ਅੰਮ੍ਰਿਤਸਰ ਸ਼ਹਿਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਲਈ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਅੰਮ੍ਰਿਤਸਰ ,19 ਜਨਵਰੀ 2025

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਅੰਮ੍ਰਿਤਸਰ ਸ਼ਹਿਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਕੀਤੀ ਹੈ। ਮੁੱਖ ਸਕੱਤਰ ਮੰਨਣ ਨੇ ਲਿਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਲੰਮੇ ਸਮੇਂ ਤੋਂ ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਅਤੇ ਪੂਰੀ ਮਾਨਵਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਚੌਗਿਰਦੇ ਅਤੇ ਇਥੇ ਆਉਂਦਿਆਂ ਰਸਤਿਆਂ ਉਪਰ ਬਣੇ ਸ਼ਰਾਬ ਦੇ ਠੇਕੇ ਅਤੇ ਤੰਬਾਕੂ ਦੀ ਵਿਕਰੀ ਪੁਰ ਪੂਰਨ ਤੌਰ ਤੇ ਪਾਬੰਦੀ ਲਗਵਾਉਣ ਲਈ ਮੰਗ ਕਰਦੀ ਆ ਰਹੀ ਹੈ।

ਪ੍ਰੰਤੂ ਸੂਬਾ ਸਰਕਾਰ ਵੱਲੋਂ ਇਸ ਸਬੰਧੀ ਕੋਈ ਵੀ ਢੁੱਕਵਾਂ ਯੋਗ ਕਦਮ ਨਹੀਂ ਚੁੱਕਿਆ ਗਿਆ। ਜਿਸ ਕਾਰਨ ਸ਼ਰਧਾਲੂਆਂ ਪੁਰ ਚੰਗਾ ਪ੍ਰਭਾਵ ਨਹੀਂ ਪੈਂਦਾ ਹੈ। ਅੰਮ੍ਰਿਤਸਰ ਸ਼ਹਿਰ ਗੁਰੂ ਵਰੋਸਾਈ ਨਗਰੀ ਅਤੇ ਇਕ ਪਵਿੱਤਰ ਸ਼ਹਿਰ ਹੈ, ਜਿਥੇ ਦੇਸ਼-ਵਿਦੇਸ਼ ਤੋਂ ਰੋਜਾਨਾ ਲੱਖਾ ਸੰਗਤਾਂ ਪੁੱਜਦੀਆਂ ਹਨ। ਸਰਕਾਰ ਦਾ ਫਰਜ ਬਣਦਾ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਚੋਗਿਰਦੇ ਅਤੇ ਅੰਮ੍ਰਿਤਸਰ ਸ਼ਹਿਰ ਦੀ ਇਤਿਹਾਸਕ ਮਹੱਤਤਾ ਨੂੰ ਮੁੱਖ ਰੱਖਦਿਆਂ ਹੋਇਆ ਅੰਮ੍ਰਿਤਸਰ ਸ਼ਹਿਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਜਾਵੇ।