ਪਾਣੀਆਂ ਦੇ ਮੁੱਦੇ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਸਰਬ ਪਾਰਟੀ ਮੀਟਿੰਗ ਬੁਲਾਈ
ਚੰਡੀਗੜ੍ਹ, 23 ਜਨਵਰੀ-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸਰਬ ਪਾਰਟੀ ਮੀਟਿੰਗ ਦੌਰਾਨ ਸੂਬੇ ਵਿੱਚ ਪਾਣੀ ਦੀ ਗੰਭੀਰ ਸਥਿਤੀ ‘ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਸੂਬੇ ਦੇ ਪਾਣੀ ਦੀ ਉਪਲਬਧਤਾ ਦਾ ਮੁੜ ਮੁਲਾਂਕਣ ਕਰਨ ਦੀ ਮੰਗ ਕੀਤੀ ਗਈ। ਇਸ ਦੇ ਨਾਲ ਹੀ ਸਮੂਹ ਪਾਰਟੀਆਂ ਨੇ ਸਰਬਸੰਮਤੀ ਨਾਲ ਸੰਕਲਪ ਲਿਆ ਕਿ ਭਾਰਤ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪੰਜਾਬ ਦੇ ਤਿੰਨ ਦਰਿਆਵਾਂ ਦਾ ਪਾਣੀ ਕਿਸੇ ਵੀ ਹਾਲਤ ਵਿੱਚ ਬੇਸਿਨ ਤੋਂ ਨਾਨ-ਬੇਸਿਨ ਇਲਾਕਿਆਂ ਵਿੱਚ ਤਬਦੀਲ ਨਾ ਕੀਤਾ ਜਾਵੇ।
ਸਾਰੀਆਂ ਹੀ ਪਾਰਟੀਆਂ ਨੇ ਸਰਬਸੰਮਤੀ ਨਾਲ ਨਵੇਂ ਟ੍ਰਿਬਿਊਨਲ ਦੀ ਸਥਾਪਨਾ ਲਈ ਪ੍ਰਸਤਾਵਿਤ ਅੰਤਰ-ਰਾਜੀ ਦਰਿਆਈ ਵਿਵਾਦ ਐਕਟ ਵਿੱਚ ਲੋੜੀਂਦੀਆਂ ਸੋਧਾਂ ਕਰਨ ਦੀ ਮੰਗ ਕੀਤੀ ਤਾਂ ਕਿ ਇਨਸਾਫ ਅਤੇ ਇਕਸਾਰਤਾ ਅਨੁਸਾਰ ਪੰਜਾਬ ਨੂੰ ਇਸ ਦੀ ਕੁੱਲ ਮੰਗ ਅਤੇ ਭਵਿੱਖੀ ਪੀੜ੍ਹੀਆਂ ਦੀ ਰੋਜ਼ੀ-ਰੋਟੀ ਨੂੰ ਸੁਰੱਖਿਅਤ ਕਰਨ ਲਈ ਵਾਧੂ ਪਾਣੀ ਮੁਹੱਈਆ ਕਰਵਾਇਆ ਜਾ ਸਕੇ।
ਮੀਟਿੰਗ ਵਿੱਚ ਪੜ੍ਹੇ ਗਏ ਮਤੇ ਮੁਤਾਬਕ, ”ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ ਅਤੇ ਜ਼ਮੀਨੀ ਪਾਣੀ ਦਾ ਪੱਧਰ ਤੇਜ਼ੀ ਨਾਲ ਘਟਣ ਕਰਕੇ ਅਤੇ ਦਰਿਆਈ ਪਾਣੀਆਂ ਦੀ ਕਮੀ ਕਾਰਨ ਪੰਜਾਬ ਦੇ ਮਾਰੂਥਲ ਬਣਨ ਦਾ ਖਦਸ਼ਾ ਹੈ। ਪੰਜਾਬ ‘ਚ ਧਰਤੀ ਹੇਠਲਾ ਪਾਣੀ ਜੋ ਸੂਬੇ ਦੀਆਂ 73 ਪ੍ਰਤੀਸ਼ਤ ਸਿੰਚਾਈ ਲੋੜਾਂ ਪੂਰੀਆਂ ਕਰਦਾ ਹੈ, ਹੁਣ ਬਹੁਤ ਥੱਲ੍ਹੇ ਜਾ ਚੁੱਕਾ ਹੈ ਜਿਸ ਕਾਰਨ ਕਿਸਾਨਾਂ ਅਤੇ ਗਰੀਬ ਲੋਕਾਂ ਦੀ ਰੋਜ਼ੀ-ਰੋਟੀ ਨੂੰ ਬਹੁਤ ਵੱਡਾ ਖਤਰਾ ਬਣਿਆ ਹੋਇਆ ਹੈ।
ਅਜਿਹੀ ਸਥਿਤੀ ਵਿੱਚ ਇਹ ਸਰਬਸੰਮਤੀ ਨਾਲ ਸੰਕਲਪ ਕੀਤਾ ਜਾਂਦਾ ਹੈ ਕਿ ਭਾਰਤ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾਵੇ ਕਿ ਪੰਜਾਬ ਦੇ ਦਰਿਆਈ ਪਾਣੀਆਂ ਨੂੰ ਤਿੰਨ ਦਰਿਆਵਾਂ (ਰਾਵੀ, ਸਤਲੁਜ ਅਤੇ ਬਿਆਸ) ਦੇ ਬੇਸਿਨ ਤੋਂ ਨਾਨ-ਬੇਸਿਨ ਇਲਾਕਿਆਂ ਵਿੱਚ ਦੁਨੀਆਂ ਭਰ ‘ਚ ਪ੍ਰਵਾਨਿਤ ਰਿਪੇਅਰੀਅਨ ਸਿਧਾਂਤ ਮੁਤਾਬਕ ਕਿਸੇ ਵੀ ਸੂਰਤ ਵਿੱਚ ਤਬਦੀਲ ਨਾ ਕੀਤਾ ਜਾਵੇ। ਇਸ ਸਬੰਧ ਵਿੱਚ ਢੁਕਵੇਂ ਬਦਲ, ਜਿਨ੍ਹਾਂ ਵਿੱਚ ਪਾਣੀਆਂ ਦੀ ਉਪਲਬਧਤਾ ਦਾ ਮੁੜ ਤੋਂ ਮੁਲਾਂਕਣ ਕਰਨ ਲਈ ਪ੍ਰਸਤਾਵਿਤ ਅੰਤਰ-ਰਾਜੀ ਦਰਿਆਈ ਪਾਣੀ ਵਿਵਾਦ ਐਕਟ ਅਧੀਨ ਨਵਾਂ ਟ੍ਰਿਬਿਊਨਲ ਸਥਾਪਤ ਕਰਨ ਸਬੰਧੀ ਸੋਧ ਕਰਨੀ ਵੀ ਸ਼ਾਮਲ ਹੈ, ਅੰਤਮ ਫੈਸਲੇ ਤੋਂ ਪਹਿਲਾਂ, ਲੱਭੇ ਅਤੇ ਵਿਕਸਤ ਕੀਤੇ ਜਾਣ ਤਾਂ ਜੋ ਇਨਸਾਫ ਅਤੇ ਇਕਸਾਰਤਾ ਅਨੁਸਾਰ ਪੰਜਾਬ ਨੂੰ ਇਸ ਦੀ ਕੁੱਲ ਮੰਗ ਅਤੇ ਭਵਿੱਖੀ ਪੀੜ੍ਹੀਆਂ ਦੀ ਰੋਜ਼ੀ-ਰੋਟੀ ਨੂੰ ਸੁਰੱਖਿਅਤ ਕਰਨ ਲਈ ਵਾਧੂ ਪਾਣੀ ਮੁਹੱਈਆ ਕਰਵਾਇਆ ਜਾ ਸਕੇ।”