ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 37ਵੇ ਦਿਨ ਵੀ ਜਾਰੀ, ਅਸੀਂ ਪਿੱਛੇ ਨਹੀਂ ਹਟਾਂਗੇ ,ਖਿਨੋਰੀ ਬਾਰਡਰ ਤੇ ਬੈਠੇ ਕਿਸਾਨਾਂ ਨੇ ਕੇਂਦਰ ਨੂੰ ਕਿਹਾ
ਨਵੀ ਦਿੱਲੀ,1 ਜਨਵਰੀ 2025
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅਜੇ ਵੀ ਜਾਰੀ ਹੈ। ਮੰਗਲਵਾਰ ਨੂੰ ਪੰਜਾਬ ਸਰਕਾਰ ਨੇ ਉਨ੍ਹਾਂ ਦਾ ਮਰਨ ਵਰਤ ਤੋੜਨ ਲਈ ਸੁਪਰੀਮ ਕੋਰਟ ਤੋਂ ਦੋ ਦਿਨ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਹੈ। ਸੁਪਰੀਮ ਕੋਰਟ ਨੇ ਇਸ ‘ਤੇ ਸਹਿਮਤੀ ਜਤਾਈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਡੱਲੇਵਾਲ ਦਾ ਢੁੱਕਵਾਂ ਇਲਾਜ ਕਰਵਾਉਣ ਅਤੇ ਉਸ ਦਾ ਵਰਤ ਤੋੜਨ ਲਈ ਯਤਨ ਕਰਨ ਲਈ ਕਿਹਾ ਸੀ। ਜਗਜੀਤ ਸਿੰਘ ਡੱਲੇਵਾਲ 26 ਨਵੰਬਰ ਤੋਂ ਭੁੱਖ ਹੜਤਾਲ ‘ਤੇ ਹਨ ਅਤੇ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਨ ਦੇ ਹੁਕਮ ਦਿੱਤੇ ਹਨ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 2 ਜਨਵਰੀ ਨੂੰ ਹੋਵੇਗੀ
ਜਸਟਿਸ ਸੁਧਾਂਸ਼ੂ ਧੂਲੀਆ ਅਤੇ ਜਸਟਿਸ ਸੂਰਿਆ ਕਾਂਤ ਦੀ ਛੁੱਟੀ ਵਾਲੇ ਬੈਂਚ ਨੇ ਕਿਹਾ, ‘ਹਾਲਾਤਾਂ ਨੂੰ ਦੇਖਦੇ ਹੋਏ ਅਤੇ ਨਿਆਂ ਦੇ ਹਿੱਤ ‘ਚ ਅਸੀਂ ਪੰਜਾਬ ਸਰਕਾਰ ਦੀ ਦੋ ਦਿਨ ਦੇ ਵਾਧੂ ਸਮੇਂ ਦੀ ਮੰਗ ਨੂੰ ਸਵੀਕਾਰ ਕਰਦੇ ਹਾਂ।’ ਪੰਜਾਬ ਦੇ ਏਡੀਜੀ ਗੁਰਮਿੰਦਰ ਸਿੰਘ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਵਾਰਤਾਕਾਰ ਪੰਜਾਬ ਸਰਕਾਰ ਦੀ ਤਰਫ਼ੋਂ ਮੌਕੇ ’ਤੇ ਪੁੱਜੇ ਸਨ। ਇਸ ਦੇ ਲਈ ਮੌਕੇ ‘ਤੇ 7 ਹਜ਼ਾਰ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਸਨ। ਅਜਿਹਾ ਇਸ ਲਈ ਹੋਇਆ ਕਿਉਂਕਿ ਸੋਮਵਾਰ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਰੱਖਿਆ ਗਿਆ ਸੀ। ਇਸ ਦੌਰਾਨ ਪੰਜਾਬ ਸਰਕਾਰ ਨੇ ਵੀ ਕਿਸਾਨ ਅੰਦੋਲਨ ਦੀ ਗੇਂਦ ਕੇਂਦਰ ਸਰਕਾਰ ਦੇ ਦਰਬਾਰ ਵਿੱਚ ਸੁੱਟ ਦਿੱਤੀ ਹੈ। ਪੰਜਾਬ ਦੇ ਵਕੀਲ ਨੇ ਕਿਹਾ, ‘ਕਿਸਾਨਾਂ ਦੀ ਤਰਫੋਂ ਉਨ੍ਹਾਂ ਕੇਂਦਰ ਸਰਕਾਰ ਨੂੰ ਪ੍ਰਸਤਾਵ ਦਿੱਤਾ ਹੈ ਕਿ ਜੇਕਰ ਉਨ੍ਹਾਂ ਨੂੰ ਗੱਲਬਾਤ ਲਈ ਬੁਲਾਇਆ ਜਾਂਦਾ ਹੈ ਤਾਂ ਡੱਲੇਵਾਲ ਲੋੜੀਂਦੀਆਂ ਡਾਕਟਰੀ ਸਹੂਲਤਾਂ ਲੈਣ ਲਈ ਤਿਆਰ ਹਨ।’
ਇਸ ਮਾਮਲੇ ‘ਤੇ ਕੇਂਦਰ ਸਰਕਾਰ ਦੀ ਨੁਮਾਇੰਦਗੀ ਕਰ ਰਹੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਉਹ ਫਿਲਹਾਲ ਇਸ ‘ਤੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ। ਜਸਟਿਸ ਸੂਰਿਆ ਕਾਂਤ ਨੇ ਕਿਹਾ ਕਿ ਜੇਕਰ ਕੁਝ ਅਜਿਹਾ ਹੁੰਦਾ ਹੈ ਜੋ ਸਾਰੀਆਂ ਧਿਰਾਂ ਨੂੰ ਮਨਜ਼ੂਰ ਹੋਵੇ ਤਾਂ ਇਹ ਸਾਡੇ ਲਈ ਖੁਸ਼ੀ ਦੀ ਗੱਲ ਹੋਵੇਗੀ। ਫਿਲਹਾਲ ਸਾਡੀ ਚਿੰਤਾ ਇਹ ਹੈ ਕਿ ਸਾਡੇ ਆਦੇਸ਼ ਨੂੰ ਕਿਵੇਂ ਲਾਗੂ ਕੀਤਾ ਜਾਵੇਗਾ। ਇਸ ਤੋਂ ਪਹਿਲਾਂ 28 ਦਸੰਬਰ ਨੂੰ ਸੁਪਰੀਮ ਕੋਰਟ ਦੇ ਬੈਂਚ ਨੇ ਪੰਜਾਬ ਦੇ ਡੀਜੀਪੀ ਅਤੇ ਮੁੱਖ ਸਕੱਤਰ ਨੂੰ ਚੇਤਾਵਨੀ ਦਿੱਤੀ ਸੀ ਕਿ ਜੇਕਰ ਹੁਕਮਾਂ ਨੂੰ ਲਾਗੂ ਨਾ ਕੀਤਾ ਗਿਆ ਤਾਂ ਉਨ੍ਹਾਂ ਵਿਰੁੱਧ ਮਾਣਹਾਨੀ ਦੀ ਕਾਰਵਾਈ ਕੀਤੀ ਜਾਵੇਗੀ। ਦੱਸ ਦੇਈਏ ਕਿ ਜਗਜੀਤ ਸਿੰਘ ਡੱਲੇਵਾਲ 26 ਨਵੰਬਰ ਤੋਂ ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠੇ ਹਨ।