ਫਰੀਦਕੋਟ’ਚ ਪੁਲਿਸ’ਤੇ ਹਮਲੇ ਮਾਮਲੇ ਵਿੱਚ 39 ਮੁਲਜ਼ਮਾਂ ਦੀ ਹੋਈ ਪੇਸ਼ੀ
ਨਿਊਜ਼ ਪੰਜਾਬ,7 ਫਰਵਰੀ 2025
ਫਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਭਾਨ ਵਿੱਚ ਪੁਲਿਸ ‘ਤੇ ਹਮਲਾ ਕਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ 39 ਮੁਲਜ਼ਮਾਂ ਨੂੰ ਕੱਲ੍ਹ ਦੇਰ ਸ਼ਾਮ ਡਿਊਟੀ ਮੈਜਿਸਟ੍ਰੇਟ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।ਪੁਲਿਸ ਦੀ ਬੇਨਤੀ ‘ਤੇ ਅਦਾਲਤ ਨੇ ਤਿੰਨ ਮੁੱਖ ਮੁਲਜ਼ਮਾਂ ਨੂੰ ਚਾਰ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ, ਜਦੋਂ ਕਿ ਬਾਕੀ 36 ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਗਿਆ।
ਜਾਣਕਾਰੀ ਅਨੁਸਾਰ ਸਬ-ਡਵੀਜ਼ਨ ਜੈਤੋ ਦੇ ਪਿੰਡ ਚੰਦਭਾਨ ਵਿਖੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੋਏ ਝਗੜੇ ਦੌਰਾਨ ਪਿੰਡ ਦੀ ਸਰਪੰਚ ਅਮਨਦੀਪ ਕੌਰ ਅਤੇ ਉਸਦੇ ਪਤੀ ਕੁਲਦੀਪ ਸਿੰਘ ਦੀ ਅਗਵਾਈ ਹੇਠਲੀ ਧਿਰ ਦੂਜੀ ਧਿਰ ਵਿਰੁੱਧ ਧਰਨਾ ਦੇ ਰਹੀ ਸੀ ਅਤੇ ਜਦੋਂ ਪੁਲਿਸ ਪ੍ਰਦਰਸ਼ਨਕਾਰੀਆਂ ਨੂੰ ਸਮਝਾਉਣ ਪਹੁੰਚੀ ਤਾਂ ਉਨ੍ਹਾਂ ਨੇ ਪੁਲਿਸ ‘ਤੇ ਹਮਲਾ ਕਰ ਦਿੱਤਾ ਜਿਸ ਵਿੱਚ ਇੱਕ ਡੀਐਸਪੀ, ਐਸਐਚਓ ਅਤੇ ਹੋਰ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਜ਼ਖਮੀ ਹੋ ਗਏ। ਇਸ ਮਾਮਲੇ ਵਿੱਚ ਪੁਲਿਸ ਨੇ ਪਿੰਡ ਦੇ ਸਰਪੰਚ ਅਤੇ ਉਸਦੇ ਪਤੀ ਸਮੇਤ 41 ਲੋਕਾਂ ਅਤੇ 50 ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ, ਜਿਨ੍ਹਾਂ ਵਿੱਚੋਂ ਹੁਣ ਤੱਕ 39 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਜਿਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾ ਚੁੱਕਾ ਹੈ।