ਹਾਂ ਦੀਆਂ ਅਫ਼ਵਾਹਾਂ ਨਾ ਫੈਲਾਉਣ ਅਤੇ ਨਾਂ ਹੀ ਅਫ਼ਵਾਹਾਂ ‘ਤੇ ਵਿਸ਼ਵਾਸ਼ ਕਰਨ ਅਤੇ ਕਰਫਿਊ ਦੌਰਾਨ ਲਗਾਈਆਂ ਗਈਆਂ ਪਾਬੰਦੀਆਂ ਦੀ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਦਾ ਆਪਣੇ ਘਰਾਂ ਵਿੱਚ ਹੀ ਰਹਿਣਾਂ ਲਾਜਮੀ ਹੈ, ਜਿਸ ਲਈ ਜ਼ਿਲ੍ਹੇ ਦੇ ਨਿਵਾਸੀ ਆਪਣੇ ਘਰਾਂ ਵਿੱਚੋਂ ਬਾਹਰ ਨਾ ਨਿਕਲਣ ਤਾਂ ਕਿ ਕੋਰੋਨਾ ਵਿਰੁੱਧ ਲੜੀ ਜਾ ਰਹੀ ਜੰਗ ‘ਮਿਸ਼ਨ ਫ਼ਤਹਿ’ ਨੂੰ ਕਾਮਯਾਬ ਬਣਾਇਆ ਜਾ ਸਕੇ।
                                                                                      ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਸਕੱਤਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪਟਿਆਲਾ ਜ਼ਿਲ੍ਹੇ ਅੰਦਰ ਬਾਹਰਲੇ ਰਾਜਾਂ ਤੋਂ ਦਾਖਲ ਹੋਣ ਵਾਲੇ ਹਰ ਵਿਅਕਤੀ ਦੇ ਅੰਕੜੇ ਇਕੱਤਰ ਕਰਨ ਅਤੇ ਮੁਢਲੀ ਸਿਹਤ ਜਾਂਚ ਨਿਰਦੇਸ਼ ਦਿੱਤੇ ਹਨ।
ਸ੍ਰੀ ਕੁਮਾਰ ਅਮਿਤ ਨੇ ਇੱਕ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਅੰਦਰ ਦਾਖਲੇ ਲਈ ਨਿਰਧਾਰਤ ਕੀਤੇ ਚਾਰ ਮੁੱਖ ਮਾਰਗਾਂ ਕੌਮੀ ਸ਼ਾਹਰਾਹ ਸ਼ੰਭੂ, ਅੰਬਾਲਾ-ਰਾਜਪੁਰਾ ਰੋਡ, ਮੁੱਖ ਮਾਰਗ ਪਿਹੋਵਾ-ਦੇਵੀਗੜ੍ਹ ਰੋਡ, ਮੁੱਖ ਮਾਰਗ ਸਮਾਣਾ-ਕੈਥਲ ਰੋਡ ਅਤੇ ਮੁੱਖ ਮਾਰਗ ਢਾਬੀ ਗੁੱਜਰਾਂ ਪਾਤੜਾਂ ਤੋਂ ਇਲਾਵਾ ਕਿਸੇ ਹੋਰ ਰਸਤੇ ਪੰਜਾਬ ਅਤੇ ਜ਼ਿਲ੍ਹੇ ਵਿੱਚ ਦਾਖਲ ਹੋਣ ‘ਤੇ ਪਾਬੰਦੀ ਲਗਾਈ ਹੈ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਆਦੇਸ਼ਾਂ ਮੁਤਾਬਕ ਇਨ੍ਹਾਂ ਨਾਕਿਆਂ ‘ਤੇ 24 ਘੰਟੇ ਮਲਟੀਪਰਪਜ ਹੈਲਥ ਵਰਕਰ ਤਾਇਨਾਤ ਰਹਿਣਗੇ। ਇਸ ਤੋਂ ਇਲਾਵਾ ਇੱਥੇ ਪੰਜਾਬ ਅੰਦਰ ਦਾਖਲ ਹੋਣ ਵਾਲਿਆਂ ਦੇ ਅੰਕੜੇ ਇਕੱਤਰ ਕਰਨ ਲਈ ਆਬਕਾਰੀ ਤੇ ਕਰ ਵਿਭਾਗ ਦੇ ਨਾਲ-ਨਾਲ ਸਰਕਾਰੀ ਸਕੂਲਾਂ ਦੇ ਕੰਪਿਊਟਰ ਅਧਿਆਪਕਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।